ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਚੋਣ ਪ੍ਰਚਾਰ ਦੌਰਾਨ ਪੰਜਾਬੀਆਂ ਨਾਲ ਪ੍ਰਮੁੱਖ ਤੌਰ ਉੱਤੇ ਵਾਅਦਾ ਕੀਤਾ ਸੀ ਕਿ ਉਹ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੇਣਗੇ ਅਤੇ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ 117 ਵਿਧਾਨ ਸਭਾ ਸੀਟਾਂ ਵਿਚੋਂ 92 ਸੀਟਾਂ ਉੱਤੇ ਜਿੱਤ ਪ੍ਰਾਪਤ ਹੋਈ। ਸਰਕਾਰ ਬਣਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੇ ਪੱਧਰ ਉੱਤੇ ਮੁਹਿੰਮ ਛੇੜਨ ਦਾ ਐਲਾਨ ਕੀਤਾ ਗਿਆ ਅਤੇ ਮਾਨ ਸਰਕਾਰ ਨੇ ਕੁੱਝ ਐਕਸ਼ਨ ਵੀ ਕੀਤੇ, ਪਰ ਹੁਣ ਸਰਕਾਰ ਦੀ ਭ੍ਰਿਸ਼ਟਾਚਾਰ ਦੇ ਮਾਮਲਿਆਂ ਉੱਤੇ ਨਰਮੀ ਸਾਹਮਣੇ ਆ ਰਹੀ ਹੈ।
ਵਿਜੇ ਸਿੰਗਲਾ ਨੂੰ ਰਾਹਤ: ਮਾਨਸਾ ਵਿਧਾਨ ਸਭਾ ਹਲਕੇ ਤੋਂ ਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਨੂੰ ਹਰਾ ਕੇ ਵਿਧਾਨ ਸਭਾ ਪਹੁੰਚੇ ਡਾਕਟਰ ਵਿਜੇ ਸਿੰਗਲਾ ਨੂੰ ਭਗਵੰਤ ਮਾਨ ਵੱਲੋਂ ਆਪਣੀ ਸਰਕਾਰ ਵਿੱਚ ਸਿਹਤ ਮੰਤਰੀ ਬਣਾਇਆ ਗਿਆ ਪਰ ਮਹਿਜ਼ ਦੋ ਮਹੀਨਿਆਂ ਦੇ ਕਾਰਜਕਾਲ ਤੋਂ ਬਾਅਦ ਸਿਹਤ ਮੰਤਰੀ ਵਿਜੇ ਸਿੰਗਲਾ ਉੱਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗਣ ਸ਼ੁਰੂ ਹੋ ਗਏ। ਕੈਬਨਿਟ ਮੰਤਰੀ ਉੱਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗਣ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ 24 ਮਈ ਨੂੰ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਕੋਲ ਪੁਖਤਾ ਸਬੂਤ ਹਨ ਕਿ ਵਿਜੇ ਸਿੰਗਲਾ ਨੇ 1% ਕਮਿਸ਼ਨ ਸਰਕਾਰ ਦੇ ਕੰਮ ਕਾਜ ਵਿੱਚੋਂ ਲਿਆ ਹੈ ਜਿਸ ਦੇ ਚਲਦੇ ਉਨ੍ਹਾਂ ਵੱਲੋਂ ਵਿਜੈ ਸਿੰਗਲਾ ਨੂੰ ਕੈਬਨਿਟ ਤੋਂ ਲਾਂਭੇ ਕਰ ਦਿੱਤਾ ਗਿਆ ਅਤੇ ਕਨੂੰਨੀ ਕਾਰਵਾਈ ਦੇ ਆਦੇਸ਼ ਦਿੱਤੇ ਗਏ। ਜਿਸ ਤੋਂ ਬਾਅਦ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਤਹਿਤ ਗ੍ਰਿਫਤਾਰ ਕਰ ਲਿਆ ਗਿਆ ਪਰ ਮਾਮਲਾ ਹਾਈ ਕੋਰਟ ਵਿੱਚ ਜਾਣ ਤੋਂ ਬਚਾਅ ਪੱਖ ਦੇ ਵਕੀਲ ਨੇ ਦਲੀਲ ਦਿੱਤੀ ਕਿ ਵਿਜੈ ਸਿੰਗਲਾ ਕੋਲੋਂ ਕਿਸੇ ਤਰ੍ਹਾਂ ਦੀ ਕੋਈ ਵੀ ਰਿਕਵਰੀ ਨਹੀਂ ਹੋਈ। ਇਸ ਤੋਂ ਇਲਾਵਾ ਜਿਸ ਕਾਲ ਰਿਕਾਰਡਿੰਗ ਵਿੱਚ ਵਿਜੈ ਸਿੰਗਲਾ ਦੀ ਅਵਾਜ਼ ਦੱਸੀ ਜਾ ਰਹੀ ਹੈ ਉਸ ਲਈ ਵਿਜੈ ਸਿੰਗਲਾ ਨੇ ਆਪਣੀ ਆਵਾਜ਼ ਦੇ ਨਮੂਨੇ ਦੇ ਦਿੱਤੇ ਹਨ।
ਇਨ੍ਹਾਂ ਦਲੀਲਾਂ ਦੇ ਅਧਾਰ ਉੱਤੇ ਉਨ੍ਹਾਂ ਵੱਲੋਂ ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਪੱਕੀ ਜ਼ਮਾਨਤ ਦੀ ਮੰਗ ਕੀਤੀ ਗਈ ਪਰ ਭਗਵੰਤ ਮਾਨ ਸਰਕਾਰ ਵੱਲੋਂ ਇਸ ਪੱਕੀ ਜ਼ਮਾਨਤ ਦਾ ਕੋਈ ਵਿਰੋਧ ਨਹੀਂ ਕੀਤਾ ਗਿਆ। ਭਗਵੰਤ ਮਾਨ ਸਰਕਾਰ ਵਿੱਚ ਵਿਜੈ ਸਿੰਗਲਾ ਉਸੇ ਤਰ੍ਹਾਂ ਹੀ ਕਾਇਮ ਹਨ ਅਤੇ ਉਨ੍ਹਾਂ ਵੱਲੋਂ ਆਪਣੇ ਹਲਕੇ ਦੇ ਹਰ ਤਰ੍ਹਾਂ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਸਰਕਾਰੀ ਅਤੇ ਗੈਰ ਸਰਕਾਰੀ ਸਮਾਗਮਾਂ ਵਿੱਚ ਉਸੇ ਤਰ੍ਹਾਂ ਸ਼ਿਰਕਤ ਕੀਤੀ ਜਾ ਰਹੀ ਹੈ ਪਰ ਭ੍ਰਿਸ਼ਟਾਚਾਰ ਦੇ ਲੱਗੇ ਇਲਜ਼ਾਮ ਦੇ ਬਾਵਜੂਦ ਭਗਵੰਤ ਮਾਨ ਵੱਲੋਂ ਪਾਰਟੀ ਪੱਧਰ ਉੱਪਰ ਵੀ ਕੋਈ ਕਾਰਵਾਈ ਵਿਜੇਂ ਸਿੰਗਲਾ ਉੱਤੇ ਨਹੀਂ ਕੀਤੀ ਹੈ ਜਿਸ ਕਾਰਨ ਲਗਾਤਾਰ ਵਿਰੋਧੀਆਂ ਵੱਲੋਂ ਭਗਵੰਤ ਸਰਕਾਰ ਦੀ ਇਸ ਕਾਰਗੁਜ਼ਾਰੀ ਉੱਤੇ ਸ਼ੰਕੇ ਜਾਹਰ ਕੀਤੇ ਗਏ ਅਤੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਨੂੰ ਮਹਿਜ਼ ਇਕ ਡਰਾਮਾ ਦੱਸਿਆ ਗਿਆ।
ਸਾਬਕਾ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਉੱਤੇ ਇਲਜ਼ਾਮ: ਪੰਜਾਬ ਪੁਲਿਸ ਵਿੱਚ ਰਿਟਾਇਰ ਹੋਕੇ ਵਿਧਾਨ ਸਭਾ ਚੋਣਾਂ ਜਿੱਤਣ ਉਪਰੰਤ ਭਗਵੰਤ ਮਾਨ ਸਰਕਾਰ ਵਿੱਚ ਕੈਬਨਿਟ ਮੰਤਰੀ ਬਣਨ ਵਾਲੇ ਫੌਜਾ ਸਿੰਘ ਸਰਾਰੀ ਉਸ ਸਮੇਂ ਸੁਰਖੀਆਂ ਵਿੱਚ ਆਏ ਜਦੋਂ ਓ ਐਸ ਡੀ ਤਰਸੇਮ ਨਾਲ ਹੋਈ ਗੱਲਬਾਤ ਦੀ ਆਡੀਓ ਤੇਜ਼ੀ ਨਾਲ ਵਾਇਰਲ ਹੋਈ। ਆਡੀਓ ਵਿੱਚ ਫੌਜਾ ਸਿੰਘ ਸਰਾਰੀ ਅਤੇ ਤਰਸੇਮ ਲਾਲ ਪੈਸਿਆਂ ਦੀ ਸੈਟਿੰਗ ਸਬੰਧੀ ਗੱਲਬਾਤ ਕੀਤੀ ਗਈ। ਆਡੀਓ ਸਬੰਧੀ ਸਪੱਸ਼ਟੀਕਰਨ ਦਿੰਦੇ ਹੋਏ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਇਹ ਆਵਾਜ਼ ਉਨ੍ਹਾਂ ਦੀ ਹੈ ਪਰ ਇਸ ਨੂੰ ਕੱਟ ਵੱਢ ਕਰਕੇ ਵਾਇਰਲ ਕੀਤਾ ਗਿਆ ਹੈ। ਆਡੀਓ ਵਾਇਰਲ ਹੋਣ ਦੇ ਬਾਵਜੂਦ ਭਗਵੰਤ ਸਰਕਾਰ ਵੱਲੋਂ ਫੌਜਾ ਸਿੰਘ ਸਰਾਰੀ ਖ਼ਿਲਾਫ਼ ਕਿਸੇ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ: Schools of eminence: ਸੀਐਮ ਭਗਵੰਤ ਮਾਨ ਨੇ 117 ‘ਸਕੂਲਜ਼ ਆਫ ਐਮੀਨੈਂਸ’ ਵਿੱਚ ਦਾਖ਼ਲੇ ਲਈ ਪੋਰਟਲ ਕੀਤਾ ਲਾਂਚ
ਵਿਧਾਇਕ ਦਾ ਨਜ਼ਦੀਕੀ ਚਾਰ ਲੱਖ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ: ਬਠਿੰਡਾ ਦੇ ਹਲਕਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਦੇ ਸਹਿਯੋਗੀ ਰਿਸ਼ਬ ਗਰਗ ਨੂੰ ਸਰਕਟ ਹਾਊਸ ਨੇੜਿਓਂ ਪਿੰਡ ਘੁੱਦਾ ਦੀ ਸਰਪੰਚ ਸੀਮਾ ਰਾਣੀ ਦੇ ਪਤੀ ਪ੍ਰਿਤਪਾਲ ਕੁਮਾਰ ਤੋਂ ਚਾਰ ਲੱਖ ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਜਦੋਂ ਪੁਲਸ ਵੱਲੋਂ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਉਸ ਸਮੇਂ ਬਠਿੰਡਾ ਦਿਹਾਤੀ ਦੇ ਵਿਧਾਇਕ ਰਤਨ ਸਰਕਟ ਹਾਊਸ ਵਿੱਚ ਮੌਜੂਦ ਸਨ ਪਰ ਫਿਰ ਵੀ ਵਿਜੀਲੈਂਸ ਵੱਲੋਂ ਉਨ੍ਹਾਂ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਸ਼ਿਕਾਇਤਕਰਤਾ ਪ੍ਰਿਤਪਾਲ ਕੁਮਾਰ ਵੱਲੋਂ ਇਕ ਆਡੀਓ ਵਾਇਰਲ ਕਰ ਸ਼ਰੇਆਮ ਰਿਸ਼ਵਤ ਕਾਂਡ ਨਾਲ ਵਧਾਇਕ ਅਮਿਤ ਰਤਨ ਦੇ ਜੁੜੇ ਹੋਣ ਦਾ ਦਾਅਵਾ ਕੀਤਾ ਗਿਆ ਪਰ ਵਿਜੀਲੈਂਸ ਵੱਲੋਂ ਸਿਰਫ਼ ਰਿਸ਼ਬ ਖ਼ਿਲਾਫ਼ ਹੀ ਕਾਰਵਾਈ ਕੀਤੀ ਹੈ ਅਤੇ ਉਸ ਦਾ ਮੁੜ ਤੋਂ ਰਿਮਾਂਡ ਲਿਆ ਗਿਆ ਜਿਸ ਕਾਰਨ ਲਗਾਤਾਰ ਸਿਆਸੀ ਪਾਰਟੀਆਂ ਵੱਲੋਂ ਭਗਵੰਤ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ ਉੱਤੇ ਸਵਾਲ ਉਠਾਏ ਗਏ। ਉਨ੍ਹਾਂ ਕਿਹਾ ਕੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੇਣ ਦੇ ਦਾਅਵੇ ਕਰਨ ਵਾਲੀ ਭਗਵੰਤ ਮਾਨ ਸਰਕਾਰ ਆਪਣੇ ਹੀ ਵਿਧਾਇਕਾਂ ਖਿਲਾਫ ਭ੍ਰਿਸ਼ਟਾਚਾਰ ਸਬੰਧੀ ਕੋਈ ਕਾਰਵਾਈ ਨਹੀਂ ਕਰ ਰਹੀ ਜਿਸ ਤੋਂ ਸਾਫ ਜਾਹਿਰ ਹੈ ਕਿ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੇਣ ਵਾਲੀ ਭਗਵੰਤ ਮਾਨ ਸਰਕਾਰ ਦੇ ਦਾਅਵੇ ਖੋਖਲੇ ਹਨ।