ਮੋਗਾ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੋਗਾ ਵਿੱਖੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਸ਼ਨ ਕੀਤਾ। ਇਸ ਧਰਨੇ ਦੀ ਅਗਵਾਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰ ਰਹੇ ਹਨ। ਅਕਾਲੀ ਦਲ ਵੱਲੋਂ ਇਸ ਧਰਨੇ 'ਚ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਧਰਨੇ 'ਚ ਹਜ਼ਾਰਾਂ ਦੀ ਗਿਣਤੀ 'ਚ ਪੁੱਜੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਬਾਦਲ ਨੇ ਨਸ਼ਿਆਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਦੇ ਹੋਇਆ ਕਿਹਾ ਕਿ ਕਾਂਗਰਸ ਨੂੰ ਪਾਪ ਦਾ ਨਤੀਜਾ ਭੁਗਤਣਾ ਪਵੇਗਾ।
ਉਨ੍ਹਾਂ ਕਿਹਾ ਕਿ ਨਸ਼ੇ ਕਾਰਨ ਪਰਿਵਾਰ ਦੇ ਪਰਿਵਾਰ ਤਬਾਹ ਹੋ ਗਏ ਹਨ, ਪਰ ਸਰਕਾਰ ਨਸ਼ਿਆਂ 'ਤੇ ਨੱਥ ਪਾਉਣ 'ਚ ਪੂਰੀ ਤਰ੍ਹਾਂ ਫ਼ੇਲ ਹੋ ਗਈ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦਾ ਪਾਣੀ ਪਾਕਿਸਤਾਨ ਵੱਲ ਭੇਜਿਆ ਜਾ ਰਿਹਾ ਹੈ, ਇਸ ਮਸਲੇ 'ਤੇ ਵੀ ਸਰਕਾਰ ਕੁਝ ਨਹੀਂ ਕਰ ਰਹੀ ਹੈ। ਸੁਖਬੀਰ ਬਾਦਲ ਨੇ ਧਰਨੇ ਦੌਰਾਨ ਐਲਾਨ ਕੀਤਾ ਕਿ ਅਕਾਲੀ ਸਰਕਾਰ ਆਉਣ 'ਤੇ ਸਭ ਤੋਂ ਪਹਿਲਾ ਜਿੰਨੇ ਵੀ ਦਰਜ ਹੋਏ ਝੂਠੇ ਪਰਚੇ ਹਨ, ਉਨ੍ਹਾਂ ਨੂੰ ਰੱਦ ਕੀਤਾ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਦੀ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਜਾਰੀ
ਸੁਖਬੀਰ ਬਾਦਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ,"3 ਮਹੀਨੇ ਗ੍ਰਾਂਟਾਂ ਨਾ ਮੰਗਿਓ, ਪਹਿਲਾਂ ਪਰਚੇ ਰੱਦ ਕੀਤੇ ਜਾਣਗੇ। ਸੁਖਬੀਰ ਬਾਦਲ ਦੀ ਅਗਵਾਈ ਹੇਠ ਇਸ ਧਰਨੇ 'ਚ ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਗਰੇਵਾਲ, ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂ ਮੌਜਦੂ ਰਹੇ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ‘ਚ ਮੋਗਾ ਜ਼ਿਲ੍ਹੇ ਦੇ ਲੋਕ ਪਹੁੰਚੇ ਹੋਏ ਹਨ ਅਤੇ ਲਗਾਤਾਰ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੋਸ ਜ਼ਾਹਿਰ ਕਰ ਰਹੇ ਹਨ। ਦੱਸਣਯੋਗ ਹੈ ਕਿ ਅਕਾਲੀ ਦਲ ਮੋਗਾ ਤੋਂ ਬਾਅਦ 17 ਨੂੰ ਪਟਿਆਲਾ ਤੇ 23 ਨੂੰ ਗੁਰਦਾਸਪੁਰ 'ਚ ਮੋਰਚਾ ਖੋਲ੍ਹਣਗੇ।