ਚੰਡੀਗੜ੍ਹ: ਪੰਜਾਬ ਵਿਧਾਨਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਤੇ ਆਖਰੀ ਦਿਨ ਸ਼ੁਰੂ ਹੋ ਚੁੱਕਾ ਹੈ। ਵਿਸ਼ੇਸ਼ ਇਜਲਾਸ ਦੇ ਦੂਸਰੇ ਦਿਨ ਕੈਪਟਨ ਸਰਕਾਰ CAA ਖਿਲਾਫ ਮਤਾ ਪੇਸ਼ ਕਰੇਗੀ। ਬੀਤੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਇਸ 'ਤੇ ਸਦਨ ਸ਼ੁਕਰਵਾਰ ਨੂੰ ਫੈਸਲਾ ਲਵੇਗਾ।
ਇਸ ਤੋਂ ਇਲਾਵਾ ਐਸ.ਸੀ/ਐਸ.ਟੀ. (ਸੋਧ) ਐਕਟ ਵੀ ਸਦਨ 'ਚ ਪੇਸ਼ ਕੀਤਾ ਜਾਵੇਗਾ ਤੇ ਇਸ ਵਿੱਚ ਅਗਲੇ 10 ਸਾਲਾਂ ਲਈ ਰਾਖਵਾਂਕਰਨ ਦਿੱਤਾ ਜਾਵੇਗਾ।
ਵਿਸ਼ੇਸ਼ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਦੇ ਬਾਹਰ ਹੰਗਾਮਾ ਕੀਤਾ ਗਿਆ ਜਿਸ ਕਾਰਨ ਪੁਲਿਸ ਨੇ ਉਨ੍ਹਾਂ ਨੂੰ ਵਿਧਾਨ ਸਭਾ ਦੇ ਅੰਦਰ ਦਾਖਲ ਨਹੀਂ ਹੋਣ ਦਿੱਤਾ। ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਦੇ ਅੰਦਰ ਬਿਜਲੀ ਬਿੱਲਾਂ ਦੀ ਅਰਥੀ ਲੈਕੇ ਜਾਣ ਦੀ ਕੋਸ਼ਿਸ਼ ਵੀ ਕੀਤੀ।
ਬੀਤੇ ਦਿਨ ਵਿਰੋਧੀ ਪਾਰਟੀਆਂ ਨੇ ਬਿਜਲੀ ਦੇ ਵਧੇ ਰੇਟਾਂ ਨੂੰ ਲੈ ਕੇ ਸਦਨ ਅੰਦਰ ਹੰਗਾਮਾ ਕੀਤਾ ਸੀ। ਅਕਾਲੀ ਦਲ ਵੱਲੋਂ ਰਾਜਪਾਲ ਦੇ ਭਾਸ਼ਣ ਦੌਰਾਨ ਛਣਕਣੇ ਵਜਾਏ ਗਏ ਅਤੇ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮਗਰੋਂ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੇ ਵਿਧਾਨ ਸਭਾ ਤੋਂ ਵਾਕਆਉਟ ਕਰ ਦਿੱਤਾ।