ਬਠਿੰਡਾ: ਦੇਸ਼ ਵਿੱਚ ਕੋਰੋਨਾ ਵਾਇਰਸ ਵਰਗੀ ਫੈਲੀ ਮਹਾਮਾਰੀ ਕਰਕੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪਿੰਡ ਬਾਦਲ ਵਿਖੇ ਸਥਿਤ ਕੋਈ ਵੀ ਉਨ੍ਹਾਂ ਦੇ ਘਰ ਦੁੱਖ ਪ੍ਰਗਟ ਕਰਨ ਲਈ ਨਾ ਆਵੇ।
ਦੱਸ ਦਈਏ, ਵਿੱਤ ਮੰਤਰੀ ਦੇ ਪਰਿਵਾਰ ਨੇ ਇਹ ਫ਼ੈਸਲਾ ਕੋਰੋਨਾ ਵਾਇਰਸ ਵਰਗੀ ਮਹਾਮਾਰੀ ਦੇ ਫੈਲਾਅ ਕਰਕੇ ਲਿਆ ਹੈ। ਇਸ ਦੇ ਨਾਲ ਹੀ ਉਹ ਕੋਈ ਧਾਰਮਿਕ ਜਾਂ ਸਮਾਜਿਕ ਸਮਾਗਮ ਵੀ ਆਪਣੇ ਘਰ ਵਿੱਚ ਹੀ ਕਰਨਗੇ।
ਇੱਥੇ ਦੱਸਣਾ ਬਣਦਾ ਹੈ ਕਿ ਪੂਰੇ ਦੇਸ਼ ਵਿੱਚ ਕੋਰੋਨਾ ਵਾਇਰਸ ਕਰਕੇ ਹਾਹਾਕਾਰ ਮਚੀ ਹੋਈ ਹੈ ਤੇ ਜਿਸ ਤੋਂ ਬਚਾਅ ਲਈ ਪੰਜਾਬ ਸਰਕਾਰ ਨੇ ਕਈ ਸਖ਼ਤ ਕਦਮ ਚੁੱਕੇ ਹਨ। ਇਸ ਤਹਿਤ ਭਾਰੀ ਇਕੱਠ ਦੀ ਮਨਾਹੀ ਕੀਤੀ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਮਨਪ੍ਰੀਤ ਬਾਦਲ ਨੇ ਉਨ੍ਹਾਂ ਦੀ ਮਾਤਾ ਜੀ ਦੇ ਸਵਰਗਵਾਸ ਹੋਣ ਦਾ ਅਫ਼ਸੋਸ ਜ਼ਾਹਿਰ ਕਰਨ ਲਈ ਘਰ ਨਾ ਆਉਣ ਦੀ ਅਪੀਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਉਨ੍ਹਾਂ ਦੀ ਮਾਤਾ ਹਰਮਿੰਦਰ ਕੌਰ ਦਾ ਦਿਹਾਂਤ ਹੋ ਗਿਆ ਸੀ ਜਿਸ ਤੋਂ ਬਾਅਦ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਸਤੇ ਕਈ ਲੋਕ ਉਨ੍ਹਾਂ ਦੇ ਪਿੰਡ ਬਾਦਲ ਵਿਖੇ ਪਹੁੰਚ ਰਹੇ ਹਨ।