ਚੰਡੀਗੜ੍ਹ: ਇੱਥੇ ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ 'ਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਪਹਿਲੀ ਵਾਰ ਸੂਬੇ ਦੀ ਸੱਤਾ ਉਨ੍ਹਾਂ ਲੋਕ ਆਗੂਆਂ ਨੂੰ ਸੌਂਪੀ ਗਈ ਹੈ, ਜੋ ਲੋਕਾਂ ਦੀ ਭਲਾਈ ਲਈ ਵਚਨਬੱਧ ਹਨ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਪਹਿਲਾਂ ਇਹ ਵਾਗਡੋਰ ਅਜਿਹੇ ਲੋਕਾਂ ਦੇ ਹੱਥਾਂ ਵਿੱਚ ਸੀ, ਜੋ ਸੂਬੇ ਨੂੰ ਲੁੱਟਣ ਵਿੱਚ ਅੰਗਰੇਜ਼ਾਂ ਤੋਂ ਵੀ ਅੱਗੇ ਨਿਕਲ ਗਏ। ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਹਰ ਪੰਜਾਬੀ ਅਤੇ ਸੂਬੇ ਦੇ ਸਾਰੇ ਨਾਗਰਿਕਾਂ ਦੀ ਸਰਕਾਰ ਹੈ ਅਤੇ ਸੂਬੇ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਦਾ ਇਸ ਸਾਲ ਦਾ ਭਾਸ਼ਣ ਆਉਣ ਵਾਲੇ ਸਮੇਂ ਵਿੱਚ ਸੂਬੇ ਵਿੱਚ ਹੋਣ ਵਾਲੇ ਵੱਡੇ ਵਿਕਾਸ ਦਾ ਮਹਿਜ਼ ਇੱਕ ਝਲਕਾਰਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹਰ ਖੇਤਰ ਵਿੱਚ ਸਰਬਪੱਖੀ ਤਰੱਕੀ ਤੇ ਖ਼ੁਸ਼ਹਾਲ ਦਾ ਗਵਾਹ ਬਣ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਜਾਰੀ ਰਹੇਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਹਰ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੂਰੇ ਜੋਸ਼ੋ-ਖ਼ਰੋਸ਼ ਨਾਲ ਕੰਮ ਕਰ ਰਹੀ ਹੈ।
ਬਿਜਲੀ ਉਤਪਾਦਨ ਵਿੱਚ 83 ਫ਼ੀਸਦ ਵਾਧਾ: ਆਪਣੀ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਬਿਜਲੀ ਦੇ ਲੰਮੇ ਕੱਟ ਲੱਗਣੇ ਪੁਰਾਣੇ ਸਮੇਂ ਦੀ ਗੱਲ ਹੋ ਗਈ ਹੈ ਕਿਉਂਕਿ ਪੰਜਾਬ ਹੁਣ ਬਿਜਲੀ ਸਰਪਲੱਸ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਬਿਜਲੀ ਉਤਪਾਦਨ ਵਿੱਚ 83 ਫ਼ੀਸਦ ਵਾਧਾ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਗਏ ਅਣਥੱਕ ਯਤਨਾਂ ਸਦਕਾ ਪਛਵਾੜਾ ਕੋਲਾ ਖਾਣ ਤੋਂ ਬਿਜਲੀ ਉਤਪਾਦਨ ਲਈ ਕੋਲੇ ਦੀ ਸਪਲਾਈ ਲੰਬੇ ਸਮੇਂ ਬਾਅਦ ਮੁੜ ਸ਼਼ੁਰੂ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ 1 ਜੁਲਾਈ ਤੋਂ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗਰੰਟੀ ਪੂਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਨਵੰਬਰ-ਦਸੰਬਰ, 2022 ਦੇ ਮਹੀਨਿਆਂ ਦੌਰਾਨ ਸੂਬੇ ਦੇ 87 ਫ਼ੀਸਦ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆਏ ਹਨ। ਭਗਵੰਤ ਮਾਨ ਨੇ ਕਿਹਾ ਕਿ ਉਹ ਆਮ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਚੰਗੀ ਤਰ੍ਹਾਂ ਜਾਣਦੇ ਹਨ ਕਿ ਸੂਬੇ ਦੇ ਲੋਕਾਂ ਨੂੰ ਕਿਹੜੀਆਂ ਮੁਸ਼ਕਲਾਂ ਦਰਪੇਸ਼ ਆਉਂਦੀਆਂ ਹਨ।
ਬਿਜਲੀ ਮੰਤਰੀ ਨਾਲ ਮੀਟਿੰਗ: ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਕੇਂਦਰ ਸਰਕਾਰ ਮਹਾਨਦੀ ਕੋਲਫੀਲਡਜ਼ ਲਿਮਟਿਡ ਤੋਂ ਤਲਵੰਡੀ ਸਾਬੋ ਪਾਵਰ ਲਿਮਟਿਡ ਨੂੰ ਕੋਲੇ ਦੀ ਸਪਲਾਈ ਲਈ ਲਾਜ਼ਮੀ ਆਰ.ਐਸ.ਆਰ. ਸ਼ਰਤ ਨੂੰ ਹਟਾਉਣ ਲਈ ਸਹਿਮਤ ਹੋ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਬਿਜਲੀ ਮੰਤਰੀ ਨਾਲ ਮੀਟਿੰਗ ਦੌਰਾਨ ਇਹ ਮੁੱਦਾ ਉਠਾਇਆ ਸੀ, ਜਿਸ ਤੋਂ ਬਾਅਦ ਇਸ ਸਬੰਧੀ ਫੈਸਲਾ ਲਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰਿਆ ਹੈ। ਉਨ੍ਹਾਂ ਕਿਹਾ ਕਿ ਉਦਯੋਗਪਤੀ ਸੂਬੇ ਵਿੱਚ ਨਿਵੇਸ਼ ਕਰਨ ਲਈ ਪੂਰੀ ਉਤਸੁਕਤਾ ਦਿਖਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਵੱਡੀ ਪੱਧਰ 'ਤੇ ਵਿਕਾਸ ਹੋਵੇਗਾ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।
ਕਾਲੋਨੀਆਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ: ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ ਅਤੇ ਸੂਬੇ ਨਾਲ ਦਗ਼ਾ ਕਮਾਉਣ ਵਾਲੇ ਆਗੂਆਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਬੇਰਹਿਮੀ ਨਾਲ ਲੁੱਟਣ ਅਤੇ ਬਰਬਾਦ ਕਰਨ ਵਾਲੇ ਇਨ੍ਹਾਂ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਤੋਂ ਉਨ੍ਹਾਂ ਨੂੰ ਕੋਈ ਨਹੀਂ ਰੋਕ ਸਕਦਾ। ਭਗਵੰਤ ਮਾਨ ਨੇ ਸਦਨ ਨੂੰ ਭਰੋਸਾ ਦਿਵਾਇਆ ਕਿ ਭ੍ਰਿਸ਼ਟ ਆਗੂਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਤੋਂ ਉਨ੍ਹਾਂ ਨੂੰ ਕੋਈ ਨਹੀਂ ਰੋਕ ਸਕਦਾ ਅਤੇ ਅਜਿਹੇ ਆਗੂਆਂ ਵਿਰੁੱਧ ਕਾਰਵਾਈ ਹਰ ਹਾਲੇ ਜਾਰੀ ਰਹੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਹੀ ਸੂਬੇ ਦੇ 5000 ਪਿੰਡਾਂ ਨੂੰ ਜਾਇਦਾਦ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਇਤਰਾਜ਼ਹੀਣਤਾ ਸਰਟੀਫਿਕੇਟ ਲੈਣ ਤੋਂ ਛੋਟ ਦਿੱਤੀ ਹੋਈ ਹੈ ਅਤੇ ਜਲਦ ਹੀ ਇੰਨੇ ਹੋਰ ਪਿੰਡਾਂ ਨੂੰ ਵੀ ਛੋਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਕਿਸੇ ਵੀ ਗ਼ੈਰ-ਕਾਨੂੰਨੀ ਕਾਲੋਨੀ ਨੂੰ ਵਿਕਸਿਤ ਨਹੀਂ ਹੋਣ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਗ਼ੈਰ-ਕਾਨੂੰਨੀ ਕਾਲੋਨੀਆਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਨੂੰ ਪਹਿਲਾਂ ਹੀ ਸੁਚਾਰੂ ਬਣਾਇਆ ਗਿਆ ਹੈ।
23 ਜ਼ਿਲ੍ਹਿਆਂ ਵਿੱਚ 117 ਸਕੂਲ ਆਫ ਐਮੀਨੈਂਸ: ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 117 ਸਕੂਲ ਆਫ ਐਮੀਨੈਂਸ ਖੋਲ੍ਹੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਲਈ ਚੰਗੀ ਤਰ੍ਹਾਂ ਤਿਆਰ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦਾ ਵੱਕਾਰ ਮੁੜ ਬਹਾਲ ਹੋਵੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਨਵੀਆਂ ਲੀਹਾਂ ’ਤੇ ਪਾਉਣ ਲਈ ਸੂਬਾ ਸਰਕਾਰ ਨੇ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਬਣਾਉਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ ਅਤੇ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਸੂਬੇ ਦਾ ਹਰੇਕ ਜ਼ਿਲ੍ਹਾ ਇੱਕ ਮੈਡੀਕਲ ਕਾਲਜ ਨਾਲ ਜੁੜਿਆ ਹੋਵੇ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਮਸਤੂਆਣਾ ਸਾਹਿਬ ਵਿਖੇ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਦਾ ਨੀਂਹ ਪੱਥਰ ਪਹਿਲਾਂ ਹੀ ਰੱਖਿਆ ਜਾ ਚੁੱਕਾ ਹੈ ਅਤੇ ਜਲਦੀ ਹੀ ਇਸ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਜਾਵੇਗਾ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਦੋ ਹੋਰ ਮੈਡੀਕਲ ਕਾਲਜਾਂ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ।
ਖੇਤੀ ਬੜੀ ਗੰਭੀਰ ਸਥਿਤੀ ਵਿੱਚ: ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਭਾਵੇਂ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਪਰ ਸਾਡੀ ਖੇਤੀ ਬੜੀ ਗੰਭੀਰ ਸਥਿਤੀ ਵਿੱਚ ਹੈ, ਜਿਸ ਕਾਰਨ ਸਾਡੇ ਨੌਜਵਾਨ ਖੇਤੀ ਛੱਡ ਕੇ ਮਾਮੂਲੀ ਨੌਕਰੀਆਂ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਕਿਸਾਨਾਂ ਦੀ ਭਲਾਈ ਬਾਰੇ ਨਹੀਂ ਸੋਚਿਆ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਫੰਡ ਨਹੀਂ ਦਿੱਤੇ ਗਏ, ਜਿਸ ਕਾਰਨ ਯੂਨੀਵਰਸਿਟੀ ਹੁਣ ਪੰਜਾਬ ਦੀ ਬਿਹਤਰੀ ਤੇ ਖੁਸ਼ਹਾਲ ਖੇਤੀਬਾੜੀ ਲਈ ਖੋਜ ਕਰਨ ਦੇ ਸਮਰੱਥ ਨਹੀਂ ਹੈ। ਭਗਵੰਤ ਮਾਨ ਨੇ ਨਕਲੀ ਬੀਜਾਂ ਤੋਂ ਮੁਨਾਫਾ ਕਮਾ ਕੇ ਕਿਸਾਨਾਂ ਨੂੰ ਬਰਬਾਦ ਕਰਨ ਲਈ ਵੀ ਪਿਛਲੀਆਂ ਸਰਕਾਰਾਂ ’ਤੇ ਨਿਸ਼ਾਨਾ ਸਾਧਿਆ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਬਾਰੇ ਜਾਣੂੰ ਹੀ ਨਹੀਂ ਕਰਵਾਇਆ ਗਿਆ, ਜਿਸ ਕਾਰਨ ਉਨ੍ਹਾਂ ਦੀ ਆਮਦਨ ਵਿੱਚ ਖੜੋਤ ਆ ਗਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਭਲਾਈ ਲਈ ਕਈ ਉੱਘੇ ਖੇਤੀ ਮਾਹਿਰਾਂ ਨਾਲ ਹੱਥ ਮਿਲਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਕਿਸਾਨਾਂ ਦੇ ਵਿਚਾਰ ਜਾਣਨ ਵਾਸਤੇ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ‘ਸਰਕਾਰ-ਕਿਸਾਨ ਮਿਲਣੀ’ ਕਰਵਾਈ ਗਈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੀ ਪੱਧਰ ਉਤੇ ਉਤਸ਼ਾਹਤ ਕਰ ਰਹੀ ਹੈ ਅਤੇ ਉਨ੍ਹਾਂ ਨੇ ਖ਼ੁਦ ਬਦਲਵੀਆਂ ਫ਼ਸਲਾਂ ਲਈ ਮੰਡੀਕਰਨ ਦਾ ਮਸਲਾ ਕੇਂਦਰ ਸਰਕਾਰ ਕੋਲ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਖੁਰਾਕੀ ਵਸਤਾਂ ਦੀ ਪ੍ਰਾਸੈਸਿੰਗ ਦੇ ਨਾਲ-ਨਾਲ ਬਾਸਮਤੀ ਦੀ ਖੇਤੀ ਨੂੰ ਉਤਸ਼ਾਹਤ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਪਹਿਲਾ ਮੌਕਾ ਹੈ, ਜਦੋਂ ਸੂਬਾ ਸਰਕਾਰ ਪਹਿਲੀ ਅਪ੍ਰੈਲ ਤੋਂ ਨਰਮੇ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਏਗੀ ਅਤੇ ਨਹਿਰੀ ਪਾਣੀ ਦੀ ਚੋਰੀ ਰੋਕਣ ਲਈ ਪੁਲਿਸ ਤਾਇਨਾਤ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Returning from Canada: 15 ਸਾਲ ਬਾਅਦ ਕੈਨੇਡਾ ਤੋਂ ਭਾਰਤ ਪਰਤੇ ਸ਼ਖ਼ਸ ਦੀ ਘਰ ਪਹੁੰਚਣ ਤੋਂ ਪਹਿਲਾਂ ਮੌਤ, ਪਰਿਵਾਰ 'ਚ ਛਾਇਆ ਮਾਤਮ