ਬਠਿੰਡਾ: ਵਿਧਾਨ ਸਭਾ ਚੋਣਾਂ 2022 (Punjab Assembly Elections 2022) ਨੂੰ ਲੈ ਕੇ ਬਠਿੰਡਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ’ਤੇ ਬਿਆਨ ਸਾਹਮਣੇ ਆਇਆ ਹੈ। ਸੁਖਬੀਰ ਬਾਦਲ ਵੱਲੋਂ ਕੇਂਦਰੀ ਬਜਟ ਉੱਪਰ ਸਵਾਲ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਇੰਡਸਟਰੀ ਦੀ ਤਰਜ਼ ’ਤੇ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ।
ਕੇਂਦਰੀ ਬਜਟ ’ਤੇ ਸੁਖਬੀਰ ਬਾਦਲ ਦੇ ਸਵਾਲ
ਉਨ੍ਹਾਂ ਕੇਂਦਰ ਵੱਲੋਂ ਕਿਸਾਨੀ ਲਈ ਰੱਖੇ ਬਜਟ ਨੂੰ ਕਾਗਜ਼ੀ ਕਾਰਵਾਈ ਦੱਸਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਜੋ ਅੱਜ ਦੇਸ਼ ਦੇ ਕਿਸਾਨਾਂ ਨੂੰ ਰਾਹਤ ਚਾਹੀਦੀ ਹੈ ਉਸ ਤਰ੍ਹਾਂ ਦਾ ਬਜਟ ਵਿੱਚ ਕੁਝ ਵੀ ਨਹੀਂ ਹੈ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਹੈ ਕਿ ਕਿਸਾਨਾਂ ਦੇ ਲੋਨ ਤੇ ਕਰਜ਼ੇ ਮੁਆਫ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਗਰੀਬ ਵਰਗ ਲਈ ਬਜਟ ਵਿੱਚ ਕੁਝ ਵੀ ਨਹੀਂ ਰੱਖਿਆ ਗਿਆ ਹੈ।
ਮਾਈਨਿੰਗ ਨੂੰ ਲੈਕੇ ਚੰਨੀ ’ਤੇ ਸਾਧੇ ਨਿਸ਼ਾਨੇ
ਇਸ ਦੌਰਾਨ ਰੇਤ ਮਾਈਨਿੰਗ ਨੂੰ ਲੈਕੇ ਸੁਖਬੀਰ ਬਾਦਲ ਨੇ ਸੀਐਮ ਚੰਨੀ ’ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ਤੇ ਕਾਰਵਾਈ ਕੀਤੀ ਜਾਊਗਾ। ਇਸਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਹੈ ਕਿ ਸੀਐਮ ਚੰਨੀ ਅੰਦਰ ਜਾਵੇਗਾ। ਇਸ ਮੌਕੇ ਉਨ੍ਹਾਂ ਮਾਈਨਿੰਗ ਨੂੰ ਲੈਕੇ ਚੰਨੀ ਦੀਆਂ ਆਡੀਓ ਰਿਕਾਰਡਿੰਗਾਂ ਦਾ ਵੀ ਜ਼ਿਕਰ ਕੀਤਾ ਹੈ। ਉਨ੍ਹਾਂ ਚੰਨੀ ਨੂੰ ਸਭ ਤੋਂ ਵੱਡਾ ਰੇਤ ਮਾਫੀਆ ਕਿਹਾ ਹੈ।
ਚੰਨੀ ਦੇ ਦੋ ਹਲਕਿਆਂ ਤੋਂ ਚੋਣ ਲੜਨ ਨੂੰ ਲੈਕੇ ਸਾਧੇ ਨਿਸ਼ਾਨੇ
ਇਸਦੇ ਨਾਲ ਹੀ ਉਨ੍ਹਾਂ ਚਰਨਜੀਤ ਚੰਨੀ ਦੇ ਦੋ ਹਲਕਿਆਂ ਤੋਂ ਚੋਣ ਲੜਨ ਨੂੰ ਲੈਕੇ ਵੀ ਸਵਾਲ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਚੰਨੀ ਚਮਕੌਰ ਸਾਹਿਬ ਹਲਕੇ ਤੋਂ ਹਾਰ ਰਿਹਾ ਇਸ ਲਈ ਡਰ ਕੇ ਭਦੌੜ ਹਲਕੇ ਤੋਂ ਚੋਣ ਲੜ ਰਹੇ ਹਨ।
ਸੰਯੁਕਤ ਸਮਾਜ ਮੋਰਚਾ ਪਾਰਟੀ ਦੀ ਰਜਿਸਟ੍ਰੇਸ਼ਨ ਨੂੰ ਲੈਕੇ ਬੋਲੇ ਸੁਖਬੀਰ
ਸੰਯੁਕਤ ਸਮਾਜ ਮੋਰਚਾ ਪਾਰਟੀ ਦੀ ਰਜਿਸਟ੍ਰੇਸ਼ਨ ਨੂੰ ਲੈਕੇ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਰਜਿਸਟ੍ਰੇਸ਼ਨ ਦੇਣੀ ਚਾਹੀਦੀ ਸੀ। ਨਾਲ ਹੀ ਉਨ੍ਹਾਂ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਪਾਰਟੀ ਨੂੰ ਕੋਈ ਚਿੰਨ੍ਹ ਜ਼ਰੂਰ ਦੇ ਦਿੱਤਾ ਜਾਣਾ ਚਾਹੀਦਾ ਤਾਂ ਕਿ ਚੋਣ ਲੜ ਸਕੇ।
ਇਹ ਵੀ ਪੜ੍ਹੋ: Budget 2022 Price rise: ਬਜਟ ਵਿੱਚ ਕੀ ਹੋਇਆ ਸਸਤਾ ਤੇ ਕੀ ਮਹਿੰਗਾ?