ਬਠਿੰਡਾ: ਸ਼ਹਿਰ ਵਿੱਚ ਬੁੱਧਵਾਰ ਨੂੰ PWD ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਤੇ ਨਾਲ ਹੀ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਦੇ ਹੜਤਾਲ 'ਤੇ ਜਾਣ ਕਰਕੇ ਵਿਭਾਗ ਦਾ ਕੰਮ ਕਾਫ਼ੀ ਹੱਦ ਤੱਕ ਪ੍ਰਭਾਵਿਤ ਹੋਇਆ।
ਇਸ ਬਾਰੇ ਜ਼ਿਲ੍ਹਾ ਪ੍ਰਧਾਨ ਕੇਵਲ ਬੰਸਲ ਨੇ ਦੱਸਿਆ ਕਿ ਬਠਿੰਡਾ ਸ਼ਹਿਰ ਦੇ ਵਾਟਰ ਸਪਲਾਈ ਨੂੰ ਬੰਦ ਕਰ ਦਿੱਤਾ ਹੈ ਤੇ ਵੀਰਵਾਰ ਨੂੰ ਉਹ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਦਾ ਘਿਰਾਓ ਕਰਨਗੇ।
ਕੇਵਲ ਬੰਸਲ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਮਹੀਨੇ ਦੀ ਤਨਖ਼ਾਹ ਨਹੀਂ ਮਿਲੀ ਹੈ ,ਜਦਕਿ ਦੂਜੇ ਵਿਭਾਗ ਦੇ ਮੁਲਾਜ਼ਮਾਂ ਨੂੰ ਤਨਖ਼ਾਹਾਂ ਮਿਲ ਗਈਆਂ ਹਨ। ਉਨ੍ਹਾਂ ਕਿਹਾ ਕਿ ਸਮੇਂ ਸਿਰ ਤਨਖ਼ਾਹ ਨਾ ਮਿਲਣ ਕਰਕੇ ਮੁਲਾਜ਼ਮਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉੱਥੇ ਹੀ ਪਿਛਲੇ ਦਿਨੀਂ ਮਨਪ੍ਰੀਤ ਬਾਦਲ ਵੱਲੋਂ ਮੁਲਾਜ਼ਮਾਂ ਨੂੰ ਤਨਖ਼ਾਹਾਂ ਨਾ ਮਿਲਣ ਦਾ ਕਾਰਨ ਦੱਸਣ ਵਾਲੇ ਬਿਆਨ ਨੂੰ ਲੈ ਕੇ ਕੇਵਲ ਬੰਸਲ ਨੇ ਕਿਹਾ ਕਿ ਵਿੱਤ ਮੰਤਰੀ ਵੱਲੋਂ ਦਿੱਤਾ ਗਿਆ ਬਿਆਨ ਬਿਲਕੁਲ ਗ਼ਲਤ ਹੈ। ਉਨ੍ਹਾਂ ਨੇ ਸਮੇਂ ਸਿਰ ਸਾਰਾ ਵੇਰਵਾ ਵਿਭਾਗ ਕੋਲ ਭੇਜ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੱਲ੍ਹ ਤੱਕ ਤਨਖ਼ਾਹ ਨਹੀਂ ਮਿਲੀ ਤਾਂ ਸਾਰੇ ਮਨਿਸਟੀਰੀਅਲ ਸਟਾਫ਼ ਦੇ ਮੁਲਾਜ਼ਮ ਹੜਤਾਲ 'ਤੇ ਰਹਿਣਗੇ ਤੇ ਜਿਸ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ। ਹੁਣ ਵੇਖਣ ਵਾਲੀ ਗੱਲ ਇਹ ਹੈ ਕੀ ਸਰਕਾਰ ਇਨ੍ਹਾਂ ਮੁਲਾਜ਼ਮਾਂ ਦੀ ਤਨਖ਼ਾਹ ਸਮੇਂ ਸਿਰ ਦਿੰਦੀ ਹੈ ਜਾਂ ਨਹੀਂ ਇਹ ਤਾਂ ਆਉਣ ਵਾਲੀ ਸਮਾਂ ਹੀ ਦੱਸੇਗਾ?