ਚੰਡੀਗੜ੍ਹ: ਪੰਜਾਬ ਸਰਕਾਰ ਹੁਣ 10 ਪਸ਼ੂਆਂ ਦੀ ਖਰੀਦ ਲਈ ਮਿਲਣ ਵਾਲੀ ਸਬਸਿਡੀ ਨੂੰ ਵਧਾ ਕੇ 20 ਦੁਧਾਰੂ ਪਸ਼ੂਆਂ ਤੱਕ ਦੇ ਫਾਰਮ ਸਥਾਪਿਤ ਕਰਨ ਲਈ ਸਬਸਿਡੀ ਮੁਹੱਈਆ ਕਰਵਾਏਗੀ। ਜਿਸ ਲਈ ਪੰਜਾਬ ਸਰਕਾਰ ਵਲੋਂ 20 ਕਰੋੜ ਰੁਪਏ ਦੀ ਰਾਸ਼ੀ ਪਹਿਲਾਂ ਹੀ ਜਾਰੀ ਕਰ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸਕੀਮ ਅਧੀਨ ਜਨਰਲ ਕੈਟਾਗਰੀ ਨੂੰ 25% ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ 33 % ਸਬਸਿਡੀ ਦਿੱਤੀ ਜਾਵੇਗੀ। ਇਸ ਫੈਸਲੇ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਪਸ਼ੂ ਪਾਲਕਾਂ ਦੀ ਕਾਫ਼ੀ ਲੰਮੇ ਸਮੇਂ ਦੀ ਮੰਗ ਨੂੰ ਪੂਰਾ ਕਰ ਦਿੱਤਾ ਹੈ। ਜਿਸ ਨਾਲ ਹੁਣ ਡੇਅਰੀ ਫਾਰਮਿੰਗ 'ਤੇ ਹੋਣ ਵਾਲੀ ਲਾਗਤ ਵੀ ਘਟੇਗੀ।
ਡੇਅਰੀ ਵਿਕਾਸ ਮੰਤਰੀ ਨੇ ਦੱਸਿਆ ਕਿ ਡੇਅਰੀ ਫਾਰਮਿੰਗ ਦਾ ਧੰਦਾ ਅਪਣਾ ਕੇ ਕਿਸਾਨ ਆਪਣੇ ਰੋਜ਼ਾਨਾ ਦੀ ਘਰੇਲੂ ਜਰੂਰਤਾਂ ਪੂਰੀਆਂ ਕਰ ਸਕਦੇ ਹਨ। ਡੇਅਰੀ ਦੀਆਂ ਨਵੀਨਤਮ ਤਕਨੀਕਾਂ ਸਬੰਧੀ ਡੇਅਰੀ ਉਦਮ ਸਿਖਲਾਈ ਦੀ 10 ਜੂਨ 2019 ਤੋਂ ਸ਼ੁਰੂਆਤ ਕੀਤੀ ਜਾਵੇਗੀ। ਇਸ ਨਾਲ ਬੇਰੋਜਗਾਰ ਨੌਜਵਾਨਾਂ ਨੂੰ ਆਪਣਾ ਸਵੈ-ਰੋਜ਼ਗਾਰ ਸਥਾਪਿਤ ਕਰਨ ਲਈ ਇਹ ਸਿਖਲਾਈ ਦਿੱਤੀ ਜਾਵੇਗੀ।