ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪਾਰਟੀ ਦੇ ਸਮੂਹ ਵਿਧਾਇਕ ਅਤੇ ਵਲੰਟੀਅਰ 12 ਅਕਤੂਬਰ ਨੂੰ ਕਿਸਾਨ ਮਾਰੂ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਕਿਸਾਨਾਂ ਦੇ ਹੱਕ ਵਿੱਚ ਦਿੱਲੀ ਵਿਖੇ ਜੰਤਰ-ਮੰਤਰ 'ਚ ਧਰਨਾ ਪ੍ਰਦਰਸ਼ਨ ਕਰਨਗੇ।
ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨ ਜਾਗਰਤੀ ਰੈਲੀ ਕੀਤੀ ਜਾ ਰਹੀ ਹੈ, ਜਿਸ ਦੌਰਾਨ ਗ੍ਰਾਮ ਸਭਾ ਅਤੇ ਦਿੱਲੀ ਜਾਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ਾਂ ਦਾ ਆਮ ਆਦਮੀ ਪਾਰਟੀ ਰਾਜਨੀਤੀ ਤੋਂ ਉਪਰ ਉਠ ਕੇ ਸਾਥ ਦੇਵੇਗੀ।
ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੇ ਜੰਤਰ-ਮੰਤਰ ਵਿਖੇ ਪੁੱਜ ਕੇ ਤਾਨਾਸ਼ਾਹ ਕੇਂਦਰ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾਵੇਗੀ। ਪੰਜਾਬ, ਪੰਜਾਬੀਅਤ ਦੀ ਆਵਾਜ਼ ਨੂੰ ਕੇਂਦਰ ਤੱਕ ਪਹੁੰਚਾਇਆ ਜਾਵੇਗਾ ਅਤੇ ਦੱਸਿਆ ਜਾਵੇਗਾ ਕਿ ਕਿਵੇਂ ਕਿਸਾਨ ਆਪਣੇ ਭਵਿੱਖ ਦੀ ਚਿੰਤਾ ਵਿੱਚ ਡੁੱਬ ਗਏ ਹਨ ਅਤੇ ਆਪਣੇ ਚੁੱਲ੍ਹਿਆਂ ਦੀ ਅੱਗ ਬਚਾਉਣ ਲਈ ਲੜਾਈ ਲੜ ਰਹੇ ਹਨ।
ਸੰਸਦ ਮੈਂਬਰ ਨੇ ਕਿਹਾ ਕਿ ਜੰਤਰ-ਮੰਤਰ ਵਿਖੇ ਆਮ ਆਦਮੀ ਪਾਰਟੀ ਵੱਲੋਂ ਲਗਾਏ ਜਾ ਰਹੇ ਧਰਨੇ ਵਿੱਚ ਪੰਜਾਬ ਦੀ ਸਮੂਹ ਲੀਡਰਸ਼ਿਪ ਦੇ ਨਾਲ ਦਿੱਲੀ ਦੇ ਵਿਧਾਇਕ ਅਤੇ ਮੰਤਰੀ ਵੀ ਇੱਕਜੁੱਟ ਹੋ ਕੇ ਕੇਂਦਰ ਦੀ ਮੋਦੀ ਸਰਕਾਰ ਦੇ ਕੰਨਾਂ ਤੱਕ ਇਹ ਸੰਦੇਸ਼ ਪਹੁੰਚਾਉਣਗੇ ਕਿ ਪਾਸ ਕੀਤੇ ਤਿੰਨੇ ਖੇਤੀ ਕਾਨੂੰਨ ਕਿਸ ਤਰ੍ਹਾਂ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਣਗੇ।
ਅਖ਼ੀਰ ਉਨ੍ਹਾਂ ਸਭ ਨੂੰ ਪੰਜਾਬ, ਪੰਜਾਬੀਅਤ ਲਈ ਦਿੱਲੀ ਵਿਖੇ 12 ਤਰੀਕ ਨੂੰ ਆਪਣੇ ਹੱਕ ਲੈਣ ਲਈ ਪੁੱਜਣ ਦੀ ਅਪੀਲ ਕੀਤੀ।