ਬਠਿੰਡਾ: ਸ਼ਹਿਰ ਦੀਆਂ ਸੜਕਾਂ ’ਤੇ ਟਰੈਕਟਰਾਂ ਦੇ ਕਾਫ਼ਲੇ ਨਜ਼ਰ ਆਏ ਅਤੇ ਵੱਡੀ ਗਿਣਤੀ ਵਿੱਚ ਕਿਸਾਨਾਂ ਦੀ ਹਮਾਇਤ ’ਚ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਸਹਿਯੋਗ ਦਿੱਤਾ ਗਿਆ। ਇਸ ਮੌਕੇ ਮੁਲਾਜ਼ਮ ਆਗੂ ਰਘਬੀਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਦੇ ਖੇਤੀ ਕਾਨੂੰਨ ਮਨਜ਼ੂਰ ਨਹੀਂ ਅਤੇ ਇਨ੍ਹਾਂ ਕਾਨੂੰਨਾਂ ’ਤੇ ਸੁਪਰੀਮ ਕੋਰਟ ਦੇ ਫ਼ੈਸਲੇ ਵੀ ਮੰਦਭਾਗੇ ਹਨ।
ਟਰੈਕਟਰ ਮਾਰਚ ਦੌਰਾਨ 'ਕਿਸਾਨ ਹਾਂ ਅੱਤਵਾਦੀ ਨਹੀਂ' ਦੇ ਨਾਅਰੇ ਵੀ ਗੂੰਜੇ
ਉਨ੍ਹਾਂ ਦੱਸਿਆ ਕਿ ਇਹ ਟਰੈਕਟਰ ਮਾਰਚ ਕਿਸਾਨ ਜਥੇਬੰਦੀਆਂ ਵੱਲੋਂ 26 ਜਨਵਰੀ ਨੂੰ ਦਿੱਲੀ ਵਿਖੇ ਕੀਤੀ ਜਾਣ ਵਾਲੇ ਟਰੈਕਟਰ ਮਾਰਚ ਦੀ ਹਮਾਇਤ ਵਿਚ ਕੱਢਿਆ ਗਿਆ ਹੈ ਤਾਂ ਜੋ ਪੰਜਾਬੀਆਂ ਨੂੰ ਲਾਮਬੰਦ ਕੀਤਾ ਜਾ ਸਕੇ। ਇਸ ਟਰੈਕਟਰ ਮਾਰਚ ਵਿਚ ਜਿੱਤਾਂਗੇ ਜਾਂ ਮਰਾਂਗੇ। ਇਸ ਮੌਕੇ ਮਾਰਚ ਦੌਰਾਨ 'ਕਿਸਾਨ ਹਾਂ ਅੱਤਵਾਦੀ ਨਹੀਂ' ਦੇ ਨਾਅਰੇ ਵੀ ਗੂੰਜਦੇ ਸੁਣਾਈ ਦਿੱਤੇ।
ਦੋਧੀ ਯੂਨੀਅਨ ਨੇ ਵੀ ਕਿਸਾਨ ਅੰਦੋਲਨ ਦੀ ਕੀਤੀ ਹਮਾਇਤ
ਇਸ ਮੌਕੇ ਵੱਡੀ ਗਿਣਤੀ ਵਿੱਚ ਟਰੈਕਟਰਾਂ ਦੇ ਕਾਫਲਿਆਂ ਦੀ ਸ਼ਮੂਲੀਅਤ ਨੇ ਕਿਸਾਨੀ ਅੰਦੋਲਨ ਦੀ ਡਟਵੀਂ ਹਮਾਇਤ ਕੀਤੀ। ਇਸ ਟਰੈਕਟਰ ਮਾਰਚ ਵਿੱਚ ਦੋਧੀ ਯੂਨੀਅਨ ਵੱਲੋਂ ਵੀ ਕਾਫ਼ਲਿਆਂ ਦੇ ਰੂਪ ਵਿੱਚ ਸ਼ਮੂਲੀਅਤ ਕੀਤੀ ਅਤੇ ਖ਼ਾਲਸਾ ਸਕੂਲ ਕੋਲ ਇਕੱਤਰ ਹੋ ਕੇ ਦੋਧੀ ਵੀ ਸ਼ਾਮਲ ਹੋਏ। ਇਸ ਮੌਕੇ ਕਿਸਾਨਾਂ ਨੇ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਅਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ।