ਚੰਡੀਗੜ੍ਹ: ਪੰਜਾਬ 'ਚ 9 ਮਹੀਨੇ ਲੰਘ ਜਾਣ ਦੇ ਬਾਵਜੂਦ ਅਜੇ ਤੱਕ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦਾਂ ਦੇ ਚੇਅਰਮੈਨਾਂ ਦੀ ਚੋਣ ਨਹੀਂ ਕਰਵਾਈ ਗਈ ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕਾਂਗਰਸ 'ਤੇ ਦੋਸ਼ ਲਾਏ ਹਨ।
'ਆਪ' ਹੈਡਕੁਆਟਰ ਵੱਲੋਂ ਸਾਂਝੇ ਬਿਆਨ ਰਾਹੀਂ ਕਿਹਾ ਗਿਆ ਕਿ ਸਤੰਬਰ 2018 'ਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਹੋਈਆਂ ਸਨ। ਚੋਣਾਂ ਤੋਂ ਬਾਅਦ ਇੰਨਾਂ ਸਮਾਂ ਬੀਤ ਜਾਣ ਤੋਂ ਬਾਅਦ ਅਜੇ ਅਹੁਦੇ ਦੀ ਸਹੁੰ ਚੁਕਾਉਣ ਦੀ ਪ੍ਰੀਕਿਰਿਆ ਵੀ ਪੂਰੀ ਨਹੀਂ ਕੀਤੀ ਗਈ, ਜਿਸ ਤੋਂ ਪਤਾ ਲਗਦਾ ਹੈ ਕਿ ਸਿੱਧੇ ਰੂਪ 'ਚ ਖ਼ੁਦ ਸਰਕਾਰ ਲੋਕਤੰਤਰਿਕ ਸੰਸਥਾਵਾਂ ਦਾ ਕਤਲ ਕਰ ਰਹੀ ਹੈ।
'ਆਪ' ਆਗੂ ਕੁਲਦੀਪ ਸਿੰਘ ਧਾਲੀਵਾਲ ਅਤੇ ਦਲਬੀਰ ਸਿੰਘ ਢਿੱਲੋਂ ਵੱਲੋਂ ਕੈਪਟਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਜੇਕਰ ਉਨ੍ਹਾਂ ਦੇ ਮਨ 'ਚ ਲੋਕਤੰਤਰ ਪ੍ਰਤੀ ਥੋੜ੍ਹੀ-ਬਹੁਤ ਵੀ ਸ਼ਰਧਾ ਬਚੀ ਹੈ ਤਾਂ ਪੰਚਾਇਤੀ ਰਾਜ ਪ੍ਰਣਾਲੀ ਨੂੰ ਸਿਆਸਤਦਾਨਾਂ ਅਤੇ ਭ੍ਰਿਸ਼ਟਾਚਾਰੀ ਅਫ਼ਸਰਾਂ ਦੇ ਚੁੰਗਲ 'ਚੋਂ ਬਾਹਰ ਕੱਢਣ।