ਚੰਡੀਗੜ੍ਹ: ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸਆਈਟੀ) ਮੀਡੀਆ ਵਿੱਚ ਚੱਲ ਰਹੀਆਂ ਉਨ੍ਹਾਂ ਖ਼ਬਰਾਂ, ਜਿਨ੍ਹਾਂ ਵਿੱਚ ਐਸਆਈਟੀ ਵੱਲੋਂ ਪੇਸ਼ ਕੀਤੀ ਚਾਰਜਸ਼ੀਟ ਵਿੱਚ ਸਿਆਸੀ ਆਗੂਆਂ ਨੂੰ ਕਲੀਨ ਚਿੱਟ ਦੀ ਗੱਲ ਕਹੀ ਜਾ ਰਹੀ ਹੈ, ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਐਸਆਈਟੀ ਵੱਲੋਂ ਇੱਕੋ ਚਲਾਨ, ਜੋ ਕਿ ਸਿਰਫ਼ ਇੱਕ ਦੋਸ਼ੀ ਚਰਨਜੀਤ ਸ਼ਰਮਾ ਵਿਰੁੱਧ ਪੇਸ਼ ਕੀਤਾ ਗਿਆ ਹੈ, ਦਾ ਜ਼ਿਕਰ ਕਰਕੇ ਮੀਡੀਆ ਵੱਲੋਂ ਇਹ ਬੇਬੁਨਿਆਦ ਨਤੀਜੇ ਕੱਢੇ ਜਾ ਰਹੇ ਹਨ।
ਐਸਆਈਟੀ ਨੇ ਜਾਣਕਾਰੀ ਦਿੱਤੀ ਕਿ ਇਹ ਮਾਮਲਾ ਜਾਂਚ ਅਧੀਨ ਹੈ ਤੇ ਇਸ ਵਿੱਚ ਅਜੇ ਕਈ ਹੋਰ ਪਹਿਲੂਆਂ ਦੀ ਜਾਂਚ ਕੀਤੀ ਜਾਣੀ ਹੈ, ਇਸ ਲਈ ਜਾਂਚ ਪੂਰੀ ਹੋਣ ਤੋਂ ਪਹਿਲਾਂ ਕਿਸੇ ਨੂੰ ਵੀ ਕਲੀਨ ਚਿੱਟ ਦੇਣ ਦਾ ਸਵਾਲ ਨਹੀਂ ਪੈਦਾ ਹੁੰਦਾ।
ਦੱਸਣਯੋਗ ਹੈ ਕਿ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ 792 ਪੰਨ੍ਹਿਆਂ ਦਾ ਚਲਾਨ, ਜਿਸ ਦਾ ਮੀਡੀਆ ਰਿਪੋਰਟਾਂ ਵਿੱਚ ਜ਼ਿਕਰ ਕੀਤਾ ਜਾ ਰਿਹਾ ਹੈ, ਵਿੱਚ ਸਿਰਫ਼ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਵਿਰੁੱਧ ਪੇਸ਼ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਬੁਲਾਰੇ ਨੇ ਇਹ ਸਪੱਸ਼ਟ ਕੀਤਾ ਕਿ ਸਾਲ 2015 ਦੇ ਇਸ ਮਾਮਲੇ ਦੀ ਜਾਂਚ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਕਾਨੂੰਨ ਮੁਤਾਬਕ ਬਣਦੀ ਸਜ਼ਾ ਜ਼ਰੂਰ ਮਿਲੇਗੀ।