ਨਵੀਂ ਦਿੱਲੀ: ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ ਨੂੰ ਪਾਰਟੀ ਵਿੱਚੋਂ ਬਰਖ਼ਾਸਤ ਕਰ ਦਿੱਤਾ ਹੈ। ਮਨਜੀਤ ਸਿੰਘ ਜੀ ਕੇ ਨੂੰ ਪਾਰਟੀ ਵਿਰੁੱਧ ਗਤੀਵਿਧੀਆਂ ਕਰਨ ਲਈ ਕੱਢਿਆ ਗਿਆ ਹੈ।
ਪਿਛਲੇ ਸਾਲ ਤੋਂ ਮਨਜੀਤ ਸਿਘ ਜੀਕੇ ਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਅਤੇ ਸੰਗਤ ਦੇ ਪੈਸੇ ਦੀ ਦੁਰਵਰਤੋਂ ਕਰਨ ਦਾ ਇਲਜ਼ਾਮ ਸੀ ਜਿਸ ਕਰਕੇ ਅਕਾਲੀ ਦਲ ਦੀ ਦਿੱਲੀ ਇਕਾਈ ਵੱਲੋਂ ਲਗਾਤਾਰ ਮਨਜੀਤ ਸਿੰਘ ਜੀਕੇ ਨੂੰ ਪਾਰਟੀ ਵਿੱਚੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਇਸ ਮੰਗ ਨੂੰ ਲੈ ਕੇ ਦਿੱਲੀ ਕਮੇਟੀ ਨੇ ਮਤਾ ਪਾਸ ਕਰ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਨੂੰ ਭੇਜਿਆ ਸੀ।
ਇਸ ਮਤੇ 'ਤੇ ਕਾਰਵਾਈ ਕਰਦਿਆਂ ਪਾਰਟੀ ਪ੍ਰਧਾਨ ਬਾਦਲ ਨੇ ਮਨਜੀਤ ਸਿੰਘ ਜੀਕੇ ਦੀ ਪਾਰਟੀ ਵਿੱਚੋਂ ਛੁੱਟੀ ਕਰ ਦਿੱਤੀ ਸੀ।
ਡੀਐਸਜੀਐਮਸੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪੱਤਰਕਾਰਾਂ ਦੇ ਮੁਖ਼ਾਤਬ ਹੁੰਦਿਆਂ ਕਿਹਾ ਕਿ ਮਨਜੀਤ ਸਿੰਘ ਜੀਕੇ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਸੰਗਤ ਦੇ ਪੈਸੇ ਦੇ ਪੈਸੇ ਦੀ ਦਰਵਰਤੋਂ ਕਰਨ ਦਾ ਇਲਜ਼ਾਮ ਸੀ। ਇਸ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜੀਕੇ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਾਹ ਵਿਖਾਇਆ ਹੈ। ਇਸ ਦੇ ਨਾਲ ਹੀ ਸਿਰਸਾ ਨੇ ਕਿਹਾ ਕਿ ਉਨ੍ਹਾਂ ਦਾ ਜੀਕੇ ਨਾਲ ਕੋਈ ਨਿੱਜੀ ਵੈਰ ਵਿਰੋਧ ਨਹੀਂ ਹੈ।
ਜ਼ਿਕਰਯੋਗ ਹੈ ਕਿ ਮਨਜੀਤ ਸਿੰਘ ਜੀਕੇ ‘ਤੇ ਪਿਛਲੇ ਸਾਲ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਸਨ, ਜਿਸ ਮਗਰੋਂ ਉਨ੍ਹਾਂ ਨੇ ਗੁਰਦੁਆਰਾ ਕਮੇਟੀ ਦੀ ਪ੍ਰਧਾਨਗੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ। ਜੀਕੇ ਇਸ ਮਾਮਲੇ ਵਿੱਚ ਪੁਲਿਸ ਕੇਸ ਦਾ ਵੀ ਸਾਹਮਣਾ ਕਰ ਰਹੇ ਹਨ।