ਬਠਿੰਡਾ: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਤੇ ਪੈਰ ਮਿਲਟਰੀ ਫੋਰਸਾਂ ਵੱਲੋਂ 18 ਮਾਰਚ ਨੂੰ ਕਾਰਵਾਈ ਕੀਤੀ ਗਈ। ਇਸ ਕਾਰਵਾਈ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਕੁੱਝ ਸਾਥੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਰਿਹਾਈ ਨੂੰ ਲੈ ਕੇ ਅੱਜ ਮੰਗਲਵਾਰ ਨੂੰ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੇ ਸਮਾਜ ਸੇਵੀ ਲੱਖਾ ਸਿੰਘ ਸਿਧਾਣਾ ਦੀ ਅਗਵਾਈ ਵਿੱਚ ਨੌਜਵਾਨਾਂ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੈਮੋਰੰਡਮ ਸੌਂਪਿਆ ਗਿਆ।
ਪ੍ਰਦਸ਼ਨਕਾਰੀਆਂ ਨੂੰ ਪੁਲਿਸ ਨੇ ਰੋਕਿਆ:- ਦੱਸ ਦਈਏ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਧਾਰਾ 144 ਲੱਗੇ ਹੋਣ ਕਾਰਨ ਇਨ੍ਹਾਂ ਪ੍ਰਦਸ਼ਨਕਾਰੀਆਂ ਨੂੰ ਗੁਰਦੁਆਰਾ ਸਾਹਿਬ ਤੋਂ ਨਿਕਲਣ ਸਾਰ ਹੀ ਰੋਕਿਆ ਗਿਆ। ਪਰ ਇਹ ਨੌਜਵਾਨ ਆਪਣੀ ਜ਼ਿੰਦ ਉੱਤੇ ਅੜੇ ਰਹੇ, ਜਿਸ ਤਹਿਤ ਨੌਜਵਾਨਾਂ ਨੂੰ ਪ੍ਰਸ਼ਾਸਨ ਨੇ ਥੋੜ੍ਹੀ ਦੂਰੀ ਜਾਣ ਦੀ ਇਜਾਜ਼ਤ ਦਿੱਤੀ। ਜਿਹਨਾਂ ਨੂੰ ਹਾਜ਼ੀ ਰਤਨ ਚੌਂਕ ਵਿਖੇ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕਰਕੇ ਇਹਨਾਂ ਪ੍ਰਦਰਸ਼ਨਕਾਰੀਆਂ ਨੂੰ ਰੋਕਿਆ ਗਿਆ ਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਬੁਲਾ ਕੇ ਇਨ੍ਹਾਂ ਪ੍ਰਦਸ਼ਨਕਾਰੀਆਂ ਤੋਂ ਮੈਮੋਰੰਡਮ ਦਵਾਇਆ ਗਿਆ।
ਅੰਮ੍ਰਿਤਪਾਲ ਦੇ ਸਾਥੀਆਂ ਦੀ ਰਿਹਾਅ ਲਈ ਪ੍ਰਦਰਸ਼ਨ ਉਲੀਕਿਆ ਗਿਆ:- ਇਸ ਦੌਰਾਨ ਹੀ ਗੱਲਬਾਤ ਕਰਦਿਆ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ ਨੇ ਕਿਹਾ ਕਿ ਕੁੱਝ ਦਿਨ ਤੋਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਅੰਮ੍ਰਿਤਪਾਲ ਸਿੰਘ ਦੇ ਗ੍ਰਿਫ਼ਤਾਰ ਕੀਤੇ ਸਾਥੀਆਂ ਦੀ ਰਿਹਾਅ ਕਰਵਾਉਣ ਲਈ ਸਾਡੇ ਵੱਲੋਂ ਰੋਸ ਪ੍ਰਦਰਸ਼ਨ ਨੂੰ ਉਲੀਕਿਆ ਗਿਆ ਸੀ।
ਪੰਜਾਬ ਵਿਚ ਦਹਿਸ਼ਤ ਫੈਲਾਉਣ ਲਈ ਹੋਈ ਕਾਰਵਾਈ:- ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਕੇਂਦਰ ਸਰਕਾਰ ਨਾਲ ਮਿਲ ਕੇ ਪੰਜਾਬੀ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਹੈ, ਇਸ ਦੀ ਉਹ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਨ। ਇਹੋ ਜਿਹੀ ਹਰਕਤ ਉਹ ਹਰਗਿਜ਼ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਸਿੱਖ ਪ੍ਰਦਰਸ਼ਨਕਾਰੀਆਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਇਹ ਸਭ ਪੰਜਾਬ ਵਿਚ ਦਹਿਸ਼ਤ ਫੈਲਾਉਣ ਲਈ ਕੀਤਾ ਗਿਆ ਹੈ ਤਾਂ ਜੋ 2024 ਦੀਆਂ ਚੋਣਾਂ ਵਿੱਚ ਜਿੱਤ ਹਾਸਲ ਕੀਤੀ ਜਾ ਸਕੇ।
ਦੋਵੇ ਸਰਕਾਰਾਂ ਨੇ ਮਿਲਕੇ ਕੀਤੀ ਕਾਰਵਾਈ:- ਇਸ ਦੌਰਾਨ ਹੀ ਗੱਲਬਾਤ ਕਰਦਿਆ ਸਮਾਜ ਸੇਵੀ ਲੱਖਾ ਸਿੰਘ ਸਿਧਾਣਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਦੇ ਨੌਜਵਾਨਾਂ ਨੂੰ ਅੰਮ੍ਰਿਤਪਾਨ ਕਰਵਾ ਕੇ ਨਸ਼ਾ ਛੁਡਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨਾਲ ਰਲ ਕੇ ਅੰਮ੍ਰਿਤਪਾਲ ਸਿੰਘ ਉੱਤੇ ਜਿਹੜੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਉਸ ਤਹਿਤ ਉਹ ਕਈ ਸਾਲ ਤੱਕ ਜੇਲ੍ਹ ਤੋਂ ਬਾਹਰ ਨਹੀਂ ਨਿਕਲ ਸਕੇਗਾ।
ਸਿੱਖਾਂ ਨੂੰ ਡਰਾਉਣ ਦੀ ਕੋਸ਼ਿਸ਼:- ਸਮਾਜ ਸੇਵੀ ਲੱਖਾ ਸਿੰਘ ਸਿਧਾਣਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕੋਈ ਮਾਮਲਾ ਦਰਜ ਸੀ ਤਾਂ ਡੀ.ਜੀ.ਪੀ ਪੰਜਾਬ ਅੰਮ੍ਰਿਤਪਾਲ ਸਿੰਘ ਨੂੰ ਬੁਲਾ ਕੇ ਗੱਲਬਾਤ ਕਰ ਸਕਦੇ ਸਨ। ਪਰ ਜਿਸ ਤਰ੍ਹਾਂ ਨਾਲ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਇਹ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਗਿਆ। ਇਸ ਨਾਲ ਸਿੱਖਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਗਈ ਤੇ ਇੱਕ ਖਾਸ ਫਿਰਕੇ ਨੂੰ ਖੁਸ਼ ਕਰਨ ਲਈ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਇਹ ਸਭ ਘਟਨਾਕ੍ਰਮ ਨੂੰ ਅੰਜ਼ਾਮ ਦਿੱਤਾ ਗਿਆ। ਜਿਸ ਨੂੰ ਸਿੱਖ ਬਰਦਾਸ਼ਤ ਨਹੀਂ ਕਰਨਗੇ।
ਇਹ ਵੀ ਪੜੋ:- Amritpal Singh: ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਦਾਖਲ ਕੀਤਾ ਜਵਾਬ