ਬਠਿੰਡਾ: ਦੇਸ਼ ਵਿੱਚ ਲਗਾਤਾਰ ਵਧ ਰਹੀਆਂ ਤੇਲ ਦੀਆਂ ਕੀਮਤਾਂ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਕਈ ਪਾਰਟੀਆ ਅਤੇ ਲੀਡਰਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਨੂੰ ਦਿਨੋਂ ਦਿਨ ਵਧ ਰਹੀਆਂ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਲਗਾਤਾਰ ਘੇਰਿਆ ਜਾ ਰਿਹਾ ਹੈ। ਇਸੇ ਦੇ ਚੱਲਦੇ ਸਾਬਕਾ ਲੋਕ ਸਭਾ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ ਸੌਂਪਿਆ ਗਿਆ।
ਭਾਜਪਾ ਸਰਕਾਰ ਕਾਰਨ ਵਧ ਰਹੀ ਮਹਿੰਗਾਈ
ਸਾਬਕਾ ਐੱਮਪੀ ਗੁਲਸ਼ਨ ਨੇ ਕਿਹਾ ਕਿ ਜਦੋਂ ਦੀ ਭਾਜਪਾ ਸਰਕਾਰ ਕੇਂਦਰ ਵਿੱਚ ਆਈ ਹੈ ਉਦੋਂ ਤੋਂ ਹੀ ਹਰੇਕ ਚੀਜ਼ ਦਾ ਭਾਅ ਵਧਦਾ ਜਾ ਰਿਹਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪਹਿਲਾਂ ਉਹ ਚੰਡੀਗੜ੍ਹ ਤੋਂ ਬਠਿੰਡਾ 1500 ਦਾ ਤੇਲ ਪੁਆ ਕੇ ਆਉਂਦੇ ਸੀ ਤੇ ਹੁਣ ਉਨ੍ਹਾਂ ਨੂੰ 3600 ਰੁਪਏ ਦਾ ਤੇਲ ਪੁਆ ਕੇ ਆਉਣਾ ਪੈ ਰਿਹਾ ਹੈ। ਭਾਜਪਾ ਸਰਕਾਰ ਗ਼ਰੀਬ ਲੋਕਾਂ ਉੱਤੇ ਬੋਝ ਪਾ ਰਹੀ ਹੈ। ਕੋਰੋਨਾ ਕਾਰਨ ਪਹਿਲਾਂ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ ਤੇ ਸਰਕਾਰ ਵੱਲੋਂ ਲੋਕਾਂ ’ਤੇ ਹੋਰ ਬੋਝ ਪਾਇਆ ਜਾ ਰਿਹਾ ਹੈ।
ਤੇਲ ਦੀਆਂ ਵਧ ਰਹੀਆਂ ਕੀਮਤਾਂ ਨੂੰ ਰੋਕਣਾ ਚਾਹੀਦਾ ਹੈ
ਸਾਬਕਾ ਐਮ ਪੀ ਨੇ ਕਿਹਾ ਕਿ ਤੇਲ ਦੀਆਂ ਕੀਮਤਾਂ ਦੇ ਵਧਣ ਨਾਲ ਹਰ ਚੀਜ਼ਾਂ ਦੇ ਰੇਟ ਵੀ ਵਧਣਗੇ ਇਸ ਕਰਕੇ ਸਰਕਾਰ ਨੂੰ ਤੇਲ ਦੀਆਂ ਕੀਮਤਾਂ ਜਲਦ ਤੋਂ ਜਲਦ ਘਟਾਉਣੀਆਂ ਚਾਹੀਦੀਆਂ ਹਨ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਆਮ ਲੋਕਾਂ ਨੂੰ ਆਉਣ ਵਾਲੇ ਸਮੇਂ ’ਤੇ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜੋ: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਸਥਿਰ, ਜਾਣੋ ਪੰਜਾਬ ਵਿੱਚ ਰੇਟ
ਮੋਦੀ ਸਰਕਾਰ ਕਿਸਾਨਾਂ ਦੀ ਨਹੀਂ ਲੈ ਰਹੀ ਸਾਰ
ਇਸ ਤੋਂ ਇਲਾਵਾ ਸਾਬਕਾ ਐੱਮਪੀ ਨੇ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਬਾਰਡਰ ’ਤੇ ਚਲ ਰਹੇ ਕਿਸਾਨਾਂ ਦੇ ਸੰਘਰਸ਼ ’ਤੇ ਵੀ ਮੋਦੀ ਸਰਕਾਰ ਨੂੰ ਘੇਰਿਆ ਉਨ੍ਹਾਂ ਨੇ ਕਿਹਾ ਕਿ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ ਪਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਦੀ ਇੱਕ ਵਾਰ ਵੀ ਸਾਰ ਨਹੀਂ ਲਈ ਹੈ। ਸਰਕਾਰ ਨੂੰ ਕਿਸਾਨਾਂ ਦੀ ਮੰਗਾਂ ਨੂੰ ਮੰਨ ਲੈਣਾ ਚਾਹੀਦਾ ਹੈ ਤਾਂ ਕਿ ਕਿਸਾਨ ਆਪਣੇ ਘਰ ਜਾ ਸਕਣ।