ਚੰਡੀਗੜ੍ਹ: ਲੋਕ ਸਭਾ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਹੁੰਦੇ ਹੀ ਸੂਬੇ 'ਚ ਸਿਆਸੀ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਐਤਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਇਕਾਈ ਦੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਹੋਈ।
ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਇਕਾਈ ਦੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਭਾਰਤੀ ਜਨਤਾ ਪਾਰਟੀ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿੱਚ ਹੋਈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਦੱਸਿਆ ਕਿ ਬੂਥ ਪੱਧਰ ਤੋਂ ਲੈ ਕੇ ਸਟੇਟ ਪੱਧਰ ਤੱਕ ਕੋਆਰਡੀਨੇਸ਼ਨ ਕਮੇਟੀਆਂ ਇਕੱਠੇ ਤੌਰ ਤੇ ਪ੍ਰਚਾਰ ਕਰਨਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ 'ਤੇ ਲੋਕ ਸਭਾ ਚੋਣਾਂ ਲੜੀਆਂ ਜਾਣਗੀਆਂ।
ਇਸ ਮੌਕੇ ਭਾਰਤੀ ਜਨਤਾ ਪਾਰਟੀ ਪੰਜਾਬ ਇਕਾਈ ਦੇ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਜੋ ਮੋਦੀ ਲਹਿਰ ਪੂਰੇ ਦੇਸ਼ ਵਿੱਚ ਹੈ ਉਸ ਦਾ ਅਸਰ ਪੰਜਾਬ ਵਿੱਚ ਵੀ ਚੱਲੇਗਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤੋਂ ਪੰਜਾਬ ਦੇ ਹਰ ਵਰਗ ਦੇ ਲੋਕ ਦੁਖੀ ਹਨ ਜਿਸ ਕਾਰਨ ਅਕਾਲੀ ਦਲ ਭਾਜਪਾ ਨੂੰ ਪੰਜਾਬ ਦੇ ਲੋਕੀਂ ਮਜ਼ਬੂਤ ਕਰਨਗੇ।