ਬਠਿੰਡਾ: ਖੇਤੀ ਆਰਡੀਨੈਂਸਾਂ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਦਾ ਰੋਹ ਇਸ ਕਦਰ ਵਧ ਚੁੱਕਾ ਹੈ ਕਿ ਉਹ ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਆਪਣੀ ਜਾਨ ਤੱਕ ਦੇਣ 'ਤੇ ਉਤਾਰੂ ਹੋ ਚੁੱਕੇ ਹਨ। ਪਿੰਡ ਬਾਦਲ ਵਿੱਚ ਇਨ੍ਹਾਂ ਕੇਂਦਰ ਸਰਕਾਰ ਦੇ ਆਰਡੀਨੈਂਸਾਂ ਦੇ ਵਿਰੋਧ ਵਿੱਚ ਬਾਦਲ ਪਰਿਵਾਰ ਦੇ ਘਰ ਅੱਗੇ ਲੱਗੇ ਧਰਨੇ ਵਿੱਚ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਕਿਸਾਨ ਪ੍ਰੀਤਮ ਸਿੰਘ ਨੇ ਧਰਨੇ ਦੌਰਾਨ ਹੀ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਸੀ ਅਤੇ ਉਸ ਨੂੰ ਗੰਭੀਰ ਹਾਲਤ ਵਿੱਚ ਬਠਿੰਡਾ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨਾਲ ਸਬੰਧਤ 60 ਸਾਲਾ ਕਿਸਾਨ ਪ੍ਰੀਤਮ ਸਿੰਘ ਜੋ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਅੱਕਾਵਾਲੀ ਦਾ ਰਹਿਣ ਵਾਲਾ ਹੈ ਅਤੇ ਇਨ੍ਹਾਂ ਕਿਸਾਨ ਮਾਰੂ ਆਰਡੀਨੈਂਸਾਂ ਦਾ ਲਗਾਤਾਰ ਵਿਰੋਧ ਕਰ ਰਿਹਾ ਹੈ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਆਗੂਆਂ ਨੇ ਦੱਸਿਆ ਕਿ ਕਿਸਾਨ ਮਾਰੂ ਆਰਡੀਨੈਂਸਾਂ ਦੇ ਵਿਰੋਧ ਵਿੱਚ ਪ੍ਰੀਤਮ ਸਿੰਘ ਨੇ ਇਹ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਪ੍ਰਤੀਮ ਸਿੰਘ ਪਹਿਲੇ ਦਿਨ ਤੋਂ ਹੀ ਇਸ ਵਿਰੋਧ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਪ੍ਰੀਤਮ ਸਿੰਘ 15 ਲੱਖ ਦਾ ਕਰਜ਼ਦਾਰ ਹੈ।