ਬਠਿੰਡਾ : ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ ਕਰਕੇ ਅਸਮ ਦੀ ਡਿਬਰੂਗੜ੍ਹ ਜੇਲ ਭੇਜੇ ਗਏ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਵਿੱਚ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਅਤੇ ਕੇਂਦਰੀ ਸੁਰੱਖਿਆ ਬਲਾਂ ਵੱਲੋਂ ਵੱਖ-ਵੱਖ ਥਾਵਾਂ ਤੇ ਫਲੈਗ ਮਾਰਚ ਕੀਤਾ ਗਿਆ। ਬਠਿੰਡਾ ਦੇ ਮਾਡਲ ਟਾਊਨ ਵਿੱਚ ਸ਼ੁਰੂ ਹੋਇਆ ਫਲੈਗ ਮਾਰਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਦੀ ਹੁੰਦਾ ਹੋਇਆ ਪੁਲਿਸ ਲਾਈਨ ਵਿਖੇ ਸਮਾਪਤ ਹੋਇਆ। ਇਸ ਮੌਕੇ ਐਸਪੀ ਐੱਚ ਗੁਰਵਿੰਦਰ ਸਿੰਘ ਸੰਘਾ ਨੇ ਕਿਹਾ ਕਿ ਸ਼ਹਿਰ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਇਹ ਫਲਾਇੰਗ ਮਾਰਚ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਬਰਕਰਾਰ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਇਹ ਅਫਵਾਹਾਂ ਤੋਂ ਸੁਚੇਤ ਰਹਿਣ ਅਤੇ ਕਿਸੇ ਵੀ ਘਟਨਾ ਦਾ ਪਤਾ ਚੱਲਦਿਆਂ ਹੀ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਸੋਸ਼ਲ ਮੀਡੀਆ ਤੇ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਚਿਤਾਵਨੀ ਦਿੰਦੇ ਹੋਏ ਐਸਪੀ ਐੱਚ ਗੁਰਵਿੰਦਰ ਸਿੰਘ ਸੰਘਾ ਨੇ ਕਿਹਾ ਕਿ ਉਹਨਾਂ ਦਾ ਮੀਡੀਆ ਸੈਲ ਸ਼ੋਸ਼ਲ ਮੀਡੀਆ ਤੇ ਨਜ਼ਰ ਰੱਖੇ ਹੋਏ ਹੈ ਜੇਕਰ ਕੋਈ ਵਿਅਕਤੀ ਗਲਤ ਅਫਵਾਹਾਂ ਫੈਲਾਉਂਦਾ ਫੜਿਆ ਗਿਆ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Khalistani movement: ਅੰਮ੍ਰਿਤਪਾਲ ਤੋਂ ਪਹਿਲਾਂ ਵੀ ਕਈ ਵਾਰ ਉੱਠੀ ਖ਼ਾਲਿਸਤਾਨ ਦੀ ਮੰਗ, ਜਾਣੋ ਕਦੋਂ ਹੋਈ ਸ਼ੁਰੂਆਤ
ਡਿਬਰੂਗੜ੍ਹ ਜੇਲ੍ਹ ਦੀ ਹੋਰ ਵਧਾਈ ਸੁਰੱਖਿਆ: ਸੂਤਰਾਂ ਅਨੁਸਾਰ ਇਸ ਜੇਲ੍ਹ ਵਿੱਚ ਬਹੁ-ਪੱਧਰੀ ਨਿਗਰਾਨੀ ਹੈ। ਥਾਂ-ਥਾਂ ਸੀਸੀਟੀਵੀ ਕੈਮਰੇ ਲਾਏ ਗਏ ਹਨ। ਇਸ ਤੋਂ ਇਲਾਵਾ ਉੱਚ ਗੁਣਵੱਤਾ ਵਾਲੇ ਜੈਮਰ ਲੱਗੇ ਹੋਏ ਹਨ। ਸਖ਼ਤ ਸੁਰੱਖਿਆ ਪ੍ਰਬੰਧਾਂ ਕਾਰਨ ਕਿਸੇ ਵੀ ਕੈਦੀ ਲਈ ਜੇਲ੍ਹ ਵਿੱਚੋਂ ਭੱਜਣਾ ਮੁਸ਼ਕਲ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੰਮ੍ਰਿਤਪਾਲ ਦੇ ਵੀ ਇਸੇ ਜੇਲ੍ਹ ਵਿੱਚ ਹੋਣ ਦੇ ਮੱਦੇਨਜ਼ਰ ਡਿਬਰੂਗੜ੍ਹ ਜੇਲ੍ਹ ਦੀ ਸੁਰੱਖਿਆ ਹੋਰ ਵਧਾ ਦਿੱਤੀ ਗਈ ਹੈ। ਜੇਲ੍ਹ ਦੇ ਆਲੇ-ਦੁਆਲੇ ਬਹੁ-ਪੱਧਰੀ ਸੁਰੱਖਿਆ ਵਿਵਸਥਾ ਕੀਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਸਾਮ ਪੁਲਿਸ ਦੀ ਐਂਟੀ-ਇਨਸਰਜੈਂਸੀ ਸਪੈਸ਼ਲ ਫੋਰਸ ਦੇ ਬਲੈਕ ਪੈਂਥਰ ਕਮਾਂਡੋਜ਼ ਨੂੰ ਜੇਲ੍ਹ ਵਿੱਚ ਤਾਇਨਾਤ ਕੀਤਾ ਗਿਆ ਹੈ। ਜਿਸ ਦੇ ਸਾਹਮਣੇ ਇੱਕ ਪੰਛੀ ਵੀ ਨਹੀਂ ਮਾਰ ਸਕਦਾ। ਉਨ੍ਹਾਂ ਨੂੰ ਦੇਸ਼ ਦੇ ਸਭ ਤੋਂ ਸਖ਼ਤ ਨਿਗਰਾਨੀ ਕਮਾਂਡੋਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।