ਬਠਿੰਡਾ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਪਰਮੇਸ਼ਵਰ ਦੇ ਹੁਕਮ ਵਿੱਚ ਚਲਾਣਾ ਹੋ ਗਿਆ ਹੈ। ਇਸ ਦਾ ਬਹੁਤ ਦੁੱਖ ਹੈ। ਦੱਸ ਦਈਏ ਕਿ ਮੰਗਲਵਾਰ ਸ਼ਾਮ ਨੂੰ ਪਰਕਾਸ਼ ਸਿੰਘ ਬਾਦਲ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ। ਉਨ੍ਹਾਂ ਦੀ ਉਮਰ 95 ਸਾਲ ਸੀ। ਸਾਹ ਸਬੰਧੀ ਤਕਲੀਫ ਹੋਣ ਉੱਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ।
ਸਿਆਸਤ ਦੇ ਇਕ ਯੁੱਗ ਦਾ ਅੰਤ: ਸ੍ਰੀ ਅਕਾਲ ਤਖ਼ਸਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਕਾਲੀ ਦਲ ਦੀ ਸਿਆਸਤ ਦੇ ਇਕ ਯੁੱਗ ਦਾ ਅੰਤ ਹੋਇਆ ਹੈ। ਉਨ੍ਹਾਂ ਦਾ ਜਾਣਾ ਪੰਜਾਬ ਦੇ ਲੋਕਾਂ ਲਈ ਘਾਟ ਹੈ। ਉਨ੍ਹਾਂ ਕਿਹਾ ਕਿ ਪਰਕਾਸ਼ ਸਿੰਘ ਬਾਦਲ ਨੇ ਜ਼ਮੀਨ ਨਾਲ ਜੁੜੇ ਰਹਿ ਕੇ ਸਿਆਸਤ ਕੀਤੀ ਅਤੇ ਲੋਕਾਂ ਨਾਲ ਹਮੇਸ਼ਾ ਜੁੜੇ ਰਹੇ ਹਨ। ਉਨ੍ਹਾਂ ਅਰਦਾਸ ਕੀਤੀ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਅਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।
ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਅੰਤਿਮ ਦਰਸ਼ਨ: ਪਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਰੱਖਿਆ ਗਿਆ ਹੈ। ਦੁਪਹਿਰ 12 ਵਜੇ ਤੋਂ ਬਾਅਦ ਚੰਡੀਗੜ੍ਹ ਤੋਂ ਬਠਿੰਡਾ ਲਈ ਅੰਤਿਮ ਸੰਸਕਾਰ ਕੱਢਿਆ ਜਾਵੇਗਾ। ਦੂਜੇ ਪਾਸੇ, ਭਲਕੇ ਯਾਨੀ ਵੀਰਵਾਰ ਨੂੰ ਦੁਪਹਿਰ 1 ਵਜੇ ਜੱਦੀ ਪਿੰਡ ਬਾਦਲ ਵਿੱਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਪਰਕਾਸ਼ ਸਿੰਘ ਬਾਦਲ ਦਾ 75 ਸਾਲਾਂ ਦਾ ਸਿਆਸੀ ਕਰੀਅਰ: 20 ਸਾਲ ਦੀ ਉਮਰ ਵਿੱਚ ਸਰਪੰਚ ਬਣਨ ਤੋਂ ਬਾਅਦ ਪਰਕਾਸ਼ ਸਿੰਘ ਬਾਦਲ ਲਗਭਗ 75 ਸਾਲ ਸਿਆਸੀ ਜੀਵਨ ਵਿੱਚ ਹਮੇਸ਼ਾ ਹੀ ਸਿਆਸਤ ਦੇ ਕੇਂਦਰ ਵਿੱਚ ਰਹੇ। ਉਨ੍ਹਾਂ ਨੂੰ ਪੰਜਾਬ ਰਾਜ ਦੀ ਸਿਆਸਤ ਦਾ ਬਾਬਾ ਬੋਹੜ ਕਿਹਾ ਜਾਂਦਾ ਸੀ, ਜਦਕਿ ਕੇਂਦਰ ਵਿੱਚ ਵੀ ਉਨ੍ਹਾਂ ਦੀ ਦਹਾੜ ਹਮੇਸ਼ਾ ਬੁਲੰਦ ਰਹਿੰਦੀ ਸੀ। ਉਹ ਜਨਸੰਘ ਅਤੇ ਭਾਜਪਾ ਵੱਲ ਝੁਕਾਅ ਵਾਲੀ ਰਾਜਨੀਤੀ ਦੇ ਪ੍ਰਮੁੱਖ ਚਿਹਰਿਆਂ ਵਿੱਚੋਂ ਇੱਕ ਸਨ। ਭਾਜਪਾ ਨੇ ਵੀ ਉਨ੍ਹਾਂ ਨੂੰ ਕਦੇ ਨਜ਼ਰਅੰਦਾਜ਼ ਨਹੀਂ ਕੀਤਾ।
ਇਸ ਦੇ ਬਾਵਜੂਦ ਉਹ ਕੇਂਦਰ ਦੀ ਰਾਜਨੀਤੀ ਵਿੱਚ ਜ਼ਿਆਦਾ ਦੇਰ ਨਹੀਂ ਟਿਕ ਸਕੇ। ਮਾਰਚ 1977 ਵਿੱਚ ਜਦੋਂ ਕੇਂਦਰ ਵਿੱਚ ਮੋਰਾਰਜੀ ਦੇਸਾਈ ਦੀ ਜਨਤਾ ਪਾਰਟੀ ਦੀ ਸਰਕਾਰ ਬਣੀ, ਤਾਂ ਉਸ ਵਿੱਚ ਪ੍ਰਕਾਸ਼ ਸਿੰਘ ਬਾਦਲ ਨੂੰ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਬਣਾਇਆ ਗਿਆ। ਕੁਝ ਸਮੇਂ ਬਾਅਦ ਉਹ ਲੋਕ ਸਭਾ ਵਿੱਚ ਵੀ ਚੁਣੇ ਗਏ, ਪਰ ਉਨ੍ਹਾਂ ਨੂੰ ਕੇਂਦਰ ਦੀ ਰਾਜਨੀਤੀ ਪਸੰਦ ਨਹੀਂ ਸੀ। ਕੁਝ ਮਹੀਨਿਆਂ ਬਾਅਦ ਹੀ ਕੇਂਦਰੀ ਮੰਤਰੀ ਦਾ ਅਹੁਦਾ ਛੱਡ ਦਿੱਤਾ। ਉਸ ਤੋਂ ਬਾਅਦ ਉਹ ਪੰਜਾਬ ਦੀ ਸਿਆਸਤ ਤੋਂ ਬਾਹਰ ਨਹੀਂ ਆਏ।
ਇਹ ਵੀ ਪੜ੍ਹੋ: Parkash Singh Badal: ਪਹਿਲੀ ਚੋਣ ਜਿੱਤ ਤੋਂ ਬਾਅਦ ਪਰਕਾਸ਼ ਸਿੰਘ ਬਾਦਲ ਨੇ ਬਦਲਿਆ ਸੀ ਆਪਣਾ ਨਾਂ, ‘ਢਿੱਲੋਂ‘ ਤੋਂ ਬਣੇ ਸਨ ‘ਬਾਦਲ’