ਚੰਡੀਗੜ੍ਹ: ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ. ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਾਉਣਗੇ।
ਟਰੱਸਟ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਡਾ. ਓਬਰਾਏ ਵੱਲੋਂ ਗੁਰੂ ਸਾਹਿਬ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਪੜਾਵਾਂ ਤਹਿਤ 550-550 ਲੋੜਵੰਦ ਸ਼ਰਧਾਲੂਆਂ ਨੂੰ ਆਪਣੇ ਖ਼ਰਚ 'ਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਾਉਣ ਦਾ ਫ਼ੈਸਲਾ ਕੀਤਾ ਹੈ ਤੇ ਇਸ ਸਬੰਧੀ ਟਰੱਸਟ ਵੱਲੋਂ ਇੱਕ ਵਿਸ਼ੇਸ਼ ਫਾਰਮ ਤਿਆਰ ਕੀਤਾ ਹੈ ਜੋ ਟਰੱਸਟ ਦੇ ਸਾਰੇ ਜ਼ਿਲ੍ਹਾ ਦਫ਼ਤਰਾਂ 'ਚ ਉਪਲਬਧ ਹੋਵੇਗਾ।
ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ 1 ਦਸੰਬਰ 2019 ਤੋਂ ਲੈ ਕੇ 31 ਮਈ 2020 ਤੱਕ 550 ਸ਼ਰਧਾਲੂਆਂ ਜਦ ਕਿ ਦੂਜੇ ਪੜਾਅ 'ਚ 1 ਜੂਨ ਤੋਂ ਲੈ ਕੇ 30 ਨਵੰਬਰ ਤੱਕ ਵੀ 550 ਲੋੜਵੰਦ ਸ਼ਰਧਾਲੂਆਂ ਨੂੰ ਮੁਫ਼ਤ ਦਰਸ਼ਨ ਕਰਵਾਏ ਜਾਣਗੇ ਤੇ 20 ਡਾਲਰ ਦੀ ਫ਼ੀਸ ਤੋਂ ਇਲਾਵਾ ਸ਼ਰਧਾਲੂਆਂ ਦੇ ਘਰੋਂ ਚੱਲਣ ਤੋਂ ਲੈ ਕੇ ਵਾਪਸੀ ਤੱਕ ਦਾ ਖ਼ਰਚਾ ਵੀ ਟਰੱਸਟ ਵੱਲੋਂ ਕੀਤਾ ਜਾਵੇਗਾ।