ਬਠਿੰਡਾ: ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਨੇ ਆਪਣੀਆਂ ਅਹਿਮ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਦਫ਼ਤਰ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ। ਅਧਿਆਪਕ ਯੂਨੀਅਨ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮੰਗ ਪੱਤਰ ਸੌਪਿਆ। ਇਸ ਸਬੰਧੀ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪੀਏਐਸ ਦਾ ਨਤੀਜਾ 100 ਫ਼ੀਸਦੀ ਲਿਆਉਣ ਵਾਲੇ ਅਧਿਆਪਕਾਂ ਨੂੰ ਬੋਗਸ ਅੰਕੜੇ ਤਿਆਰ ਕਰਵਾਉਣ ਲਈ ਜ਼ਲੀਲ ਕਰਨਾ ਬੰਦ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀਆਂ ਹਰ ਕਿਸਮ ਦੀਆਂ ਵਿਕਟੇਮਾਈਜੇਸ਼ਨਾਂ ਰੱਦ ਕੀਤੀਆਂ ਜਾਣ ਅਤੇ ਯੋਗਤਾ ਅਨੁਸਾਰ ਤਰੱਕੀਆਂ ਦਿੱਤੀਆਂ ਜਾਵੇ। ਉਨ੍ਹਾਂ ਮੰਗ ਕੀਤੀ ਕਿ ਸੱਤਵੇਂ ਪੇ ਕਮਿਸ਼ਨ ਲਾਗੂ ਕੀਤੇ ਜਾਣ, ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਡੀਏ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ ਅਤੇ ਆਹਲੂਵਾਲੀਆ ਕਮੇਟੀ ਭੰਗ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ ਕੱਚੇ ਕਾਮੇ ਪੱਕੇ ਕੀਤੇ ਜਾਣ ਨਹੀਂ ਤਾਂ ਆਉਂਦੇ ਸਮੇਂ ਵਿੱਚ ਅਧਿਆਪਕ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ ਤਿੱਖਾ ਕੀਤਾ ਜਾਵੇਗਾ।
ਅਧਿਆਪਕ ਯੂਨੀਅਨ ਦਾ ਕਹਿਣਾ ਹੈ ਕਿ ਕਾਫੀ ਲੰਬੇ ਸਮੇਂ ਤੋਂ ਉਹ ਆਪਣੀ ਮੰਗਾਂ ਨੂੰ ਮਨਾਉਣ ਦੇ ਲਈ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀ ਸਾਰ ਨਹੀਂ ਲੈ ਰਹੀ, ਜਿਸ ਕਰਕੇ ਉਨ੍ਹਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ ਆਨਲਾਈਨ ਕਲਾਸ ਰਹੀਂ ਬੱਚਿਆਂ ਨੂੰ ਚੰਗੇ ਢੰਗ ਨਾਲ ਨਹੀਂ ਪੜ੍ਹਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਕਿਉਂਕਿ ਕਈ ਅਜਿਹੇ ਬੱਚੇ ਹਨ ਜਿਨ੍ਹਾਂ ਦੇ ਕੋਲ ਮੋਬਾਈਲ ਕੁਨੈਕਸ਼ਨ ਅਤੇ ਸਮਾਰਟ ਫ਼ੋਨ ਵੀ ਨਹੀਂ ਹਨ। ਅਜਿਹੇ ਬੱਚਿਆਂ ਨੂੰ ਪੜ੍ਹਨ ਵਿਚ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨਾਂ ਨੇ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਸਕੂਲਾਂ ਨੂੰ ਜਲਦ ਤੋਂ ਜਲਦ ਖੋਲ੍ਹਿਆ ਜਾਵੇ ਤਾਂ ਕਿ ਬੱਚਿਆਂ ਦੀ ਪੜ੍ਹਾਈ ਖ਼ਰਾਬ ਨਾ ਹੋਵੇ।