ਚੰਡੀਗੜ੍ਹ:ਪੰਜਾਬ ਦੇ ਵਿੱਚ ਖਰਾਬ ਹੋਈ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਵਫ਼ਦ ਡੀਜੀਪੀ ਪੰਜਾਬ ਨੂੰ ਮਿਲਿਆ। ਇਸ ਬਾਰੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਦੱਸਿਆ ਕਿ ਪੰਜਾਬ ਪੁਲਿਸ ਦਾ ਪੂਰੀ ਤਰ੍ਹਾਂ ਸਿਆਸੀਕਰਨ ਹੋ ਚੁੱਕਿਆ ਅਤੇ ਪੰਜਾਬ ਪੁਲਿਸ ਪੂਰੀ ਤਰ੍ਹਾਂ ਕਾਂਗਰਸੀ ਆਗੂਆਂ ਦੇ ਕਹਿਣ 'ਤੇ ਚੱਲ ਰਹੀ ਹੈ ਅਤੇ ਆਮ ਲੋਕਾਂ ਦੇ ਲਈ ਕੰਮ ਘੱਟ ਕਰ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਜਿਸ ਤਰੀਕੇ ਦੇ ਨਾਲ ਕਾਂਗਰਸ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਹਿਣ 'ਤੇ ਏਸੀਪੀ ਜਤਿੰਦਰ ਅਰੋੜਾ ਨੂੰ ਕਾਂਗਰਸੀ ਆਗੂ ਦੇ ਸਾਹਮਣੇ ਮਾਫ਼ੀ ਮੰਗਵਾਈ ਗਈ ਹੈ ਇਸ ਨਾਲ ਪੰਜਾਬ ਪੁਲਿਸ ਦਾ ਮਨੋਬਲ ਡਿੱਗ ਰਿਹਾ ਹੈ।
ਚੀਮਾ ਨੇ ਕਿਹਾ ਕਿ ਜਿਸ ਤਰੀਕੇ ਦੇ ਨਾਲ ਕਾਂਗਰਸ ਅਤੇ ਅਕਾਲੀ ਦਲ ਦੇ ਮੰਤਰੀਆਂ ਦੇ ਵਿੱਚ ਗੈਂਗਸਟਰ ਮੁੱਦੇ ਨੂੰ ਲੈ ਕੇ ਬਿਆਨਬਾਜ਼ੀ ਚੱਲ ਰਹੀ ਹੈ, ਇਸ ਤੋਂ ਸਾਫ ਹੁੰਦਾ ਹੈ ਕਿ ਸਰਕਾਰ ਦੇ ਨੁਮਾਇੰਦੇ ਗੈਂਗਸਟਰਾਂ ਨੂੰ ਸ਼ਹਿ ਦਿੰਦੇ ਹਨ।
ਉਨ੍ਹਾਂ ਦੱਸਿਆ ਕਿ ਡੀਜੀਪੀ ਪੰਜਾਬ ਦੇ ਵੱਲੋਂ ਇਨ੍ਹਾਂ ਸਾਰੇ ਮੁੱਦਿਆਂ ਨੂੰ ਧਿਆਨ 'ਚ ਰੱਖਦੇ ਹੋਏ ਛੇਤੀ ਹੀ ਇਸ 'ਤੇ ਐਕਸ਼ਨ ਲੈਣ ਦਾ ਵਿਸ਼ਵਾਸ ਦਿੱਤਾ ਗਿਆ।