ਬਠਿੰਡਾ: ਕੋਰੋਨਾ ਮਹਾਂਮਾਰੀ ਤੋਂ ਬਾਅਦ ਹੁਣ ਪੰਜਾਬ ਵਿੱਚ ਸਵਾਈਨ ਫਲੂ ਨੇ ਦਸਤਕ ਦੇ ਦਿੱਤੀ ਹੈ ਅਤੇ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਤਿੰਨ ਮਰੀਜ਼ ਸਵਾਈਨ ਫਲੂ ਪਾਜ਼ੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਦੋ ਦਾ ਇਲਾਜ ਲੁਧਿਆਣਾ ਅਤੇ ਇੱਕ ਦਾ ਬਠਿੰਡਾ ਦੇ ਪ੍ਰਾਈਵੇਟ ਹਸਪਤਾਲ ਵਿਚ ਚੱਲ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ ਰਮਨਪ੍ਰੀਤ ਨੇ ਦੱਸਿਆ ਕਿ ਉਨ੍ਹਾਂ ਪਾਸ ਜੋ ਡਾਟਾ ਪਹੁੰਚਿਆ ਹੈ ਉਸ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਦੋ ਮਰੀਜ਼ ਰਾਮਪੁਰਾ ਫੂਲ ਨਾਲ ਸਬੰਧਤ ਜੋ ਸਵਾਈਨ ਫਲੂ ਕਾਰਨ ਪ੍ਰਭਾਵਿਤ ਹੋਏ ਹਨ ਦਾ ਇਲਾਜ ਲੁਧਿਆਣਾ ਵਿਖੇ ਚੱਲ ਰਿਹਾ ਹੈ।
ਇਸ ਦੇ ਨਾਲ ਹੀ ਇਕ ਮਰੀਜ਼ ਜੋ ਤਲਵੰਡੀ ਸਾਬੋ ਨਾਲ ਸਬੰਧਤ ਹੈ ਦਾ ਇਲਾਜ ਬਠਿੰਡਾ ਦੇ ਪ੍ਰਾਈਵੇਟ ਹਸਪਤਾਲ ਵਿੱਚ ਚੱਲ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਬੀਮਾਰੀ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਮੌਸਮ ਦੀ ਤਬਦੀਲੀ ਨਾਲ ਅਜਿਹੇ ਵਾਇਰਸ ਤੇਜ਼ੀ ਨਾਲ ਇੱਕ ਦੂਜੇ ਦੇ ਸੰਪਰਕ ਵਿੱਚ ਆਉਣ ਨਾਲ ਫੈਲਦੇ ਹਨ।
ਇਸ ਲਈ ਫੇਸ ਮਾਸਕ ਅਤੇ ਸੈਨੀਟਾਈਜ਼ਰਸ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ ਅਤੇ ਬੁਖਾਰ ਹੋਣ 'ਤੇ ਤੁਰੰਤ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਇਸ ਸੰਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਇਸ ਚੀਜ਼ ਨੂੰ ਲੈ ਕੇ ਜੰਗੀ ਪੱਧਰ ਉਪਰ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ ਅਤੇ ਸਪੈਸ਼ਲ ਵਾਰਡ ਸਵਾਈਨ ਫਲੂ ਲਈ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਵਾਈਨ ਫਲੂ ਨਾਲ ਸਬੰਧਤ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਅਤੇ ਫੇਸ ਮਾਸਕ ਅਤੇ ਸੈਨੀਟਾਈਜ਼ਰਸ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ ਅਤੇ ਜੋ ਵਿਅਕਤੀ ਇਸ ਵਾਇਰਸ ਨਾਲ ਪ੍ਰਭਾਵਿਤ ਹੁੰਦੇ ਹਨ, ਉਨ੍ਹਾਂ ਨੂੰ ਆਪਣੇ ਆਪ ਨੂੰ ਇਕਾਂਤਵਾਸ ਕਰ ਲੈਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਸ਼੍ਰੋਮਣੀ ਕਮੇਟੀ ਦੇ ਵਫਦ ਨੇ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ