ਚੰਡੀਗੜ੍ਹ, 2 ਮਾਰਚ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਕੋਲ ਐਕਰੀਡੇਟਿਡ ਸੂਬੇ ਦੇ ਪੱਤਰਕਾਰਾਂ ਨੂੰ 12000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੇਣ ਲਈ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਫੈਸਲੇ ਨਾਲ ਸਰਕਾਰ ਨੇ ਪੱਤਰਕਾਰ ਭਾਈਚਾਰੇ ਦੀ ਲੰਮੇ ਸਮੇਂ ਤੋਂ ਲੰਬਿਤ ਮੰਗ ਨੂੰ ਪ੍ਰਵਾਨ ਕਰ ਲਿਆ ਹੈ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬਾ ਮੰਤਰੀ ਮੰਡਲ ਵੱਲੋਂ ਪ੍ਰਵਾਨ ਕੀਤੇ ਗਏ ਪ੍ਰਸਤਾਵ ਦੇ ਅਨੁਸਾਰ 60 ਸਾਲ ਦੀ ਉਮਰ ਤੋਂ ਵੱਧ ਵਾਲੇ ਪੰਜਾਬ ਵਿੱਚ ਕੰਮ ਕਰਨ ਵਾਲੇ ਉਹ ਪੱਤਰਕਾਰ ਜੋ ਪਿਛਲੇ ਛੇ ਸਾਲਾਂ ਵਿੱਚੋਂ ਪੰਜ ਸਾਲ ਐਕਰੀਡੇਟਿਡ ਰਹੇ ਹਨ, ਪ੍ਰਤੀ ਮਹੀਨਾ 12000 ਰੁਪਏ ਵਿੱਤੀ ਸਹਾਇਤਾ ਪ੍ਰਾਪਤ ਕਰਨਗੇ।
ਪੱਤਰਕਾਰੀ ਦੇ ਕਾਰਜ ਦੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਇਸ ਸਬੰਧ ਵਿੱਚ ਪੱਤਰਕਾਰਾਂ ਨੂੰ ਭਰੋਸਾ ਦਿਵਾਇਆ ਸੀ ਜੋ ਮੰਤਰੀ ਮੰਡਲ ਦੀ ਪ੍ਰਵਾਨਗੀ ਦੇ ਨਾਲ ਪੂਰਾ ਹੋ ਗਿਆ ਹੈ।