ਬਠਿੰਡਾ: ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਕੋਟਕਪੂਰਾ ਗੋਲੀਕਾਂਡ ਵਿੱਚ ਬਣਾਈ ਗਈ ਸਿਟ ਵੱਲੋਂ ਉਸ ਸਮੇਂ ਦੇ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਜਿੱਥੇ ਵਿਰੋਧੀਆਂ ਵੱਲੋਂ ਭਗਵੰਤ ਮਾਨ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ, ਉੱਥੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਲਈ ਸੰਘਰਸ਼ ਕਰ ਰਹੇ ਮੋਰਚੇ ਵੱਲੋਂ ਵੀ ਇਸ ਕਦਮ ਦੀ ਸ਼ਲਾਘਾ ਕੀਤੀ ਜਾ ਰਹੀ ਹੈ।
ਬਾਦਲ ਪਰਿਵਾਰ ਦਾ ਰਾਜਨੀਤੀ ਦਾ ਭਵਿੱਖ ਖ਼ਤਰੇ 'ਚ : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਦੇ ਕੇਸਾਂ ਵਿੱਚ ਪੈਰਵਾਈ ਕਰ ਰਹੇ ਸੀਨੀਅਰ ਐਡਵੋਕੇਟ ਹਰਪਾਲ ਸਿੰਘ ਖਾਰਾ ਨੇ ਗੱਲਬਾਤ ਦੌਰਾਨ ਕਿਹਾ ਕਿ 2015 ਵਿੱਚ ਵਾਪਰੀਆਂ, ਇਨ੍ਹਾਂ ਘਟਨਾਵਾਂ ਨੂੰ ਲੈ ਕੇ ਲਗਾਤਾਰ ਸਿੱਖ ਜਗਤ ਵਿੱਚ ਰੋਸ ਪਾਇਆ ਜਾ ਰਿਹਾ ਸੀ। ਉਨ੍ਹਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਇਸ ਘਟਨਾ ਦੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਸ ਪਿੱਛੇ ਜਿੰਮੇਵਾਰ ਲੋਕਾਂ ਦਾ ਪਰਦਾਫਾਸ਼ ਕਰ ਕੇ ਜਨਤਕ ਕੀਤਾ ਜਾਵੇ।
ਸੀਨੀਅਰ ਐਡਵੋਕੇਟ ਹਰਪਾਲ ਸਿੰਘ ਖਾਰਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਚੁੱਕੇ ਗਏ ਕਦਮ ਨਾਲ ਲੋਕਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਦੇ ਇਨਸਾਫ ਦੀ ਆਸ ਬੱਝੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਹੀ ਸਿਆਸੀ ਧਿਰਾਂ ਵੱਲੋਂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੂੰ ਇਸ ਘਟਨਾ ਕਰਮ ਲਈ ਜ਼ਿੰਮੇਵਾਰ ਦੱਸਿਆ ਜਾ ਰਿਹਾ ਸੀ, ਪਰ ਕਿਸੇ ਵੀ ਸਿਆਸੀ ਪਾਰਟੀ ਵੱਲੋਂ ਉਨ੍ਹਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਸੀ। ਇਸ ਕਾਰਨ ਸਿੱਖ ਕੌਮ ਨੂੰ ਲਗਾਤਾਰ ਸੰਘਰਸ਼ ਕਰਨਾ ਪਿਆ। ਉਨ੍ਹਾਂ ਕਿਹਾ ਕਿ ਹੁਣ ਬਾਦਲ ਪਰਿਵਾਰ ਦਾ ਰਾਜਨੀਤੀ ਦਾ ਭਵਿੱਖ ਖ਼ਤਰੇ ਵਿੱਚ ਹੈ, ਕਿਉਂਕਿ ਜਿਸ ਨੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਮੱਥਾ ਲਾਇਆ ਹੈ, ਉਸ ਦਾ ਹਸ਼ਰ ਬੁਰਾ ਹੀ ਹੋਇਆ।
ਸ਼੍ਰੋਮਣੀ ਅਕਾਲੀ ਦਲ ਦਾ ਆਧਾਰ ਖ਼ਤਮ ਚੁੱਕਾ - ਭਾਜਪਾ ਆਗੂ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਕੋਟਕਪੂਰਾ ਗੋਲੀ ਕਾਂਡ ਵਿੱਚ ਨਾਮਜ਼ਦ ਕੀਤੇ ਜਾਣ ਉੱਤੇ ਪ੍ਰਤੀਕਰਮ ਦਿੰਦੇ ਹੋਏ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਐਮ ਐਲ ਏ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਸਿਟ ਵੱਲੋਂ ਜੋ ਕਦਮ ਚੁੱਕੇ ਗਏ ਹਨ, ਉਹ ਸਵਾਗਤਯੋਗ ਹਨ ਕਿਉਂਕਿ, ਪੰਜਾਬ ਵਿੱਚ ਰਹਿ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋ ਜਾਣੀ ਬਹੁਤ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਉਸ ਤੋਂ ਮਾੜੀ ਗੱਲ ਦੋਸ਼ੀਆਂ ਖਿਲਾਫ ਕਿਸੇ ਤਰ੍ਹਾਂ ਦੀ ਕੋਈ ਕਾਰਵਾਈ ਨਾ ਹੋਣਾ ਹੈ।
ਸਿੰਗਲਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਹਰ ਵਿਅਕਤੀ ਆਸਥਾ ਰੱਖਦਾ ਹੈ। ਪੰਜਾਬ ਦੇ ਲੋਕਾਂ ਵੱਲੋਂ ਲੰਮੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦਾ ਗੜ੍ਹ ਮੰਨੇ ਜਾਣ ਵਾਲੇ ਬਠਿੰਡਾ ਹਲਕੇ ਵਿੱਚ ਹੁਣ ਸ਼੍ਰੋਮਣੀ ਅਕਾਲੀ ਦਲ ਦਾ ਆਧਾਰ ਖ਼ਤਮ ਹੋ ਚੁੱਕਿਆ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਵਿਚ ਸਿੱਧੇ-ਅਸਿੱਧੇ ਰੂਪ ਵਿੱਚ ਜੁੜੇ ਲੋਕਾਂ ਨੂੰ ਪੰਜਾਬ ਦੇ ਲੋਕ ਹਰਗਿਜ਼ ਬਰਦਾਸ਼ਤ ਨਹੀਂ ਕਰਨਗੇ।
ਲੋਕ ਸਭਾ ਚੋਣਾ 'ਚ ਬਾਦਲ ਪਰਿਵਾਰ ਭੁਗਤੇਗਾ ਖਾਮਿਆਜ਼ਾ - ਕਾਂਗਰਸੀ ਆਗੂ : ਪੰਜਾਬ ਕਾਂਗਰਸ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਰਾਜਨ ਗਰਗ ਦਾ ਕਹਿਣਾ ਹੈ ਕਿ ਲੰਮਾ ਸਮਾਂ ਪੰਜਾਬ ਦੀ ਰਾਜਨੀਤੀ ਉੱਤੇ ਰਾਜ ਕਰਨ ਵਾਲੇ ਬਾਦਲ ਪਰਿਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਕੋਟਕਪੂਰਾ ਗੋਲੀਕਾਂਡ ਦਾ ਹਰਜ਼ਾਨਾ ਭੁਗਤਨਾ ਪਵੇਗਾ। ਰਾਜਨ ਗਰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਿਟ ਵੱਲੋਂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੂੰ ਨਾਮਜਦ ਕੀਤੇ ਜਾਣ ਤੋਂ ਬਾਅਦ ਇਹ ਗੱਲ ਸਾਫ ਹੋ ਗਈ ਹੈ ਕਿ ਇਨ੍ਹਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀ ਕਾਂਡ ਸਬੰਧੀ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦੇਣ ਵਿੱਚ ਕੋਈ ਬਹੁਤੀ ਰੁਚੀ ਨਹੀਂ ਦਿਖਾਈ, ਕਿਉਂਕਿ ਇਹ ਖੁਦ ਇਸ ਗੋਲੀਕਾਂਡ ਵਿੱਚ ਸਿੱਧੇ ਅਸਿੱਧੇ ਰੂਪ ਵਿਚ ਜੁੜੇ ਹੋਏ ਸਨ।
ਕਾਂਗਰਸੀ ਆਗੂ ਰਾਜਨ ਗਰਗ ਨੇ ਕਿਹਾ ਕਿ ਹੁਣ ਮਾਮਲਾ ਕੋਰਟ ਵਿਚ ਚਲਾ ਗਿਆ ਹੈ ਅਤੇ ਜਲਦ ਹੀ ਇਸ ਮਾਮਲੇ ਵਿੱਚ ਟਰਾਇਲ ਸ਼ੁਰੂ ਹੋਣ ਦੇ ਆਸਾਰ ਹਨ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਬਠਿੰਡਾ ਨੂੰ ਆਪਣਾ ਪਰਵਾਰਿਕ ਹਲਕਾ ਕਿਹਾ ਜਾਂਦਾ ਸੀ ਅਤੇ ਉਨ੍ਹਾਂ ਦੇ ਪਰਿਵਾਰ ਦਾ ਬਠਿੰਡਾ ਦੀ ਰਾਜਨੀਤੀ 'ਤੇ ਵੱਡਾ ਅਸਰ ਵੇਖਣ ਨੂੰ ਮਿਲਦਾ ਸੀ, ਪਰ ਕੋਟਕਪੂਰਾ ਗੋਲੀ ਕਾਂਡ ਵਿੱਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦਾ ਸਿਆਸੀ ਭਵਿੱਖ ਖ਼ਤਰੇ ਵਿੱਚ ਚਲਾ ਗਿਆ ਹੈ। 2024 ਦੀਆਂ ਲੋਕ ਸਭਾ ਚੋਣਾਂ ਵਿੱਚ ਇਸ ਦਾ ਖਮਿਆਜ਼ਾ ਬਾਦਲ ਪਰਿਵਾਰ ਨੂੰ ਭੁਗਤਣਾ ਪਵੇਗਾ।
ਸਿਟ ਦੀ ਕਾਰਵਾਈ ਸਿਆਸਤ ਤੋਂ ਪ੍ਰੇਰਿਤ- ਅਕਾਲੀ ਆਗੂ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸ਼ਹਿਰੀ ਪ੍ਰਧਾਨ ਰਾਜਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਨੂੰ ਨਾਮਜ਼ਦ ਕੀਤਾ ਜਾਣਾ ਸਿਆਸਤ ਤੋਂ ਪ੍ਰੇਰਿਤ ਹੈ। ਇਸ ਤੋਂ ਪਹਿਲਾਂ ਵੀ ਕੁੰਵਰ ਵਿਜੇ ਪ੍ਰਤਾਪ ਦੀ ਬਣਾਈ ਗਈ ਸਿਟ ਵੱਲੋਂ ਇਨ੍ਹਾਂ ਨੂੰ ਨਾਮਜ਼ਦ ਕੀਤਾ ਗਿਆ ਸੀ ਜਿਸ ਨੂੰ ਕੋਰਟ ਵੱਲੋਂ ਖਾਰਿਜ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਵਿੱਚ ਇਨਸਾਫ਼ ਲਈ ਚੱਲ ਰਹੇ ਮੋਰਚੇ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਰੇਆਮ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਨੂੰ ਨਾਮਜ਼ਦ ਕਰਨ ਦੀ ਗੱਲ ਆਖੀ ਗਈ, ਤਾਂ ਜੋ ਜਲੰਧਰ ਉਪ ਚੋਣ ਵਿੱਚ ਇਸ ਦਾ ਲਾਹਾ ਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸਾਰਾ ਘਟਨਾਕ੍ਰਮ ਸਿਆਸਤ ਤੋਂ ਪ੍ਰੇਰਿਤ ਹੈ ਅਤੇ ਅਦਾਲਤ ਵੱਲੋਂ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਨੂੰ ਬਾ-ਇੱਜ਼ਤ ਬਰੀ ਕੀਤਾ ਜਾਵੇਗਾ।
ਕੀ ਹੈ ਮਾਮਲਾ : ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਸਿਟ ਨੇ ਆਪਣੀ ਚਾਰਜਸ਼ੀਟ 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਨਾਮ ਦਰਜ ਕੀਤਾ ਹੈ। ਬਾਦਲ ਪਰਿਵਾਰ ਤੋਂ ਇਲਾਵਾ ਚਾਰਜਸ਼ੀਟ ਵਿੱਚ ਸੁਮੇਧ ਸੈਣੀ ਸਣੇ ਕੁੱਲ 8 ਮੁਲਜ਼ਮਾਂ ਦੇ ਨਾਮ ਸ਼ਾਮਲ ਕੀਤੇ ਗਏ ਹਨ।
ਦਰਅਸਲ, ਸਾਲ 2015 ਵਿੱਚ ਫ਼ਰੀਦਕੋਟ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਖਿੱਲਰੇ ਮਿਲੇ ਸੀ। ਇਸ ਦਾ ਪਤਾ ਲੱਗਦਿਆਂ ਹੀ ਸਿੱਖ ਕੌਮ ਵਿੱਚ ਰੋਸ ਪਾਇਆ ਗਿਆ। ਜਿਸ ਦੇ ਵਿਰੋਧ ਵਿੱਚ ਸਿੱਖਾਂ ਵੱਲੋਂ ਕੋਟਕਪੂਰਾ ਵਿੱਚ ਇਕੱਠੇ ਹੋ ਕੇ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਉਠਾਉਣ ਲਈ ਉਨ੍ਹਾਂ ਉੱਤੇ ਫਾਇਰਿੰਗ ਕਰ ਦਿੱਤੀ। ਇਸ ਵਿੱਚ ਗੁਰਜੀਤ ਸਿੰਘ ਅਤੇ ਕ੍ਰਿਸ਼ਨ ਭਗਵਾਨ ਸਿੰਘ ਦੀ ਮੌਤ ਹੋ ਗਈ ਸੀ। ਇਸ ਦੌਰਾਨ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਵਿੱਚ ਕਰੀਬ 100 ਦੇ ਕਰੀਬ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ ਸਨ। ਇਸ ਮਾਮਲੇ ਵਿੱਚ ਪੁਲਿਸ ਅਤੇ ਤਤਕਾਲੀ ਅਕਾਲੀ ਦਲ ਸਰਕਾਰ ਸਵਾਲਾਂ ਦੇ ਘੇਰੇ ਵਿੱਚ ਆਈ ਅਤੇ ਮਾਮਲੇ ਵਿੱਚ ਸੁਖਬੀਰ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਤੋਂ ਵੀ ਪੁੱਛਗਿੱਛ ਕੀਤੀ ਗਈ।