ਚੰਡੀਗੜ੍ਹ : ਨੀਤੀ ਆਯੋਗ ਦੀ ਬੈਠਕ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੈਰ ਹਾਜ਼ਰੀ ਨੂੰ ਲੈ ਕੇ ਅਕਾਲੀ ਆਗੂਆਂ ਨੇ ਉਨ੍ਹਾਂ ਉੱਤੇ ਨਿਸ਼ਾਨ ਵਿਨ੍ਹਿਆ ਹੈ।
ਮੁੱਖ ਮੰਤਰੀ ਕੈਪਟਨ ਉੱਤੇ ਨਿਸ਼ਾਨਾ ਸਾਧਦੇ ਹੋਏ ਅਕਾਲੀ ਦਲ ਦੇ ਆਗੂ ਚਰਨਜੀਤ ਬਰਾੜ ਨੇ ਕਿਹਾ ਕਿ ਨੀਤੀ ਆਯੋਗ ਵਿੱਚ ਪੰਜ ਸਾਲਾਂ ਦੇ ਉੱਪਰ ਚਰਚਾ ਕੀਤੀ ਜਾਂਦੀ ਹੈ। ਇਸ 'ਚ ਸੂਬੇ ਵਿੱਚ ਕਰਵਾਏ ਜਾਣ ਵਾਲੇ ਕੰਮਾਂ ਅਤੇ ਉਸ ਲਈ ਨੀਤੀ ਬਾਰੇ ਵਿਸ਼ੇਸ਼ ਚਰਚਾ ਹੁੰਦੀ ਹੈ। ਇਸ ਬੈਠਕ ਵਿੱਚ ਮੁੱਖ ਮੰਤਰੀ ਕੈਪਟਨ ਦਾ ਗੈਰ ਹਾਜ਼ਰ ਹੋਣਾ ਨਿੰਦਨਯੋਗ ਹੈ। ਸੂਬੇ ਦੇ ਮੁੱਖ ਮੰਤਰੀ ਦਾ ਇਹ ਵਿਵਹਾਰ ਸੂਬੇ ਦੇ ਪ੍ਰਤੀ ਲਾਪਰਵਾਹੀ ਅਤੇ ਗੈਰ ਜ਼ਿੰਮੇਵਾਰੀ ਦਰਸਾਉਂਦਾ ਹੈ। ਮੁੱਖ ਮੰਤਰੀ ਨੂੰ ਇਸ ਉੱਤੇ ਵਿਚਾਰ ਕਰਨਾ ਚਾਹੀਦਾ ਹੈ।
ਦੱਸਣਯੋਗ ਹੈ ਕਿ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਨੀਤੀ ਆਯੋਗ ਦੀ ਬੈਠਕ ਹੋਈ ਸੀ। ਇਸ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤੇਲੰਗਾਨਾ ਦੇ ਚੰਦਰਸ਼ਖੇਰ ਰਾਵ ਸਮੇਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਾਮਲ ਨਹੀਂ ਹੋਏ। ਸੂਤਰਾਂ ਮੁਤਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਹਤ ਕਾਰਨਾਂ ਕਰਕੇ ਬੈਠਕ ਵਿੱਚ ਹਿੱਸਾ ਨਹੀਂ ਲੈ ਸਕੇ। ਨੀਤੀ ਆਯੋਗ ਦੀ ਬੈਠਕ ਵਿੱਚ ਪੰਜਾਬ ਸੂਬੇ ਦੀ ਅਗਵਾਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੀਤੀ।
ਪੀਐਮ ਨਰਿੰਦਰ ਮੋਦੀ ਨੇ ਇਸ ਬੈਠਕ ਦੌਰਾਨ ਸਾਲ 2024 ਤੱਕ ਦੇਸ਼ ਦੀ ਅਰਥ ਵਿਵਸਥਾ ਨੂੰ 5,000 ਅਰਬ ਡਾਲਰ ਤੱਕ ਪਹੁੰਚਾਉਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਇਸ ਚੁਣੌਤੀ ਭਰੇ ਟੀਚੇ ਨੂੰ ਸੂਬਾ ਸਰਕਾਰਾਂ ਦੇ ਨਾਲ ਮਿਲ ਕੇ ਸਾਂਝੀ ਕੋਸ਼ਿਸ਼ਾਂ ਰਾਹੀਂ ਹੀ ਮੁਕੰਮਲ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਖੇਤੀਬਾੜੀ ਦੇ ਖ਼ੇਤਰ ਵਿੱਚ ਸੰਰਚਨਾਤਮਕ ਸੁਧਾਰ ਕੀਤੇ ਜਾਣ ਦੇ ਸਬੰਧ ਵਿੱਚ ਕੁਝ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਕੇਂਦਰੀ ਮੰਤਰੀਆਂ ਨਾਲ ਮਿਲ ਕੇ ਇੱਕ ਉੱਚ ਅਧਿਕਾਰ ਪ੍ਰਾਪਤ ਕਮੇਟੀ ਦਾ ਗਠਨ ਕਰਨ ਦਾ ਐਲਾਨ ਕੀਤਾ।