ਬਠਿੰਡਾ: ਡੀ.ਟੀ.ਐਫ਼ ਅਧਿਆਪਕ ਯੂਨੀਅਨ ਵੱਲੋਂ ਬਠਿੰਡਾ ਦੇ ਡੀਸੀ ਦਫ਼ਤਰ ਦੇ ਬਾਹਰ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਖ਼ਿਲਾਫ਼ ਰੋਸ ਜ਼ਾਹਰ ਕੀਤਾ ਗਿਆ। ਅਧਿਆਪਕ ਯੂਨੀਅਨ ਉਨ੍ਹਾਂ ਨੂੰ ਮਿਲਣਾ ਚਾਹੁੰਦੇ ਸਨ ਪਰ ਉਹ ਬਿਨਾਂ ਮਿਲੇ ਹੋਏ ਨਿਕਲ ਗਏ ਜਿਸ ਕਰਕੇ ਅਧਿਆਪਕਾਂ ਵਿੱਚ ਉਨ੍ਹਾਂ ਦੇ ਖ਼ਿਲਾਫ਼ ਰੋਸ ਪਾਇਆ ਜਾ ਰਿਹਾ ਸੀ ।
ਜ਼ਿਕਰਯੋਗ ਹੈ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਬਠਿੰਡਾ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਇਕ ਬੈਠਕ ਕਰਨ ਆਏ ਹੋਏ ਸਨ। ਅਧਿਆਪਕ ਉਨ੍ਹਾਂ ਨੂੰ ਮਿਲਣ ਵਾਸਤੇ ਕਾਫੀ ਲੰਬੇ ਸਮੇਂ ਤੋਂ ਬਾਹਰ ਖੜ੍ਹੇ ਉਨ੍ਹਾਂ ਦਾ ਇੰਤਜ਼ਾਰ ਕਰਦੇ ਰਹੇ। ਉਨ੍ਹਾਂ ਨੂੰ ਭਰੋਸਾ ਦਵਾਇਆ ਗਿਆ ਕਿ ਮੀਟਿੰਗ ਤੋਂ ਬਾਅਦ ਸੈਕਟਰੀ ਕ੍ਰਿਸ਼ਨ ਕੁਮਾਰ, ਯੂਨੀਅਨ ਦੇ ਨਾਲ ਮਿਲ ਕੇ ਉਨ੍ਹਾਂ ਦੀ ਗੱਲ ਸੁਣਨਗੇ ਪਰ ਅਜਿਹਾ ਨਹੀਂ ਹੋ ਸਕਿਆ ਜਿਸ ਕਰਕੇ ਅਧਿਆਪਕਾਂ ਵਿੱਚ ਸਕੱਤਰ ਦੇ ਖਿਲਾਫ ਰੋਸ ਪਨਪ ਗਿਆ ਤੇ ਉਨ੍ਹਾਂ ਨੇ ਨਾਅਰੇਬਾਜ਼ੀ ਵੀ ਕੀਤੀ ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਦੀ ਕਈ ਮੰਗਾਂ ਹਨ ਜੋ ਕਿ ਕਾਫ਼ੀ ਸਮੇਂ ਤੋਂ ਲਟਕਦੀ ਆ ਰਹੀਆਂ ਹਨ । ਸਿੱਖਿਆ ਵਿਭਾਗ ਉਨ੍ਹਾਂ ਦੀ ਮੰਗਾਂ ਨੂੰ ਪੂਰਾ ਨਹੀਂ ਕਰ ਰਿਹਾ ਹੈ। ਇਸ ਕਰਕੇ ਉਹ ਸਿੱਖਿਆ ਵਿਭਾਗ ਦੇ ਸੈਕਟਰੀ ਕ੍ਰਿਸ਼ਨ ਕੁਮਾਰ ਨਾਲ ਮਿਲ ਕੇ ਆਪਣੀ ਮੰਗਾਂ ਸਬੰਧੀ ਇੱਕ ਮੰਗ ਪੱਤਰ ਵੀ ਦੇਣਾ ਚਾਹੁੰਦੇ ਸਨ। ਅਧਿਆਪਕਾਂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਸਬੰਧੀ ਕਈ ਵਾਰ ਮੰਗ ਪੱਤਰ ਵੀ ਦੇ ਚੁੱਕੇ ਹਨ ਪਰ ਵਿਭਾਗ ਨੇ ਉਨ੍ਹਾਂ ਦੀ ਸਾਰ ਤੱਕ ਨਹੀਂ ਲਈ, ਅੱਜ ਉਨ੍ਹਾਂ ਨੂੰ ਉਮੀਦ ਸੀ ਕਿ ਉਨ੍ਹਾਂ ਦੀ ਗੱਲ ਸੁਣੀ ਜਾਵੇਗੀ। ਇਸ ਉਮੀਦ ਨੂੰ ਲੈ ਕੇ ਉਹ ਬਠਿੰਡਾ ਦੇ ਡੀਸੀ ਦਫ਼ਤਰ ਦੇ ਬਾਹਰ ਪੁੱਜੇ ਸਨ ਪਰ ਕਈ ਘੰਟੇ ਇੰਤਜ਼ਾਰ ਕਰਨ ਤੋਂ ਬਾਅਦ ਉਨ੍ਹਾਂ ਦੇ ਹੱਥ ਖਾਲੀ ਰਹੇ।