ਬਠਿੰਡਾ: ਪੰਜਾਬ ਵਿਚ ਪੰਥਕ ਮੁੱਦਿਆਂ ਨੂੰ ਲੈ ਕੇ ਹੋਂਦ 'ਚ ਆਇਆ ਸ਼੍ਰੋਮਣੀ ਅਕਾਲੀ ਦਲ ਬਾਦਲ ਅੱਜ ਆਪਣੀ ਸਿਆਸੀ ਹੋਂਦ ਬਚਾਉਣ ਲਈ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕਰ ਰਿਹਾ ਹੈ। ਸਾਲ 2007 ਤੋ 2017 ਤੱਕ ਪੰਜਾਬ ਵਿੱਚ ਅਕਾਲੀ ਦਲ ਵੱਲੋਂ ਭਾਜਪਾ ਦੇ ਸਾਥ ਨਾਲ ਦਸ ਸਾਲ ਰਾਜ ਕੀਤਾ ਹੈ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਨੂੰ ਮਹਿਜ਼ ਤਿੰਨ ਸੀਟਾਂ ਹੀ ਪ੍ਰਾਪਤ ਹੋਈਆਂ। ਸੰਗਰੂਰ ਜ਼ਿਮਨੀ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਚੌਥੇ ਸਥਾਨ 'ਤੇ ਰਹੀ। ਸ਼੍ਰੋਮਣੀ ਅਕਾਲੀ ਦਲ ਬਾਦਲ ਦਿਨੋਂ ਦਿਨ ਨਿਘਾਰ ਵੱਲ ਜਾਣ ਦੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਕਾਰਨ ਦੱਸੇ ਜਾ ਰਹੇ ਹਨ।
'ਸ਼੍ਰੋਮਣੀ ਅਕਾਲੀ ਦਲ ਬਾਦਲ ਨਹੀਂ ਅਸਲ ਅਕਾਲੀ ਦਲ': ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਮੈਂਬਰ ਪਾਰਲੀਮੈਂਟ ਬਣੇ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ 'ਤੇ ਟਿੱਪਣੀ ਕਰਦੇ ਹੋਏ ਕਿਹਾ ਸੀ ਕਿ ਲੋਕਾਂ ਵੱਲੋਂ ਪੁਰਾਤਨ ਅਕਾਲੀ ਦਲ ਨੂੰ ਸੰਗਰੂਰ ਜ਼ਿਮਨੀ ਚੋਣਾਂ ਵਿੱਚ ਜਤਾਇਆ ਹੈ। ਮਾਨ ਦਾ ਕਹਿਣਾ ਸੀ ਕਿ ਇੱਕ ਪਰਿਵਾਰ ਦੇ ਅਕਾਲੀ ਦਲ ਨੂੰ ਲੋਕਾਂ ਨੇ ਨਕਾਰਿਆ ਹੈ। ਉਨ੍ਹਾਂ ਕਿਹਾ ਕਿ ਪੁਰਾਤਨ ਅਕਾਲੀ ਦਲ ਮੁੜ ਸੱਤਾ ਵਿੱਚ ਆਇਆ ਅਤੇ ਹੁਣ ਪਹਿਲ ਦੇ ਆਧਾਰ 'ਤੇ ਪੰਜਾਬ ਅੱਧੇ ਪੰਜਾਬੀਆਂ ਦੇ ਮਸਲੇ ਹੱਲ ਕਰਾਉਣ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਹਿਮ ਭੂਮਿਕਾ ਨਿਭਾਵੇਗਾ।
'ਲੋਕਾਂ ਨੇ ਇਕ ਪਰਿਵਾਰ ਨਕਾਰਿਆ ਨਾ ਕੇ ਸ਼੍ਰੋਮਣੀ ਅਕਾਲੀ ਦਲ': ਦਲ ਖ਼ਾਲਸਾ ਦੇ ਸੀਨੀਅਰ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ਪੰਜਾਬੀਆਂ ਵੱਲੋਂ ਇੱਕ ਪਰਿਵਾਰ ਨੂੰ ਸਿਆਸਤ ਵਿੱਚ ਨਕਾਰਿਆ ਗਿਆ ਹੈ ਨਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕਿਉਂਕਿ ਪੁਰਾਤਨ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬੀ ਹਾਲੇ ਵੀ ਪਿਆਰ ਕਰਦੇ ਹਨ। ਉਨ੍ਹਾਂ ਕਿਹਾ ਕਿ ਇਕ ਪਰਿਵਾਰ ਵੱਲੋਂ ਪਰਿਵਾਰਵਾਦ ਨੂੰ ਅੱਗੇ ਤੋਰਦੇ ਹੋਏ ਅਜਿਹੇ ਫ਼ੈਸਲੇ ਕੀਤੇ ਗਏ ਜਿਸ ਨਾਲ ਪੰਜਾਬ, ਪੰਜਾਬੀਅਤ ਅਤੇ ਪੰਜਾਬੀਆਂ ਦਾ ਨੁਕਸਾਨ ਹੋਇਆ। ਲਗਾਤਾਰ ਪੰਥ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਲੋਕਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਨਕਾਰਿਆ ਗਿਆ। ਉਨ੍ਹਾਂ ਕਿਹਾ ਕਿ ਪੁਰਾਤਨ ਸ਼੍ਰੋਮਣੀ ਅਕਾਲੀ ਦਲ ਫਿਰ ਤੋਂ ਇੱਕ ਮੰਚ 'ਤੇ ਇਕੱਠਾ ਹੋਵੇਗਾ ਅਤੇ ਲੋਕ ਉਸ ਨੂੰ ਬਹੁਮਤ ਨਾਲ ਜਿਤਾਉਣਗੇ।
'ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕਹਿਣੀ ਅਤੇ ਕਥਨੀ ਵਿੱਚ ਫ਼ਰਕ': ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਾਸ਼ੀਏ 'ਤੇ ਜਾਣ 'ਤੇ ਟਿੱਪਣੀ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਨੇ ਕਿਹਾ ਕਿ ਬੇਅਦਬੀ ਜਿਹੇ ਮੁੱਦਿਆਂ ਕਾਰਨ ਸ਼੍ਰੋਮਣੀ ਅਕਾਲੀ ਦਲ ਦਾ ਇਹ ਹਸ਼ਰ ਹੋਇਆ ਹੈ। ਲੋਕਾਂ 'ਚ ਇਸ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬੁਰੀ ਤਰ੍ਹਾਂ ਘਿਰਿਆ। ਇਸ ਮਾਮਲੇ 'ਚ ਸਪੱਸ਼ਟੀਕਰਨ ਦੇਣ ਵਿੱਚ ਅਸਫਲ ਰਹਿਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਜਿਹੇ ਦਿਨ ਵੇਖਣੇ ਪਏ ਕਿ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਰਾਜਨੀਤੀ ਵਿੱਚ ਵਿਸ਼ਵਾਸ ਬਣਾਉਣਾ ਬਹੁਤ ਜ਼ਰੂਰੀ ਹੈ। ਜੇਕਰ ਸ਼੍ਰੋਮਣੀ ਅਕਾਲੀ ਦਲ ਬਾਦਲ ਮੁੜ ਲੋਕਾਂ ਦਾ ਵਿਸ਼ਵਾਸ ਜਿੱਤਣ ਵਿੱਚ ਕਾਮਯਾਬ ਹੁੰਦਾ ਹੈ, ਫਿਰ ਹੀ ਸੱਤਾ 'ਚ ਵਾਪਸੀ ਹੋ ਸਕਦੀ ਹੈ ਪਰ ਇਹ ਅਸੰਭਵ ਜਾਪ ਰਿਹਾ ਹੈ।
'ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਇਨਸਾਫ਼ ਨਾ ਮਿਲਣਾ ਕਾਰਨ': ਆਮ ਆਦਮੀ ਪਾਰਟੀ ਦੇ ਬੁਲਾਰੇ ਐਡਵੋਕੇਟ ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਪੁਰਾਤਨ ਸ਼੍ਰੋਮਣੀ ਅਕਾਲੀ ਦਲ ਇਮਾਨਦਾਰ ਲੋਕਾਂ ਦੀ ਪਾਰਟੀ ਸੀ ਪਰ ਜਦੋਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਬਾਦਲ ਦਾ ਨਾਮ ਜੁੜਿਆ ਤਾਂ ਇੱਕ ਪਰਿਵਾਰ ਦੀ ਪਾਰਟੀ ਬਣ ਕੇ ਰਹਿ ਗਏ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕਾਰਜਕਾਲ ਸਮੇਂ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਕਾਰਨ ਲੋਕਾਂ ਵਿਚ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਨਫ਼ਰਤ ਪੈਦਾ ਹੋ ਗਈ। ਜਿਸ ਦਾ ਖਮਿਆਜ਼ਾ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਭੁਗਤਣਾ ਪੈ ਰਿਹਾ ਹੈ। ਇਸ ਦੇ ਮੁੜ ਸੱਤਾ ਆਉਣ ਦਾ ਕੋਈ ਚਾਂਸ ਨਹੀਂ ਲੱਗਦਾ ਕਿਉਂਕਿ ਲੋਕਾਂ ਵੱਲੋਂ ਬਾਦਲ ਪਰਿਵਾਰ ਦੇ ਸ਼੍ਰੋਮਣੀ ਅਕਾਲੀ ਦਲ ਨੂੰ ਨਕਾਰਿਆ ਜਾ ਚੁੱਕਿਆ ਹੈ।
ਲੋਕਾਂ ਦੇ ਸਹਿਯੋਗ ਨਾਲ ਮੁੜ ਵਾਪਸੀ ਕਰੇਗਾ: ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਰਾਜਨੀਤੀ ਵਿੱਚ ਉਤਰਾਅ ਚੜ੍ਹਾਅ ਚੱਲਦੇ ਰਹਿੰਦੇ ਹਨ। ਇੱਕ ਵਾਰ ਅਜਿਹਾ ਵੀ ਸਮਾਂ ਆਇਆ ਸੀ ਜਦੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਕੋਈ ਝੋਲਾ ਚੁੱਕਣ ਨੂੰ ਤਿਆਰ ਨਹੀਂ ਸੀ ਪਰ ਲੋਕਾਂ ਵੱਲੋਂ ਦਿਖਾਏ ਗਏ ਵਿਸ਼ਵਾਸ਼ 'ਤੇ ਤਰੱਨਵੇ ਸੀਟਾਂ ਲੈ ਕੇ ਵਿਧਾਨ ਸਭਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਮੁੜ ਵਾਪਸੀ ਕੀਤੀ ਸੀ। ਉਨ੍ਹਾਂ ਕਿਹਾ ਕਿ ਸਮਾਂ ਆਉਣ ਦਿਓ ਅਸੀਂ ਫਿਰ ਪੰਜਾਬ ਦੀ ਸੱਤਾ ਵਿੱਚ ਵੱਡੇ ਬਹੁਮਤ ਨਾਲ ਵਾਪਸੀ ਕਰਾਂਗੇ।
ਇਹ ਵੀ ਪੜ੍ਹੋ: ਭਗਤ ਸਿੰਘ ਨੂੰ ਅੱਤਵਾਦੀ ਕਹੇ ਜਾਣ ਦੇ ਬਿਆਨ ’ਤੇ ਆਪ ਨੇ ਸਿਮਰਨਜੀਤ ਮਾਨ ਨੂੰ ਪਾਇਆ ਘੇਰਾ, ਦਿੱਤੀ ਇਹ ਵੱਡੀ ਚਿਤਾਵਨੀ