ਬਠਿੰਡਾ: ਕਿਰਤੀ ਕਿਸਾਨ ਯੂਨੀਅਨ ਨੇ ਬਠਿੰਡਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਝੋਨੇ ਦੀ ਪਰਾਲੀ ਸੁੱਟ ਕੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਹੈ। ਇਹ ਪ੍ਰਦਰਸ਼ਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਜਾਣ ਵਾਲੇ ਕਿਸਾਨਾਂ 'ਤੇ ਹੋਏ ਪਰਚੇ ਦਰਜ ਦੇ ਵਿਰੋਧ 'ਚ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਝੋਨੇ ਦੀ ਪਰਾਲੀ ਜਲਾਏ ਜਾਣ ਨੂੰ ਲੈ ਕੇ ਕਿਸਾਨਾਂ ਦੇ ਉੱਤੇ ਲਗਾਤਾਰ ਹੋ ਰਹੇ ਮੁਕੱਦਮੇ ਦਰਜ ਤੋਂ ਬਾਅਦ ਵੀ ਪਰਾਲੀ ਦਾ ਮੁੱਦਾ ਗਰਮਾਇਆ ਹੋਇਆ ਹੈ।
ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਹਨੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਰਤੀ ਕਿਸਾਨ ਯੂਨੀਅਨ ਵੱਲੋਂ ਪੰਜਾਬ 'ਚ ਕਿਤੇ ਵੀ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਾਈ ਗਈ ਹੈ, ਉਹ ਵੀ ਚਾਹੁੰਦੇ ਹਨ ਕਿ ਵਾਤਾਵਰਣ ਸ਼ੁੱਧ ਰੱਖਿਆ ਜਾ ਸਕੇ। ਦੂਜੇ ਪਾਸੇ ਅਮਰਜੀਤ ਨੇ ਇਹ ਗੱਲ ਵੀ ਕਹੀ ਕਿ ਸਰਕਾਰ ਵੱਲੋਂ ਪਰਾਲੀ ਦਾ ਕੋਈ ਪੱਕਾ ਹੱਲ ਨਹੀਂ ਕੱਢਿਆ ਗਿਆ ਤੇ ਨਾਂ ਹੀ ਕਿਸੇ ਵੀ ਤਰ੍ਹਾਂ ਦੇ ਕੋਈ ਸੰਦ ਮੁਹੱਈਆ ਕਰਵਾਏ ਗਏ ਹਨ ਜਿਸ ਕਾਰਨ ਕਿਸਾਨ ਪਰਾਲੀ ਨੂੰ ਅੱਗ ਲਾਉਣ ਨੂੰ ਮਜਬੂਰ ਹੋ ਰਿਹਾ ਹੈ।
ਇਹ ਵੀ ਪੜੋ- 72 ਸਾਲ ਬਾਅਦ ਸੰਗਤ ਦੀ ਅਰਦਾਸ ਕਬੂਲ, ਖੁੱਲ੍ਹ ਗਿਆ ਕਰਤਾਰਪੁਰ ਲਾਂਘਾ
ਕਿਰਤੀ ਕਿਸਾਨ ਯੂਨੀਅਨ ਦੇ ਸਮੂਹ ਕਿਸਾਨਾਂ ਵੱਲੋਂ ਅਮਰਜੀਤ ਹਨੀ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਝੋਨੇ ਦੀ ਪਰਾਲੀ ਨੂੰ ਸੰਭਾਲਣ ਦੇ ਲਈ 100 ਰੁਪਿਆ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਨਿਰਦੇਸ਼ ਜਾਰੀ ਕੀਤੇ ਹਨ, ਪਰ ਉਸ ਦੀ ਵੀ ਪੰਜਾਬ ਸਰਕਾਰ ਵੱਲੋਂ ਕੋਈ ਕੀਮਤ ਅਦਾ ਨਹੀਂ ਕੀਤੀ ਜਾ ਰਹੀ। ਉਨ੍ਹਾਂ ਇਹ ਭਰੋਸਾ ਦਵਾਇਆ ਕਿ ਜੇਕਰ ਸੂਬਾ ਸਰਕਾਰ ਝੋਨੇ ਦੀ ਪਰਾਲੀ ਨੂੰ ਸਾਂਭਣ ਲਈ 100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕੀਮਤ ਅਦਾ ਕਰ ਦਿੰਦੀ ਹੈ, ਤਾਂ ਉਹ ਵਾਤਾਵਰਣ ਸ਼ੁੱਧ ਰੱਖਣ 'ਚ ਆਪਣੀ ਭੂਮਿਕਾ ਨਿਭਾ ਸਕਣਗੇ।
ਦੱਸਣਯੋਗ ਹੈ ਕਿ ਪਰਾਲੀ ਦਾ ਮਸਲਾ ਪੰਜਾਬ ਦਾ ਗੰਭੀਰ ਮਸਲਾ ਹੈ ਤੇ ਸੂਬਾ ਸਰਕਾਰਾਂ ਨੂੰ ਕੇਂਦਰ ਸਰਕਾਰ ਨਾਲ ਰਲ ਕੇ ਇਸ ਦਾ ਪੱਕਾ ਹੱਲ ਲੱਭਣ ਦੀ ਕੋਸ਼ਿਸ ਕਰਨੀ ਚਾਹੀਦੀ ਹੈ ਤਾਂ ਜੋ ਕਿਸਾਨ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਨਾ ਹੋ ਸਕੇ।