ਚੰਡੀਗੜ੍ਹ: ਲੋਕ ਸਭਾ ਚੋਣਾਂ ਆਪਣੇ ਆਖ਼ਰੀ ਪੜਾਅ 'ਤੇ ਹਨ ਅਤੇ ਪੰਜਾਬ 'ਚ ਚੋਣ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਸਿਆਸੀ ਆਗੂ ਚੋਣ ਪ੍ਰਚਾਰ ਕਰਨ 'ਚ ਕੋਈ ਕਸਰ ਨਹੀਂ ਛੱਡ ਰਹੇ। ਵੱਡੇ-ਵੱਡੇ ਆਗੂ ਪੰਜਾਬ 'ਚ ਚੋਣ ਪ੍ਰਚਾਰ ਲਈ ਆ ਰਹੇ ਹਨ ਅਤੇ ਇਸੇ ਤਹਿਤ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਅਤੇ ਅਰਵਿੰਦ ਕੇਜਰੀਵਾਲ ਪੰਜਾਬ 'ਚ ਚੋਣ ਪ੍ਰਚਾਰ ਲਈ ਆ ਰਹੇ ਹਨ।
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਫਰੀਦਕੋਟ ਦੇ ਬਰਗਾੜੀ ਅਤੇ ਲੁਧਿਆਣਾ 'ਚ ਜਨ ਸਭਾ ਨੂੰ ਸੰਬੋਧਨ ਕਰਨਗੇ। ਬਰਗਾੜੀ 'ਚ ਉਹ ਮੁਹੰਮਦ ਸਦੀਕ ਦੇ ਹੱਕ 'ਚ ਚੋਣ ਪ੍ਰਚਾਰ ਕਰਨਗੇ ਅਤੇ ਦੁਪਹਿਰੇ 12 ਵਜੇ ਉੱਥੇ ਪਹੁੰਚਣਗੇ। ਇਸ ਤੋਂ ਇਲਾਵਾ ਰਾਹੁਲ ਗਾਂਧੀ ਲੁਧਿਆਣਾ ਦੇ ਮੁੱਲਾਂਪੁਰ ਦਾਖਾ 'ਚ ਦੁਸਹਿਰਾ ਗਰਾਊਂਡ ਵਿੱਚ ਰਵਨੀਤ ਬਿੱਟੂ ਦੇ ਹੱਕ 'ਚ ਚੋਣ ਪ੍ਰਚਾਰ ਵੀ ਕਰਨਗੇ।
ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਅੱਜ ਬਰਨਾਲਾ ਆਉਣਗੇ। ਉੱਥੇ ਉਹ ਬਰਨਾਲਾ ਦੇ ਹੰਢਿਆਇਆ ਬਾਜ਼ਾਰ ਵਿੱਚ ਪਰਮਿੰਦਰ ਸਿੰਘ ਢੀਂਡਸਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਅੱਜ ਸ਼ਾਮੀ ਉਹ ਬਰਨਾਲਾ ਵਿਖੇ ਪਹੁੰਚ ਜਾਣਗੇ।
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਬਠਿੰਡਾ 'ਚ ਰੋਡ ਸ਼ੋਅ ਕਰਨਗੇ। ਇੱਥੇ ਉਹ 'ਆਪ' ਉਮੀਦਵਾਰ ਬਲਜਿੰਦਰ ਕੌਰ ਦੇ ਹੱਕ 'ਚ ਚੋਣ ਪ੍ਰਚਾਰ ਕਰਨਗੇ। ਇਸ ਤੋਂ ਇਲਾਵਾ ਉਹ ਮਾਨਸਾ ਦੇ ਬਾਰਾਂ ਹੱਟਾਂ ਚੌਂਕ 'ਚ ਜਨਸਭਾ ਨੂੰ ਵੀ ਸੰਬੋਧਨ ਕਰਨਗੇ।
ਦੱਸ ਦਈਏ ਕਿ ਬੀਤੇ ਦਿਨ ਵੀ ਪੰਜਾਬ 'ਚ ਵੱਡੇ ਆਗੂ, ਜਿਵੇਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਰਵਿੰਦ ਕੇਜਰੀਵਾਲ ਅਤੇ ਪ੍ਰਿਯੰਕਾ ਗਾਂਧੀ ਨੇ ਆ ਕੇ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਸੀ।