ਖਰੜ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਟਵਿੱਟਰ ਚੌਪਾਲ’ ਵਿੱਚ ਸ਼ਾਮਲ ਹੋਣ ਆਏ ਲੋਕਾਂ ਦੇ ਸਿੱਧੇ ਸਵਾਲਾਂ ਦੇ ਜਵਾਬ ਦਿੱਤੇ। ਇਸ ਦੌਰਾਨ ਉਨ੍ਹਾਂ ਭਾਰਤੀ ਜਨਤਾ ਪਾਰਟੀ ਵੱਲੋਂ ਫੁੱਟਪਾਊ ਸਿਆਸਤ ਰਾਹੀਂ ਭਾਰਤ ਦੀ ਅਨੇਕਤਾ ਨੂੰ ਖੇਰੂ-ਖੇਰੂ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਆਲੋਚਨਾ ਕੀਤੀ।
ਉਨ੍ਹਾਂ ਬਾਦਲਾਂ ਨਾਲ ਨਰਮੀ ਵਰਤਣ ਤੋਂ ਇਨਕਾਰ ਕਰਦਿਆਂ ਸਪੱਸ਼ਟ ਕੀਤਾ ਕਿ ਸੂਬੇ ਦੇ ਲੋਕਾਂ ਵਿਰੁੱਧ ਕਿਸੇ ਵੀ ਅਪਰਾਧ ਲਈ ਜੇ ਕਾਨੂੰਨ ਮੁਤਾਬਕ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਹ ਭਾਵੇਂ ਕੋਈ ਵੀ ਹੋਵੇ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਪਰਕਾਸ਼ ਸਿੰਘ ਬਾਦਲ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਵੀ ਸਜ਼ਾ ਮਿਲੇਗੀ। ਉਨ੍ਹਾਂ ਮੁੜ ਦੁਹਰਾਇਆ ਕਿ ਉਹ ਸੰਵਿਧਾਨਕ ਨੇਮਾਂ ਮੁਤਾਬਕ ਤੈਅ ਕਾਨੂੰਨੀ ਪ੍ਰਕਿਰਿਆ ਅਨੁਸਾਰ ਚੱਲਣਗੇ। ਜੇ ਬਾਦਲ ਕਸੂਰਵਾਰ ਪਾਏ ਜਾਂਦੇ ਹਨ ਉਨ੍ਹਾਂ ਨੂੰ ਕੀਤੀਆਂ ਹੋਈਆਂ ਭੁਗਤਣੀਆਂ ਪੈਣਗੀਆਂ।
ਮੁੱਖ ਮੰਤਰੀ ਨੇ ਵਾਅਦਾ ਕੀਤਾ ਕਿ ਸਰਕਾਰੀ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਵਿਚਾਰਿਆ ਜਾਵੇਗਾ ਅਤੇ ਸੂਬੇ ਦੀ ਵਿੱਤੀ ਹਾਲਤ ਠੀਕ ਹੁੰਦਿਆਂ ਹੀ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,‘‘ਮੁਲਾਜ਼ਮਾਂ ਨੂੰ ਵੀ ਕੁਝ ਸਮੇਂ ਲਈ ਸਾਡੇ ਨਾਲ ਸਹਿਣ ਕਰਨਾ ਹੋਵੇਗਾ।’’