ਬਠਿੰਡਾ: ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਦਾ ਸਮਾਂ ਜਿਉਂ-ਜਿਉਂ ਨੇੜੇ ਆ ਰਿਹਾ ਹੈ ਤਿਉਂ-ਤਿਉਂ ਸੰਘਰਸ਼ੀਲ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਬਠਿੰਡਾ ਸ਼ਹਿਰੀ ਵਿਧਾਨ ਸਭਾ ਹਲਕਾ ਦੀ ਗੱਲ ਕਰੀਏ ਤਾਂ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਨੂੰ ਪੰਜਾਬ ਦੇ ਮੌਜੂਦਾ ਹਾਲਾਤਾਂ ਲਈ ਜ਼ਿੰਮੇਵਾਰ ਦੱਸਿਆ ਹੈ।
ਹੈਲਥ ਵਿਭਾਗ ਵਿੱਚ ਠੇਕੇਦਾਰੀ ਸਿਸਟਮ ‘ਤੇ ਕੰਮ ਕਰ ਰਹੇ ਗਗਨਦੀਪ ਸਿੰਘ ਨੇ ਕਿਹਾ ਸਿਆਸੀ ਪਾਰਟੀਆਂ ਆਮ ਲੋਕਾਂ ਨੂੰ ਗਲੀਆਂ ਨਾਲੀਆਂ ਦੇ ਵਿਕਾਸ ‘ਤੇ ਹੀ ਉਲਝਾ ਰੱਖਿਆ ਹੈ ਜਦੋਂ ਕਿ ਸਿਹਤ ਸਹੂਲਤਾਂ ਤੇ ਸਿੱਖਿਆ ਖੇਤਰ ਵਿੱਚ ਵੱਡੀ ਪੱਧਰ ‘ਤੇ ਨਿਘਾਰ ਆ ਰਿਹਾ ਹੈ ਪਰ ਸਿਆਸੀ ਪਾਰਟੀਆਂ ਇਨ੍ਹਾਂ ਗੱਲਾਂ ਵੱਲ ਲੋਕਾਂ ਦਾ ਧਿਆਨ ਨਹੀਂ ਜਾਣ ਦਿੰਦੀਆਂ।
ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਜਾਰੀ ਕੀਤੇ ਜਾਂਦੇ ਚੋਣ ਮੈਨੀਫੈਸਟੋ (Election Manifesto) ਨੂੰ ਕਾਨੂੰਨੀ ਪੱਤਰ ਵਜੋਂ ਮਾਨਤਾ ਦਿੱਤੀ ਜਾਣੀ ਚਾਹੀਦੀ ਹੈ ਅਤੇ ਜੋ ਵੀ ਸਿਆਸੀ ਪਾਰਟੀ ਇਨ੍ਹਾਂ ਚੋਣ ਵਾਅਦਿਆਂ ਨੂੰ ਪੂਰਾ ਨਹੀਂ ਕਰਦੀ ਉਸ ਦੀ ਮਾਨਤਾ ਰੱਦ ਕਰ ਕੇ ਪਾਰਟੀ ਪ੍ਰਧਾਨ ਪ੍ਰਧਾਨ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ।
ਅਧਿਆਪਕ ਯੂਨੀਅਨ ਦੇ ਆਗੂ ਨੇ ਕਿਹਾ ਕਿ ਸਿੱਖਿਆ ਦਾ ਮਿਆਰ ਲਗਾਤਾਰ ਡਿੱਗ ਰਿਹਾ ਹੈ ਸਰਕਾਰੀ ਅਦਾਰਿਆਂ ਦਾ ਲਗਾਤਾਰ ਨਿੱਜੀਕਰਨ ਕੀਤਾ ਜਾ ਰਿਹਾ ਹੈ ਤਾਂ ਜੋ ਪ੍ਰਾਈਵੇਟ ਸੈਕਟਰ ਨੂੰ ਬੜਾਵਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਵਿਚ ਨਵੀਂ ਭਰਤੀ ਨਹੀਂ ਕੀਤੀ ਜਾ ਰਹੀ ਜਿਸ ਕਾਰਨ ਸਕੂਲਾਂ ਚ ਅਸਾਮੀਆਂ ਖਾਲੀ ਪਈਆਂ ਹਨ ਜਿਸ ਕਾਰਨ ਸਿੱਖਿਆ ਦਾ ਮਿਆਰ ਲਗਾਤਾਰ ਡਿੱਗ ਰਿਹਾ ਹੈ ਪਰ ਸਿਆਸੀ ਪਾਰਟੀਆਂ ਸਿਰਫ਼ ਕਾਗਜ਼ਾਂ ਵਿਚ ਹੀ ਵਿਕਾਸ ਕਰ ਰਹੀਆਂ ਹਨ।
ਇਸੇ ਤਰ੍ਹਾਂ ਕਿਸਾਨ ਆਗੂ ਅਮਰਜੀਤ ਸਿੰਘ ਹਨੀ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਲਈ ਸਾਰੀਆਂ ਹੀ ਸਿਆਸੀ ਪਾਰਟੀਆਂ ਜ਼ਿੰਮੇਵਾਰ ਹਨ ਭਾਵੇਂ ਦੇਸ਼ ਨੂੰ ਆਜ਼ਾਦ ਹੋਏ ਪਚੱਤਰ ਸਾਲ ਦਾ ਸਮਾਂ ਬੀਤ ਚੁੱਕਿਆ ਹੈ ਪਰ ਅੱਜ ਲੋਕਾਂ ਨੂੰ ਦੋ ਰੁਪਏ ਕਿੱਲੋ ਵਾਲੀ ਕਣਕ ਰਾਹੀਂ ਭਰਮਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਜੋ ਸੂਬਾ ਦੇਸ਼ ਦੇ ਅੰਨਦਾਤੇ ਵਜੋਂ ਮਸ਼ਹੂਰ ਸੀ ਅੱਜ ਉਸ ਦੇ ਵਾਸੀਆਂ ਨੂੰ ਮੁਫ਼ਤ ਦਾ ਲਾਲਚ ਦੇ ਕੇ ਭਰਮਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ। ਕਿਸਾਨ ਆਗੂ ਨੇ ਕਿਹਾ ਕਿ ਸਾਰੀਆਂ ਹੀ ਸਿਆਸੀ ਪਾਰਟੀਆਂ ਪੰਜਾਬ ਦੇ ਮੌਜੂਦਾ ਹਾਲਾਤਾਂ ਲਈ ਜ਼ਿੰਮੇਵਾਰ ਹਨ ਜਿਨ੍ਹਾਂ ਵੱਲੋਂ ਲਗਾਤਾਰ ਆਪਣੀਆਂ ਜੇਬਾਂ ਭਰਨ ‘ਤੇ ਜ਼ੋਰ ਦਿੱਤਾ ਅਤੇ ਆਮ ਲੋਕਾਂ ਨੂੰ ਬਣਦੀਆਂ ਸਹੂਲਤਾਂ ਨਹੀਂ ਦਿੱਤੀਆਂ ।
ਇਹ ਵੀ ਪੜ੍ਹੋ:ਪੰਜਾਬ ‘ਚ ਚੋਣਾਂ ਤੋਂ ਪਹਿਲਾਂ RSS ‘ਤੇ ਕਿਉਂ ਉੱਠੇ ਸਵਾਲ, ਵੇਖੋ ਖਾਸ ਰਿਪੋਰਟ