ਬਠਿੰਡਾ: ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਰਾਗੀ ਸਿੰਘਾਂ ਨੇ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਜਾਣਕਾਰੀ ਮੁਤਾਬਕ ਬੀਤੇ 3 ਦਿਨਾਂ ਤੋਂ ਪ੍ਰਕਾਸ਼ ਸਾਹਿਬ ਨੂੰ ਮੁੱਖ ਰੱਖਦਿਆਂ ਹੋਇਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਅਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਭੋਗ ਤਖ਼ਤ ਸਾਹਿਬ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਪਾਏ ਗਏ। ਇਸ ਉਪਰੰਤ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਅਰਦਾਸ ਕੀਤੀ।
ਇਸ ਮੌਕੇ ਵਿਸ਼ੇਸ਼ ਤੌਰ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਹਾਜ਼ਰੀ ਭਰੀ। ਸਮਾਗਮ ਉਪਰੰਤ ਕੌਮ ਦੇ ਨਾਂਅ ਜਾਰੀ ਸੰਦੇਸ਼ ਵਿੱਚ ਜਥੇਦਾਰ ਨੇ ਕੌਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੱਜ ਨਾ ਕੇਵਲ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਪੁਰਬ ਹੈ ਸਗੋਂ ਗ੍ਰੰਥੀ ਸਿੰਘਾਂ ਦਾ ਵੀ ਸਥਾਪਨਾ ਦਿਵਸ ਹੈ ਕਿਉਂਕਿ ਅੱਜ ਦੇ ਦਿਨ ਜਦੋਂ ਗੁਰੂ ਅਰਜੁਨ ਦੇਵ ਜੀ ਨੇ ਗੁਰੂ ਸਾਹਿਬ ਦੇ ਪਹਿਲੇ ਸਰੂਪ ਦਾ ਪ੍ਰਕਾਸ਼ ਕਰਵਾਇਆ ਸੀ ਤਾਂ ਬਾਬਾ ਬੁੱਢਾ ਜੀ ਨੂੰ ਪਹਿਲਾ ਗ੍ਰੰਥੀ ਵੀ ਥਾਪਿਆ ਸੀ। ਉਨ੍ਹਾਂ ਨੇ ਸੰਗਤ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਅਪੀਲ ਕੀਤੀ।