ਬਠਿੰਡਾ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਪੜਤਾਲ ਕਰ ਰਹੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਫ਼ਰੀਦਕੋਟ ਦੀ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਮੁਲਜ਼ਮ ਵਜੋਂ ਨਾਮਜ਼ਦ ਕਰ ਦਿੱਤਾ ਹੈ, ਜਿਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਜੇ ਐਫਆਈਆਰ ਵਿੱਚ ਗੁਰਮੀਤ ਰਾਮ ਰਹੀਮ ਦਾ ਨਾਂਅ ਦਰਜ ਕੀਤਾ ਹੈ ਤਾਂ ਫਿਰ ਉਸ ਨੂੰ ਵਾਰੰਟ 'ਤੇ ਹਰਿਆਣਾ ਦੀ ਜੇਲ੍ਹ ਵਿੱਚੋਂ ਪੰਜਾਬ ਲਿਆਇਆ ਜਾਣਾ ਚਾਹੀਦਾ ਹੈ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਨੂੰ ਪੰਜਾਬ ਲਿਆ ਕੇ ਸਖ਼ਤੀ ਨਾਲ ਪੁੱਛਗਿੱਛ ਕਰਨੀ ਚਾਹੀਦੀ ਹੈ, ਤਾਂਕਿ ਸੱਚ ਸਾਰਿਆਂ ਦੇ ਸਾਹਮਣੇ ਆ ਸਕੇ। ਜਥੇਦਾਰ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ 'ਤੇ ਮੁਕੱਦਮਾ ਦਰਜ ਕਰਕੇ ਸਜ਼ਾਂ ਦੇ ਅੰਜਾਮ 'ਤੇ ਪਹੁੰਚਾਇਆ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਵਿੱਚ ਦੋਸ਼ੀ ਦੇ ਖ਼ਿਲਾਫ਼ ਕਾਰਵਾਈ ਕਰਨ ਲਈ ਤੇਜ਼ੀ ਲਿਆਉਣੀ ਚਾਹੀਦੀ ਹੈ।
ਦੱਸ ਦੇਈਏ ਕਿ ਫ਼ਰੀਦਕੋਟ ਜ਼ਿਲ੍ਹੇ ਦੇ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ ਅਤੇ ਆਸ-ਪਾਸ ਦੇ ਖੇਤਰਾਂ 'ਚ ਸਾਲ 2015 'ਚ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੀਆਂ ਘਟਨਾਵਾਂ ਦੇ ਦੋਸ਼ੀਆਂ 'ਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦਾ ਨਾਂਅ ਵੀ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਦਰਜ ਐਫਆਈਆਰ 'ਚ ਗੁਰਮੀਤ ਰਾਮ ਰਹੀਮ ਦਾ ਨਾਂਅ ਜੋੜਿਆ ਗਿਆ ਹੈ। ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਰਣਬੀਰ ਖੱਟੜਾ ਨੇ ਇਸ ਗੱਲ ਦਾ ਖ਼ੁਲਾਸਾ ਮੀਡੀਆ ਦੇ ਮੁਖ਼ਾਤਬ ਹੋ ਕੇ ਕੀਤਾ।
ਇਹ ਵੀ ਪੜੋ: ਬੇਅਦਬੀ ਮਾਮਲੇ ਵਿੱਚ ਰਾਮ ਰਹੀਮ ਨਾਮਜ਼ਦ, SIT ਨੇ ਪੇਸ਼ ਕੀਤਾ ਚਲਾਨ
ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਬੀਤੇ ਦਿਨੀਂ ਸਿੱਟ ਨੇ 7 ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਨ੍ਹਾਂ ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਸੀ। ਇਨ੍ਹਾਂ ਡੇਰਾ ਪ੍ਰੇਮੀਆਂ ਤੋਂ 2 ਦਿਨ ਹੋਈ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੇ ਡੇਰਾ ਮੁਖੀ ਸਮੇਤ 4 ਹੋਰ ਵਿਅਕਤੀਆਂ ਦੇ ਨਾਂਅ ਦਾ ਖ਼ੁਲਾਸਾ ਕੀਤਾ ਹੈ। ਜਿਨ੍ਹਾਂ 4 ਨਾਵਾਂ ਦਾ ਖ਼ੁਲਾਸਾ ਹੋਇਆ ਹੈ, ਉਨ੍ਹਾਂ ਵਿੱਚੋਂ ਇੱਕ ਡੇਰਾ ਮੁਖੀ ਅਤੇ ਬਾਕੀ ਤਿੰਨ ਡੇਰੇ ਦੀ ਨੈਸ਼ਨਲ ਕਮੇਟੀ ਦੇ ਮੈਂਬਰ ਹਨ। ਵਿਸ਼ੇਸ਼ ਜਾਂਚ ਟੀਮ ਨੇ ਕਮੇਟੀ ਦੇ ਮੈਂਬਰਾਂ ਦਾ ਵਰੰਟ ਲੈਣ ਲਈ ਮਾਨਯੋਗ ਅਦਾਲਤ ਵਿੱਚ ਅਰਜੀ ਲਾਈ ਹੈ।