ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਚੋਣ ਕਮਿਸ਼ਨ ਨੂੰ ਮਿਲ ਕੇ ਇਸ ਗੱਲ ਤੋਂ ਜਾਣੂ ਕਰਵਾਏਗਾ ਕਿ ਕਿਵੇ ਕਾਂਗਰਸ ਨੇ ਚੋਣਾਂ ਦੌਰਾਨ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀਆਂ ਧੱਜੀਆਂ ਉਡਾਈਆਂ ਹਨ। ਇਹ ਵਫ਼ਦ ਆਈਜੀ ਕੁੰਵਰ ਵਿਜੇ ਪ੍ਰਤਾਪ ਦੀ ਵਿਸ਼ੇਸ਼ ਜਾਂਚ ਟੀਮ ਵਿੱਚ ਵਾਪਸੀ ਅਤੇ ਚਾਰਜਸਸ਼ੀਟ ਬਾਬਤ ਚੋਣ ਕਮਿਸ਼ਨ ਨਾਲ ਗੱਲਬਾਤ ਕਰੇਗਾ।
ਇਸ ਬਾਬਤ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਦੱਸਿਆ ਕਿ ਕਿਵੇਂ ਕਾਂਗਰਸ ਨੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀਆਂ ਧੱਜੀਆਂ ਉਡਾਈਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸ਼ਿਕਾਇਤ ਦੇ ਆਧਾਰ 'ਤੇ ਚੋਣ ਕਮਿਸ਼ਨ ਨੇ ਕੁੰਵਰ ਵਿਜੇ ਪ੍ਰਤਾਪ ਨੂੰ ਵਿਸ਼ੇਸ਼ ਜਾਂਚ ਟੀਮ ਤੋਂ ਦੂਰ ਰਹਿਣ ਦੀ ਗੱਲ ਕਹੀ ਸੀ ਪਰ ਇਸ ਦੇ ਉਲਟ ਕੱਲ੍ਹ ਕੈਪਟਨ ਦੇ ਵਜੀਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਸੀ ਕਿ ਉਨ੍ਹਾਂ ਕਦੇ ਕੁੰਵਰ ਵਿਜੇ ਪ੍ਰਤਾਪ ਨੂੰ ਵਿਸ਼ੇਸ਼ ਜਾਂਚ ਟੀਮ ਤੋਂ ਬਾਹਰ ਕੀਤਾ ਹੀ ਨਹੀ ਜਿਸ ਤੋਂ ਸਾਬਤ ਹੁੰਦਾ ਹੈ ਕਿ ਕਿਵੇਂ ਕਾਂਗਰਸ ਨੇ ਖ਼ੁਦਮੁਖਤਿਆਰੀ ਕਰਕੇ ਚੋਣ ਕਮਿਸ਼ਨ ਦੇ ਹੁਕਮਾਂ ਨੂੰ ਛਿੱਕੇ ਟੰਗਿਆ।
ਸ਼੍ਰੋਮਣੀ ਅਕਾਲੀ ਦਲ ਦਾ ਇਹ ਵਫ਼ਦ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਅੱਜ 4.30 ਵਜੇ ਚੋਣ ਕਮਿਸ਼ਨ ਦਫ਼ਤਰ ਪਹੁੰਚੇਗਾ। ਇਸ ਵਫ਼ਦ ਵਿੱਚ ਮਹੇਸ਼ਇੰਦਰ ਗਰੇਵਾਲ, ਨਰੇਸ਼ ਗੁਜ਼ਰਾਲ, ਦਰਬਾਰਾ ਸਿੰਘ ਗੁਰੂ ਅਤੇ ਡਾ.ਦਲਜੀਤ ਸਿੰਘ ਚੀਮਾ ਸ਼ਾਮਲ ਹੋਣਗੇ।