ਬਠਿੰਡਾ:ਪੀਆਰਟੀਸੀ (PRTC) ਅਤੇ ਪਨਬੱਸ (PUNBUS) ਕੱਚੇ ਕਾਮਿਆਂ ਦੀ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਇਨ੍ਹਾਂ ਕਾਮਿਆਂ ਵੱਲੋਂ ਹੁਣ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਕੋਠੀਆਂ ਘੇਰਨ ਦਾ ਐਲਾਨ ਕੀਤਾ ਸੀ। ਇਸੇ ਲੜੀ ਤਹਿਤ ਅੱਜ ਬਠਿੰਡਾ ਤੋਂ ਵੱਡੀ ਗਿਣਤੀ ਵਿੱਚ ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਕਾਮੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਘਿਰਾਓ ਕਰਨ ਲਈ ਰਵਾਨਾ ਹੋਏ।
ਇਸ ਮੌਕੇ ਕੱਚੇ ਕਾਮਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਸਰਕਾਰੀ ਅਦਾਰਿਆਂ ਨੂੰ ਪ੍ਰਾਈਵੇਟ ਕਰਨ ਲਈ ਨਵੇਂ-ਨਵੇਂ ਤਰੀਕੇ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦੱਸ -ਪੰਦਰਾਂ ਸਾਲਾਂ ਤੋਂ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਦੀ ਬਜਾਏ ਉਨ੍ਹਾਂ ਨੂੰ ਨੌਕਰੀਆਂ ਤੋਂ ਕੱਢਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਹੈ ਕਿ ਘਰ-ਘਰ ਰੁਜ਼ਗਾਰ ਦੇਣ ਦੀ ਗੱਲ ਕਰਨ ਵਾਲੀ ਕੈਪਟਨ ਸਰਕਾਰ ਰੋਜ਼ਗਾਰ ਦੇਣ ਦੀ ਬਜਾਏ ਖੋਹਣ ਦਾ ਕੰਮ ਕਰ ਰਹੀ ਹੈ। ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅੱਜ ਸੂਬਾ ਕਮੇਟੀ ਦੇ ਸੱਦੇ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਿੰਡ ਬਾਦਲ ਵਿਖੇ ਘਿਰਾਓ ਕਰਨ ਜਾ ਰਹੇ ਹਨ।
ਉਨ੍ਹਾਂ ਨੇ ਕਿਹਾ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ। ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਸ਼ਹਿਰ ਵਿੱਚ ਢੋਲ ਵਜਾ ਕੇ ਸਰਕਾਰ ਦਾ ਪਿੱਟ ਸਿਆਪਾ ਕਰਨਗੇ।ਉਨ੍ਹਾਂ ਕਿਹਾ ਹੈ ਕਿ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।