ਬਠਿੰਡਾ: ਕਾਂਗਰਸ ਪਾਰਟੀ ਦੇ 135ਵੇਂ ਸਥਾਪਨਾ ਦਿਵਸ ਮੌਕੇ ਜਿੱਥੇ ਪੂਰੇ ਦੇਸ਼ ਭਰ ਦੇ ਵਿੱਚ ਕਾਂਗਰਸ ਪਾਰਟੀ ਵੱਲੋਂ ਜਸ਼ਨ ਮਨਾਇਆ ਜਾ ਰਿਹਾ ਹੈ ਉੱਥੇ ਹੀ ਬਠਿੰਡਾ ਵਿੱਚ ਵੀ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਵੀ ਆਪਣੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨਾਲ ਮਿਲ ਕੇ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਲੱਡੂ ਵੰਡ ਕੇ ਖ਼ੁਸ਼ੀ ਜ਼ਾਹਿਰ ਕੀਤੀ।
ਇਸ ਮੌਕੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸਮੁੱਚੀ ਕਾਂਗਰਸ ਪਾਰਟੀ ਅਤੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਹੋਰ ਗਹਿਰੇ ਯਤਨ ਕਰੇਗੀ।
ਇਸ ਦੌਰਾਨ ਮਨਪ੍ਰੀਤ ਸਿੰਘ ਬਾਦਲ ਨੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 'ਤੇ ਲੱਗ ਰਹੇ ਆਰੋਪਾਂ ਨੂੰ ਬੇਬੁਨਿਆਦ ਦੱਸਿਆ। ਉਨ੍ਹਾਂ ਕਿਹਾ ਕਿ ਸੁਖਜਿੰਦਰ ਰੰਧਾਵਾ ਪੰਜਾਬ ਪੁਲਿਸ ਵੱਲੋਂ ਬੇਕਸੂਰ ਪਾਏ ਗਏ ਹਨ ਅਤੇ ਉਹ ਬਿਲਕੁਲ ਪਾਕ ਹਨ।
ਇਹ ਵੀ ਪੜ੍ਹੋ: ਕਾਂਗਰਸ ਸਥਾਪਨਾ ਦਿਵਸ: ਸੋਨੀਆ ਗਾਂਧੀ ਨੇ AICC ਮੁੱਖ ਦਫ਼ਤਰ ਵਿਖੇ ਲਹਿਰਾਇਆ ਰਾਸ਼ਟਰੀ ਝੰਡਾ
ਦੂਜੇ ਪਾਸੇ ਮਨਪ੍ਰੀਤ ਬਾਦਲ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਦੇ ਹੱਕ ਵਿੱਚ ਬੋਲਣ 'ਤੇ ਉਨ੍ਹਾਂ ਨੂੰ ਕਰੜੇ ਹੱਥੀ ਲਿਆ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਦੇ ਬਨਣ ਨਾਲ ਦੇਸ਼ ਵਿੱਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਬਿਗੜ ਚੁੱਕੀ ਹੈ ਅਤੇ ਸੁਖਬੀਰ ਬਾਦਲ ਇਸ ਦੇ ਹੱਕ ਵਿੱਚ ਖੜੇ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਭਰ ਵਿੱਚ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਬਿਗੜੇ ਹਾਲਾਤਾਂ ਕਾਰਨ ਜਾਪਾਨ ਦੇ ਪ੍ਰਧਾਨ ਮੰਤਰੀ ਨੇ ਆਪਣਾ ਸਰਕਾਰੀ ਦੌਰਾ ਵੀ ਰੱਦ ਕਰ ਦਿੱਤਾ ਸੀ। ਇਸ ਦੇ ਨਾਲ ਹੀ ਅਮਰੀਕਾ ਵਿੱਚ ਭਾਰਤ ਦੇ ਇਸ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿੱਚ ਲੋਕ ਸੜਕਾਂ 'ਤੇ ਹਨ।