ਬਠਿੰਡਾ: ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚੋਂ ਰਿਟਾਇਰਡ ਹੋਏ ਪੈਨਸ਼ਨਰਾਂ ਨੇ ਡੀਸੀ ਦਫਤਰ ਬਠਿੰਡਾ ਅੱਗੇ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਬਠਿੰਡਾ ਇਕਾਈ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਡੀਸੀ ਬਠਿੰਡਾ ਰਾਹੀਂ ਮੰਗ ਪੱਤਰ ਪੰਜਾਬ ਸਰਕਾਰ ਨੂੰ ਭੇਜਿਆ।
ਪੈਨਸ਼ਨਰਾਂ ਦੀਆਂ ਮੰਗਾਂ : ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਆਖਿਆ ਕਿ ਪੰਜਾਬ ਦੇ ਪੈਨਸ਼ਨਰਾਂ ਉੱਤੇ ਵੀ 2.59 ਲਾਗੂ ਕੀਤਾ ਜਾਵੇ। 1.7.2015 ਤੋਂ ਡੀ ਏ ਦੀ 6% ਕਿਸ਼ਤ ਦਾ ਬਕਾਇਆ ਦਿੱਤਾ ਜਾਵੇ। ਪੈਨਸ਼ਨਰਾਂ ਨੂੰ 2000 ਰੁਪੈ ਬੱਝਵਾਂ ਮੈਡੀਕਲ ਭੱਤਾ ਦਿੱਤਾ ਜਾਵੇ। 1-1-2016 ਤੋਂ ਬਾਅਦ ਸੇਵਾ ਨਵਿਰਤ ਪੈਨਸ਼ਨਰਾਂ ਤੇ ਸੋਧੀ ਲੀਵ ਇਨ ਕੈਸ਼ਮੈਂਟ ਅਤੇ ਗਰੈਚੁਟੀ ਤਰੁੰਤ ਦਿੱਤੀ ਜਾਵੇ ਅਤੇ ਪੈਨਸ਼ਨਰਾਂ ਉੱਤੇ ਵੀ ਸਾਬਕਾ ਫੌਜੀਆਂ ਵਾਂਗ ਕੈਸ਼ਲੈਸ ਸੇਵਾ ਤਰੁੰਤ ਲਾਗੂ ਕੀਤੀ ਜਾਵੇ। ਇਨ੍ਹਾਂ ਮੰਗਾਂ 'ਤੇ ਪੈਨਸ਼ਨਰਾਂ ਵੱਲੋਂ ਲਗਾਤਾਰ ਸੰਘਰਸ਼ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਟਾਲਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਜਿਸ ਕਾਰਨ ਪੰਜਾਬ ਭਰ ਦੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜੇਕਰ ਅਜੇ ਵੀ ਸਰਕਾਰ ਨੇ ਪੈਨਸ਼ਨਰਾਂ ਦੇ ਮਸਲੇ ਹੱਲ ਨਾ ਕੀਤੇ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਧਰਨਾਕਾਰੀਆਂ ਦੀ ਚੇਤਾਵਨੀ: ਅੱਜ ਦੇ ਧਰਨੇ ਵਿੱਚ ਬੁਲਾਰੇ ਜਿਲ੍ਹਾਂ ਪ੍ਰਧਾਨ ਦਰਸ਼ਨ ਸਿੰਘ ਮੌੜ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੈਨਸ਼ਨ ਆਦਿ ਮੰਗਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰੇ। ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਆਉਂਦੇ ਦਿਨਾਂ ਵਿੱਚ ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਉਮਰ ਦੇ ਆਖਰੀ ਪੜਾਅ ਵਿਚ ਗੁਜ਼ਰ ਰਹੇ ਪੈਨਸ਼ਨਰਾਂ ਨੂੰ ਸਰਕਾਰ ਵੱਲੋਂ ਧਰਨੇ ਪ੍ਰਦਰਸ਼ਨ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਉਹ ਆਪਣਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰੱਖਣਗੇ। ਰੋਸ ਪ੍ਰਦਰਸ਼ਨ ਕਰਨ ਉਪਰੰਤ ਧਰਨਾਕਾਰੀਆਂ ਵੱਲੋਂ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਮੰਗ ਪੱਤਰ ਭੇਜਿਆ।