ਬਠਿੰਡਾ: ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਸਿੱਖਰਾ 'ਤੇ ਹੈ। ਸੂਬੇ ਦੀ ਸਾਰੀਆਂ ਪਾਰਟੀਆਂ ਇਸ ਵੇਲੇ ਕਿਸਾਨ ਹਿਤੈਸ਼ੀ ਬਣਨ ਦੀ ਕੋਸ਼ਿਸ਼ ਵਿੱਚ ਲੱਗੀਆਂ ਹੋਈਆਂ ਹਨ। ਖੇਤੀ ਬਿੱਲਾਂ ਨੂੰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਵਜ਼ਾਰਤ ਤੋਂ ਅਸਤੀਫਾ ਦੇ ਦਿੱਤਾ ਹੈ, ਜਿਸ ਨੂੰ ਕਾਂਗਰਸ ਅਤੇ ਆਪ ਆਗੂਆਂ ਵੱਲੋਂ ਡਰਾਮਾ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਈਟੀਵੀ ਭਾਰਤ ਦੀ ਟੀਮ ਵੱਲੋਂ ਅਕਾਲੀ ਦਲ ਦੇ ਸਾਬਕਾ ਕੈਬਿਨੇਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਨਾਲ ਖਾਸ ਗੱਲਬਾਤ ਕੀਤੀ ਗਈ।
ਸਿਕੰਦਰ ਸਿੰਘ ਮਲੂਕਾਂ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਹਰਸਿਮਰਤ ਬਾਦਲ ਅਤੇ ਸੁਖਬੀਰ ਬਾਦਲ ਸੰਸਦ ਦੇ ਵਿੱਚ ਖੇਤੀ ਬਿੱਲਾਂ ਖਿਲਾਫ਼ ਵੋਟ ਪਾ ਕੇ ਆਏ ਹਨ ਅਤੇ ਹਰਸਿਮਰਤ ਬਾਦਲ ਦੇ ਵੱਲੋਂ ਆਪਣੀ ਵਜ਼ਾਰਤ ਤੋਂ ਅਸਤੀਫ਼ਾ ਵੀ ਦੇ ਦਿੱਤਾ ਹੈ। ਮਲੂਕਾ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਖੇਤੀ ਬਿੱਲਾਂ ਨੂੰ ਨਹੀਂ ਚਾਹੁੰਦੇ ਹਨ ਤੇ ਕੇਂਦਰ ਨੂੰ ਜ਼ਬਰਦਸਤੀ ਉਨ੍ਹਾਂ 'ਤੇ ਨਹੀਂ ਥੋਪਣਾ ਚਾਹੀਦਾ ਹੈ।
ਮਲੂਕਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਖੇਤੀ ਬਿੱਲ ਪਾਸ ਕਰਕੇ ਬਹੁਤ ਵੱਡੀ ਗ਼ਲਤੀ ਕੀਤੀ ਹੈ। ਕੇਂਦਰ ਨੇ ਪ੍ਰਕਾਸ਼ ਸਿੰਘ ਬਾਦਲ ਵਰਗੇ ਸਿਆਸੀ ਲੀਡਰਾਂ ਤੋਂ ਵੀ ਪੁੱਛਣਾ ਮੁਨਾਸਿਬ ਨਹੀਂ ਸਮਝਿਆ। ਮਲੂਕਾ ਨੇ ਕਿਹਾ ਅਕਾਲੀ ਦਲ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਗਈਆਂ ਕਿ ਇਸ ਬਿੱਲ ਦੇ ਵਿੱਚ ਸੋਧ ਕੀਤੀ ਜਾਵੇ ਪਰ ਕੇਂਦਰ ਸਰਕਾਰ ਨੇ ਜ਼ਿੱਦ ਕਰਕੇ ਇਹ ਬਿੱਲ ਪਾਸ ਕਰਾ ਲਏ।
ਖੇਤੀ ਆਰਡੀਨੈਂਸ ਨੂੰ ਲੈ ਕੇ ਸੰਸਦ ਵਿੱਚ ਹੋਈ ਵੋਟਿੰਗ ਨੂੰ ਲੈ ਕੇ ਮਲੂਕਾ ਨੇ ਕਿਹਾ ਕਿ ਕਾਂਗਰਸ ਅਤੇ ਆਪ ਵਾਲੇ ਝੂਠ ਬੋਲ ਰਹੀ ਹੈ। ਮਲੂਕਾ ਕਿਹਾ ਕਿ ਹਰਸਿਮਰਤ ਬਾਦਲ ਅਤੇ ਸੁਖਬੀਰ ਬਾਦਲ ਨੇ ਖੇਤੀ ਆਰਡੀਨੈਂਸ ਦੇ ਵਿਰੋਧ ਵਿੱਚ ਵੋਟ ਪਾਈ ਹੈ। ਇਸ ਦੇ ਨਾਲ ਹੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਦਿਆਂ ਮਲੂਕਾ ਨੇ ਕਿਹਾ ਕਿ ਭਗਵੰਤ ਮਾਨ ਸਵੇਰ ਤੋਂ ਲੈ ਕੇ ਸ਼ਾਮ ਤੱਕ ਝੂਠ ਬੋਲਦਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਖੁਦ ਸੰਸਦ ਦੇ ਵਿੱਚੋਂ ਵੋਟਿੰਗ ਸਮੇਂ ਵਾਕਆਊਟ ਕਰਕੇ ਆ ਗਿਆ ਸੀ।
ਸਿਕੰਦਰ ਮਲੂਕਾ ਨੇ ਅਕਾਲੀ ਅਤੇ ਭਾਜਪਾ ਦੇ ਗੱਠਜੋੜ ਬਾਰੇ ਬੋਲਦਿਆਂ ਕਿਹਾ ਕਿ ਅਕਾਲੀ ਦਲ ਭਾਜਪਾ ਖਿਲਾਫ਼ ਇਨ੍ਹਾਂ ਬਿੱਲਾਂ ਨੂੰ ਲੈ ਕੇ ਰਾਸ਼ਟਰਪਤੀ ਤੱਕ ਪਹੁੰਚ ਗਿਆ ਹੈ ਅਤੇ ਵਜ਼ਾਰਤ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ। ਇਸ ਲਈ ਹੁਣ ਨਹੀਂ ਲੱਗਦਾ ਹੈ ਕਿ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਅੱਗੇ ਚੱਲ ਸਕੇਗਾ।