ਬਠਿੰਡਾ: ਪਰਾਲੀ ਦਾ ਮੁੱਦਾ ਇਸ ਵੇਲੇ ਪੰਜਾਬ ਵਿੱਚ ਭੱਖਿਆ ਹੋਇਆ ਹੈ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਝੋਨੇ ਦੀ ਪਰਾਲੀ ਨੂੰ ਕਿਸਾਨਾਂ ਵੱਲੋਂ ਅੱਗ ਲਗਾਈ ਜਾ ਰਹੀ ਹੈ। ਬਠਿੰਡਾ ਦੇ ਪਿੰਡ ਕੋਠੇ ਨੱਥਾ ਸਿੰਘ ਵਾਲਾ ਵਿੱਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਰਹਿਨੁਮਾਈ ਹੇਠ ਕਿਸਾਨਾਂ ਨੇ ਅੱਜ 100 ਏਕੜ ਦੇ ਕਰੀਬ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਹੈ।
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਈ ਸਾਲਾਂ ਤੋਂ ਪੰਜਾਬ ਦੇ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਂਦੇ ਆ ਰਿਹਾ ਹਨ ਪਰ ਸੂਬਾ ਅਤੇ ਕੇਂਦਰ ਸਰਕਾਰ ਨੇ ਅਜੇ ਤੱਕ ਇਸ ਦੇ ਲਈ ਕੋਈ ਹੱਲ ਨਹੀਂ ਕੱਢਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਛੋਟੇ ਕਿਸਾਨਾਂ ਨੂੰ ਪਰਾਲੀ ਵਹਾਉਣ ਦੇ ਲਈ ਸਬਸਿਡੀ ਮੁਹੱਈਆ ਕਰਾਉਣ ਤੇ ਮੁਆਵਜ਼ਾ ਦੇਣ ਦੀ ਗੱਲ ਆਖੀ ਸੀ ਪਰ ਨਾਂ ਤਾਂ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਸੰਦ ਮੁਹੱਈਆ ਕਰਵਾਏ ਹਨ ਤੇ ਨਾ ਹੀ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਹੈ।
ਕੇਂਦਰ ਸਰਕਾਰ ਨੇ ਪਰਾਲੀ ਦੇ ਮੁੱਦੇ ਉੱਤੇ ਲਿਆਦੇ ਆਰਡੀਨੈਂਸ ਉੱਤੇ ਬੋਲਦੇ ਹੋਏ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਨੋਟਿਸ ਜਾਰੀ ਕਰ ਦੇਵੇ ਜਦੋਂ ਉਹ ਦਿੱਲੀ ਆਉਣਗੇ ਤਾਂ ਇੱਕ ਕਰੋੜ ਰੁਪਏ ਨਾਲ ਕਿਸਾਨਾਂ ਦੀ ਸੰਖਿਆ ਨੂੰ ਗੁਣਾਂ ਕਰ ਲੈਣ ਜਿਸ ਤੋਂ ਬਾਅਦ ਉਨ੍ਹਾਂ ਨੂੰ ਅਸੀਂ ਉਸ ਦੀ ਰਕਮ ਅਦਾ ਕਰ ਆਵਾਂਗੇ।
ਕਿਸਾਨ ਨੇ ਕਿਹਾ ਕਿ ਮੋਦੀ ਸਰਕਾਰ ਆਪਣੇ ਏ.ਸੀ ਵਾਲੇ ਕਮਰਿਆਂ ਵਿੱਚ ਬੈਠ ਕੇ ਨਵੇਂ ਤੋਂ ਨਵੇਂ ਕਾਨੂੰਨ ਬਣਾਉਂਦੀ ਹੈ ਜਦਕਿ ਕਿਸਾਨ ਕਿਸ ਤਰ੍ਹਾਂ ਆਪਣੀ ਫ਼ਸਲ ਪੈਦਾ ਕਰਦਾ ਹੈ ਇਹ ਕੋਈ ਨਹੀਂ ਜਾਣਦਾ। ਉਨ੍ਹਾਂ ਨੇ ਮੋਦੀ ਸਰਕਾਰ ਦੇ ਉੱਤੇ ਜੰਮ ਕੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਉਹ ਪੰਜਾਬ ਦੇ ਕਿਸਾਨਾਂ ਨੂੰ ਬੇਸ਼ੱਕ ਗੋਲੀ ਮਾਰ ਦੇਣ ਜਾਂ ਫਾਂਸੀ ਦੀ ਸਜ਼ਾ ਸੁਣਾ ਦੇਵੇ ਕਿਉਂਕਿ ਪੰਜਾਬ ਦੇ ਕਿਸਾਨਾਂ ਕੋਲ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਇਲਾਵਾ ਕੋਈ ਦੂਸਰਾ ਰਾਹ ਨਹੀਂ ਹੈ।