ਬਠਿੰਡਾ: ਬੀਤੇ ਕਈ ਦਿਨਾਂ ਤੋਂ ਬਠਿੰਡਾ ਵਾਸੀਆਂ ਨੂੰ ਗਰਮੀ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਜਿਸ ਤੋਂ ਬਾਅਦ ਬੀਤੀ ਰਾਤ ਤੋਂ ਪੈ ਰਹੇ ਮੀਂਹ ਨੇ ਹੁਣ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਮੀਂਹ ਕਾਰਨ ਹੁਣ ਤਾਪਮਾਨ ਦੇ ਵਿੱਚ ਵੀ ਕਾਫ਼ੀ ਗਿਰਾਵਟ ਵੇਖਣ ਨੂੰ ਮਿਲ ਰਹੀ ਹੈ।
ਬਰਸਾਤ ਦੇ ਵਿੱਚ ਕਈ ਲੋਕ ਸੁੱਖ ਦਾ ਸਾਹ ਵੀ ਲੈ ਰਹੇ ਹਨ ਪਰ ਬਠਿੰਡਾ ਦੇ ਕਈ ਇਲਾਕਿਆਂ ਵਿਚ ਬਰਸਾਤੀ ਪਾਣੀ ਜਮ੍ਹਾ ਹੋਣ ਦੇ ਕਾਰਨ ਆਵਾਜਾਈ ਵੀ ਕਾਫ਼ੀ ਪ੍ਰਭਾਵਿਤ ਹੋ ਰਹੀ ਹੈ। ਲੋਕਾਂ ਨੂੰ ਕੰਮਕਾਜ ਉੱਤੇ ਜਾਣ ਲਈ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮੌਸਮ ਵਿਭਾਗ ਦੀ ਮੰਨੀਏ ਤਾਂ ਬਠਿੰਡਾ ਅਤੇ ਇਸ ਦੇ ਨੇੜਲੇ ਇਲਾਕਿਆਂ ਦੇ ਵਿਚ ਲਗਾਤਾਰ ਪੰਜ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ ਜਿਸ ਕਰਕੇ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਵੇਖਣ ਨੂੰ ਮਿਲੇਗੀ।
ਇਸ ਮੌਕੇ ਰਾਹਗੀਰ ਮਹਿਲਾ ਮਧੂ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਜੋ ਬਰਸਾਤ ਨੇ ਗਰਮੀ ਤੋਂ ਜਿੱਥੇ ਰਾਹਤ ਦਿੱਤੀ ਹੈ ਉਸ ਤੋਂ ਵੱਧ ਤਾਂ ਉਨ੍ਹਾਂ ਦੇ ਲਈ ਪਰੇਸ਼ਾਨੀ ਬਣ ਗਈ ਹੈ। ਉਨ੍ਹਾਂ ਦੇ ਘਰ ਵਿੱਚ ਵੀ ਪਾਣੀ ਜਮ੍ਹਾਂ ਹੋ ਜਾਂਦਾ ਹੈ ਜਿਸ ਕਰਕੇ ਉਨ੍ਹਾਂ ਨੂੰ ਕਾਫੀ ਮੁਸ਼ਕਲ ਹੋ ਰਹੀ ਹੈ।
ਉਨ੍ਹਾਂ ਦੱਸਿਆ ਕਿ ਕੰਮਕਾਜ ਉੱਤੇ ਜਾਣ ਦੇ ਲਈ ਵੀ ਉਨ੍ਹਾਂ ਨੂੰ ਬਰਸਾਤ ਵਿੱਚ ਜਮ੍ਹਾਂ ਹੋਏ ਗੰਦੇ ਪਾਣੀ ਵਿੱਚੋਂ ਲੰਘਣਾ ਪੈਂਦਾ ਹੈ। ਰਿਕਸ਼ਾ ਜਾਂ ਆਟੋ ਚਾਲਕ ਵੀ ਵੱਧ ਪੈਸੇ ਬਰਸਾਤੀ ਪਾਣੀ ਕਾਰਨ ਮੰਗਦੇ ਹਨ। ਰਾਹਗੀਰ ਮਹਿਲਾ ਦਾ ਕਹਿਣਾ ਹੈ ਕਿ ਬਰਸਾਤੀ ਪਾਣੀ ਦੇ ਨਿਕਾਸ ਦੇ ਲਈ ਪ੍ਰਸ਼ਾਸਨ ਨੂੰ ਪੁਖਤਾ ਕਦਮ ਚੁੱਕਣੇ ਚਾਹੀਦੇ ਹਨ।