ਚੰਡੀਗੜ੍ਹ: ਸੰਵਿਧਾਨ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਵਿੱਚ ਖਾਸ ਸੈਸ਼ਨ ਬੁਲਾਇਆ ਗਿਆ, ਜਿਸ ਵਿੱਚ ਆਮ ਆਦਮੀ ਪਾਰਟੀ ਦੀ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂਕੇ ਨੇ ਫੋਨ ਟੈਪਿੰਗ ਦਾ ਮੁੱਦਾ ਚੁੱਕਿਆ।
ਇਸ ਬਾਰੇ ਉਨ੍ਹਾਂ ਨੇ ਈਟੀਵੀ ਭਾਰਤ ਨਾਲ ਖਾਸ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਦਾ ਫੋਨ ਟੈਪ ਹੋ ਰਿਹਾ ਹੈ। ਉਨ੍ਹਾਂ ਨੇ ਕਾਂਗਰਸ ਪਾਰਟੀ 'ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਹੀ ਉਨ੍ਹਾਂ ਦੇ ਫੋਨ ਨੂੰ ਟੈਪ ਕਰਵਾਇਆ ਜਾ ਰਿਹਾ ਹੈ।
ਬੀਬੀ ਮਾਣੂੰਕੇ ਨੇ ਕਿਹਾ ਕਿ ਪਹਿਲਾਂ ਅਕਾਲੀ ਦਲ ਦੇ ਵੱਲੋਂ ਅਜਿਹੀਆਂ ਹਰਕਤਾਂ ਹੁੰਦੀਆਂ ਰਹੀਆਂ ਨੇ ਅਤੇ ਹੁਣ ਕੈਪਟਨ ਸਰਕਾਰ ਵੀ ਅਜਿਹਾ ਕਰ ਰਹੀ ਹੈ, ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਅਜਿਹੀਆਂ ਸਾਜ਼ਿਸ਼ਾਂ ਦਾ ਉਨ੍ਹਾਂ 'ਤੇ ਕੋਈ ਅਸਰ ਹੋਣ ਵਾਲਾ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇਸ ਬਾਰੇ ਉਨ੍ਹਾਂ ਨੇ ਪੰਜਾਬ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਵੀ ਮੰਗ ਪੱਤਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸੰਵਿਧਾਨ ਦਿਵਸ 'ਤੇ ਨਹੀਂ ਪਹੁੰਚੇ ਇਸ ਤੋਂ ਸਾਫ ਪਤਾ ਲੱਗਦਾ ਹੈ ਕਿ ਉਹ ਸੰਵਿਧਾਨ ਨੂੰ ਲੈ ਕੇ ਬਿਲਕੁਲ ਵੀ ਸੰਜੀਦਾ ਨਹੀਂ ਹਨ।