ਬਠਿੰਡਾ: ਸ਼ਹਿਰ ਵਿੱਚ 8 ਜਨਵਰੀ ਨੂੰ ਇਕ ਨੌਜਵਾਨ ਦੀ ਜ਼ਹਿਰ ਖਾਣ ਨਾਲ ਮੌਤ ਹੋ ਗਈ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੇ ਵਰਕਰ ਮੌਕੇ 'ਤੇ ਪਹੁੰਚੇ ਅਤੇ ਨੌਜਵਾਨ ਨੂੰ ਤੁਰੰਤ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਐਮਰਜੈਂਸੀ ਮੈਡੀਕਲ ਅਫ਼ਸਰ ਡਾ. ਗੁਰਜੀਵਨ ਸਿੰਘ ਨੇ ਦੱਸਿਆ ਕਿ ਨੌਜਵਾਨ ਨੂੰ ਜਦੋਂ ਹਸਪਤਾਲ ਵਿਖੇ ਲਿਆਂਦਾ ਗਿਆ ਤਾਂ ਕੁੱਝ ਸਮੇਂ ਬਾਅਦ ਉਸਦੀ ਮੌਤ ਹੋ ਗਈ।
ਡੀਐਸਪੀ ਸੰਜੀਵ ਸਿੰਗਲਾ ਨੇ ਦੱਸਿਆ ਕਿ ਪੁਲਿਸ ਨੂੰ ਜਦੋਂ ਹੀ ਇਸ ਵਾਰਦਾਤ ਦੀ ਸੂਚਨਾ ਮਿਲੀ ਤਾਂ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ। ਇਸ ਦੌਰਾਨ ਐਸਐਚਓ ਸਿਵਲ ਲਾਈਨ ਇੰਚਾਰਜ ਰਵਿੰਦਰ ਸਿੰਘ ਤੋਂ ਇਲਾਵਾ ਹੋਰ ਪੁਲਿਸ ਅਧਿਕਾਰੀ ਮੌਜੂਦ ਸਨ।
ਡੀਐਸਪੀ ਸੰਜੀਵ ਸਿੰਗਲਾ ਨੇ ਦੱਸਿਆ ਕਿ ਮ੍ਰਿਤਕ ਦੀ ਸ਼ਨਾਖਤ ਅਵਿਨਾਸ਼ ਵਜੋਂ ਹੋਈ ਹੈ ਅਤੇ ਉਹ ਨਰੁਵਾਣਾ ਰੋਡ ਨੇੜੇ ਰਹਿਣ ਵਾਲਾ ਸੀ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਨੂੰ ਪੁਲਿਸ ਜਲਦ ਹੀ ਸੂਚਨਾ ਭੇਜ ਰਹੀ ਹੈ ਤਾਂ ਜੋ ਵਾਰਿਸ ਦੇ ਬਿਆਨਾਂ ਤੋਂ ਬਾਅਦ ਪੁਲਿਸ ਅਗਲੀ ਕਰਵਾਈ ਕਰ ਸਕੇ। ਨੌਜਵਾਨ ਨੇ ਜ਼ਹਿਰ ਕਿਉਂ ਖਾਧਾ ਇਸ ਦੀ ਜਾਣਕਾਰੀ ਫਿਲਹਾਲ ਹਾਸਲ ਨਹੀਂ ਹੋ ਸਕੀ। ਪੁਲਿਸ ਨੇ ਆਪਣੇ ਤੌਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।