ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਖੇਤੀ ਕਾਨੂੰਨਾਂ ਵਿਰੁੱਧ ਮਤਾ ਪਾਸ ਕਰਨ ਸਬੰਧੀ ਅਜੇ ਤੱਕ ਵੀ ਕੋਈ ਕਦਮ ਨਾ ਚੁੱਕੇ ਜਾਣ ਵਿਰੁੱਧ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿਧਾਨ ਸਭਾ ਅੱਗੇ ਧਰਨਾ ਲਾ ਕੇ ਪੰਜਾਬ ਸਰਕਾਰ ਵਿਰੁੱਧ ਭਰਵੀਂ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਛੇਤੀ ਸੈਸ਼ਨ ਬੁਲਾ ਕੇ ਖੇਤੀ ਕਾਨੂੰਨਾਂ ਵਿਰੁੱਧ ਮਤਾ ਪਾਇਆ ਜਾਵੇ।
ਧਰਨੇ ਦੌਰਾਨ ਗੱਲਬਾਤ ਕਰਦਿਆਂ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਉਪ ਆਗੂ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਮੁੱਖ ਮੰਤਰੀ ਖੇਤੀ ਕਾਨੂੰਨਾਂ ਵਿਰੁੱਧ ਸੈਸ਼ਨ ਬੁਲਾਉਣ ਬਾਰੇ ਕਿਸਾਨਾਂ ਨੂੰ ਸਿਰਫ਼ ਲਾਰਾ ਲਾ ਰਹੇ ਹਨ ਕਿਉਂਕਿ ਅਜੇ ਤੱਕ ਕੋਈ ਸੈਸ਼ਨ ਦਾ ਸੱਦਾ ਨਹੀਂ ਦਿੱਤਾ ਗਿਆ ਹੈ, ਜਿਸ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਇਹ ਧਰਨਾ ਲਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਇੱਕ ਦਿਨ ਦੇ ਸੈਸ਼ਨ ਦੀ ਗੱਲ ਕੀਤੀ ਗਈ ਹੈ, ਪਰ ਹੁਣ ਇੱਕ ਦਿਨ ਦੇ ਸੈਸ਼ਨ ਨਾਲ ਕੋਈ ਹੱਲ ਨਹੀਂ ਨਿਕਲਣਾ, ਇਸ ਲਈ ਇੱਕ ਹਫ਼ਤੇ ਦਾ ਲਾਈਵ ਸੈਸ਼ਨ ਸੱਦਿਆ ਜਾਵੇ ਤਾਂ ਜੋ ਕਿਸਾਨਾਂ ਤੇ ਆਮ ਲੋਕਾਂ ਨੂੰ ਪਤਾ ਲੱਗ ਸਕੇ ਕਿ ਜਿਹੜੇ ਕਿਸਾਨਾਂ ਦੇ ਧਰਨਿਆਂ ਵਿੱਚ ਲੀਡਰ ਬੋਲ ਰਹੇ ਹਨ, ਉਹ ਸੈਸ਼ਨ ਵਿੱਚ ਵੀ ਬੋਲਦੇ ਹਨ ਕਿ ਨਹੀਂ।
ਉਪ ਆਗੂ ਨੇ ਕਿਹਾ ਕਿ ਇਹ ਇੱਕ ਸੰਕੇਤਕ ਧਰਨਾ ਹੈ ਅਤੇ ਰਣਨੀਤੀ ਤਹਿਤ ਅੱਗੇ ਵੀ ਸੰਘਰਸ਼ ਨੂੰ ਇਸੇ ਤਰ੍ਹਾਂ ਅੱਗੇ ਲਿਜਾਇਆ ਜਾਵੇਗਾ।