ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਜਨਰਲ ਜੇ.ਜੇ. ਸਿੰਘ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਨੂੰ ਆੜੇ ਹੱਥੀਂ ਲਿਆ।
ਇਸ ਦੌਰਾਨ ਜਨਰਲ ਸਿੰਘ ਨੇ ਸੂਬੇ ਦੀ ਸਰਕਾਰ 'ਤੇ ਵਾਅਦਾ ਖ਼ਿਲਾਫ਼ੀ ਦੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਕਾਂਗਰਸ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਕੋਈ ਵੀ ਕੰਮ ਨਹੀਂ ਕੀਤਾ ਜਿਸ ਕਰਕੇ ਆਮ ਲੋਕ ਸੱਤਾਧਾਰੀ ਧਿਰ ਤੋਂ ਅੱਕੇ ਹੋਏ ਹਨ।
ਇਸ ਦੇ ਨਾਲ ਹੀ ਜਨਰਲ ਨੇ ਗੁਆਂਢੀ ਮੁਲਕ ਪਾਕਿਸਤਾਨ ਨੂੰ ਵੀ ਆੜੇ ਹੱਥੀਂ ਲੈਂਦਿਆ ਕਿਹਾ ਕਿ ਪਾਕਿਸਤਾਨ ਹਮੇਸ਼ਾ ਤੋਂ ਹੀ ਭਾਰਤ ਵਿਰੁੱਧ ਕੰਮ ਕਰਦਾ ਆਇਆ ਹੈ ਇਸ ਕਰਕੇ ਭਾਰਤ ਨੂੰ ਪਾਕਿਸਾਤਨ 'ਤੇ ਭਰੋਸਾ ਨਹੀਂ ਕਰਨਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਜਨਰਲ ਜੇ ਜੇ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਵਿਰੁੱਧ ਚੋਣ ਲੜੀ ਸੀ ਪਰ ਇਨ੍ਹਾਂ ਚੋਣਾਂ ਵਿੱਚ ਜਨਰਨ ਨੂੰ ਕੈਪਟਨ ਹੱਥੋਂ ਹਾਰ ਦਾ ਸਾਹਮਣਾ ਕਰਨ ਪਿਆ ਸੀ। ਇਸ ਤੋਂ ਬਾਅਦ ਜਨਰਲ ਨੇ ਸ਼੍ਰੋਮਣੀ ਅਕਾਲੀ ਦਲ (ਬ) ਦਾ ਸਾਥ ਛੱਡ ਕੇ ਅਕਾਲੀ ਦਲ ਟਕਸਾਲੀ ਦਾ ਪੱਲ੍ਹਾ ਫੜ੍ਹਿਆ ਹੈ। ਇਸ ਤੋਂ ਬਾਅਦ ਅਕਾਲੀ ਦਲ (ਟ) ਨੇ ਜਨਰਲ ਜੇ.ਜੇ. ਸਿੰਘ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਵਜੋਂ ਐਲਾਨਿਆ ਹੈ।