ਬਠਿੰਡਾ: ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਵੱਲੋਂ ਸ਼ੁਕਰਵਾਰ ਨੂੰ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਮੋਰਚਾ ਆਗੂ ਸੰਦੀਪ ਅਗਰਵਾਲ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਦੀ ਅਗਵਾਈ ਹੇਠ ਮੱਥੇ ਉਪਰ ਕਾਲੀਆਂ ਪੱਟੀਆਂ ਬੰਨ੍ਹ ਕੇ ਪੰਜਾਬ ਸਰਕਾਰ ਖਿਲਾਫ਼ ਰੋਸ ਜ਼ਾਹਰ ਕਰਦਿਆਂ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਤੱਕ ਪਹੁੰਚੇ।
ਸੰਦੀਪ ਅਗਰਵਾਲ ਨੇ ਕਾਂਗਰਸ ਪਾਰਟੀ ਨੂੰ ਜ਼ਹਿਰੀਲੀ ਸ਼ਰਾਬ ਦੇ ਨਾਲ ਸੂਬੇ ਦੇ ਵਿੱਚ ਹੋਈਆਂ ਮੌਤਾਂ ਦਾ ਜ਼ਿੰਮੇਵਾਰ ਦੱਸਿਆ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਆਪਣੇ ਵੱਡੇ ਲੀਡਰਾਂ ਨੂੰ ਬਚਾਉਣ ਦੇ ਲਈ ਪੁਲਿਸ ਮੁਲਾਜ਼ਮ ਅਤੇ ਛੋਟੇ ਨੁਮਾਇੰਦਿਆਂ ਤੇ ਕਾਰਵਾਈ ਕਰ ਰਹੀ ਹੈ ਜਿਸ ਦੇ ਰੋਸ ਵੱਜੋਂ ਅੱਜ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਵੱਲੋਂ ਸੂਬੇ ਭਰ ਵਿੱਚ ਸੂਬਾ ਸਰਕਾਰ ਦਾ ਵਿਰੋਧ ਕਰ ਰਹੀ ਹੈ।
ਬੀਜੇਪੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਵੀ ਕਾਂਗਰਸ ਪਾਰਟੀ 'ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਸ਼ਮਸ਼ੇਰ ਸਿੰਘ ਦੂਲੋ ਕਾਂਗਰਸ ਪਾਰਟੀ ਦੇ ਸਭ ਤੋਂ ਪੁਰਾਣੇ ਲੀਡਰ ਹਨ, ਜਿਨ੍ਹਾਂ ਨੇ ਕਾਂਗਰਸ ਪਾਰਟੀ ਦੇ ਹੀ ਲੀਡਰਾਂ ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਤੋਂ ਇਹ ਸਾਬਤ ਹੁੰਦਾ ਹੈ ਕਿ ਕਾਂਗਰਸ ਪਾਰਟੀ ਜ਼ਹਿਰੀਲੀ ਸ਼ਰਾਬ ਵੇਚਣ ਵਿੱਚ ਆਪਣਾ ਕਿਰਦਾਰ ਅਦਾ ਕਰ ਰਹੀ ਹੈ।
ਜ਼ਿਲ੍ਹਾ ਉਪ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦੀ ਵੀ ਮੰਗ ਕੀਤੀ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਇਸ ਦੇ ਸਬੰਧ ਵਿੱਚ ਉਹ ਕੇਂਦਰ ਦੀ ਸਰਕਾਰ ਨੂੰ ਵੀ ਲਿਖਣਗੇ ਤਾਂ ਜੋ ਕਾਂਗਰਸ ਸਰਕਾਰ ਨੂੰ ਬਰਖ਼ਾਸਤ ਕਰ ਸੂਬੇ ਦੇ ਵਿੱਚ ਗਵਰਨਰ ਰਾਜ ਲਿਆਂਦਾ ਜਾ ਸਕੇ ਅਤੇ ਪੰਜਾਬ ਨੂੰ ਬਚਾਇਆ ਜਾ ਸਕੇ।