ਚੰਡੀਗੜ੍ਹ: ਅੱਜ, ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਵਰਕਰਾਂ ਵਲੋਂ ਆਪ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। SYL ਨੂੰ ਲੈ ਕੇ ਅਕਾਲੀ ਦਲ ਵਲੋਂ ਸੀਐਮ ਮਾਨ ਦੀ ਰਿਹਾਇਸ਼ ਦਾ ਘਿਰਾਉ ਕਰਨ ਦੀ ਤਿਆਰੀ ਹੈ। ਇਸ ਤੋਂ ਪਹਿਲਾਂ, ਰਣਨੀਤੀ ਬਣਾਉਣ ਲਈ ਜਲਦੀ ਹੀ ਪਾਰਟੀ ਦਫ਼ਤਰ ਵਿੱਚ ਮੀਟਿੰਗ ਬੁਲਾਈ ਗਈ। ਇਸ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ, ਜ਼ਿਲ੍ਹਾ ਪ੍ਰਧਾਨ, ਹਲਕਾ ਇੰਚਾਰਜ, ਕੋਰ ਕਮੇਟੀ ਮੈਂਬਰਾਂ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਬੁਲਾਇਆ ਗਿਆ ਹੈ। ਇਸ ਤੋਂ ਬਾਅਦ ਉਹ ਮੁੱਖ ਮੰਤਰੀ ਨਿਵਾਸ ਵੱਲ ਮਾਰਚ ਕਰਨਗੇ।
ਅਕਾਲੀ ਦਲ ਆਗੂਆਂ 'ਤੇ ਵਾਟਰ ਕੈਨਨ ਦੀ ਵਰਤੋਂ: ਸ਼੍ਰੋਮਣੀ ਅਕਾਲੀ ਦਲ ਨੇ SYL ਦੇ ਮੁੱਦੇ 'ਤੇ ਪਾਰਟੀ ਪ੍ਰਧਾਨ ਸੁਖਵੀਰ ਬਾਦਲ ਦੀ ਅਗਵਾਈ ਹੇਠ ਜ਼ੋਰਦਾਰ ਪ੍ਰਦਰਸ਼ਨ ਕੀਤਾ। ਅਕਾਲੀ ਦਲ ਐੱਸਵਾਈਐੱਲ ਦੇ ਮੁੱਦੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਿਹਾ ਸੀ। ਇਸ ਦੌਰਾਨ ਚੰਡੀਗੜ੍ਹ ਪੁਲਿਸ ਨੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ’ਤੇ ਜਲ ਤੋਪਾਂ ਦੀ ਵਰਤੋਂ ਵੀ ਕੀਤੀ। ਇਸ ਦੇ ਨਾਲ ਹੀ, ਅਕਾਲੀ ਦਲ ਦੇ ਕਈ ਆਗੂਆਂ ਤੇ ਵਰਕਰਾਂ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਤੋਂ ਪਹਿਲਾਂ ਕੱਲ੍ਹ, ਸੋਮਵਾਰ ਨੂੰ ਪੰਜਾਬ ਕਾਂਗਰਸ ਨੇ ਵੀ ਐੱਸਵਾਈਐੱਲ ਦੇ ਮੁੱਦੇ 'ਤੇ ਪ੍ਰਦਰਸ਼ਨ ਕੀਤਾ ਸੀ ਅਤੇ ਚੰਡੀਗੜ੍ਹ ਪੁਲਿਸ ਨੇ ਜਲ ਚੈਨਲ ਦੀ ਵਰਤੋਂ ਕਰਦੇ ਹੋਏ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ 'ਚ ਲਿਆ ਸੀ।
SYL ਨੂੰ ਲੈ ਕੇ ਘੇਰੀ ਆਪ ਸਰਕਾਰ: ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਨੇਤਾ ਬਿਕਰਮ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ, ਦਿੱਲੀ ਦੇ ਕੇਜਰੀਵਾਲ ਦੀ ਕੱਠਪੁਤਲੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਉਣ ਲਈ ਗੱਡੀ ਭੇਜਣੀ ਚਾਹੀਦੀ ਸੀ, ਪਰ ਉਨ੍ਹਾਂ ਨੇ ਤਾਂ ਪੁਲਿਸ ਫੋਰਸ ਲਾ ਦਿੱਤੀ। ਮਜੀਠੀਆ ਨੇ ਕਿਹਾ ਕਿ ਐਸਵਾਈਐਲ ਨੂੰ ਲੈ ਕੇ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਕਮਿਟਮੈਂਟ ਕਰ ਚੁੱਕੇ ਹਨ ਕਿ ਐਸਵਾਈਐਲ ਬਣੇ ਅਤੇ ਰਾਜਸਥਾਨ-ਦਿੱਲੀ ਨੂੰ ਪਾਣੀ ਦਿੱਤਾ ਜਾਵੇ।
ਇਸ ਤੋਂ ਪਹਿਲਾਂ ਅਕਾਲੀ ਦਲ ਨੇ ਰਾਜਪਾਲ ਨਾਲ ਕੀਤੀ ਸੀ ਮੁਲਾਕਾਤ: ਜ਼ਿਕਰਯੋਗ ਹੈ ਕਿ 6 ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ ਵਫ਼ਦ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮਿਲ ਚੁੱਕਾ ਹੈ। ਇਸ ਦੌਰਾਨ ਹੋਰ ਮੁੱਦਿਆਂ ਸਣੇ ਐਸਵਾਈਐਲ ਬਾਰੇ ਵੀ ਚਰਚਾ ਕੀਤੀ ਗਈ ਸੀ। ਸੁਖਬੀਰ ਬਾਦਲ ਵਲੋਂ ਅਕਾਲੀ ਦਲ ਦਾ ਸਟੈਂਡ ਸਪੱਸ਼ਟ ਕੀਤਾ ਗਿਆ ਸੀ ਕਿ ਪੰਜਾਬ ਦਾ ਪਾਣੀ ਬਾਹਰ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਸੀ ਕਿ ਪੰਜਾਬ ਕੋਲ ਪਾਣੀ ਤੋਂ ਇਲਾਵਾ ਕੁੱਝ ਵੀ ਨਹੀ ਹੈ। ਇਸ ਮੁੱਦੇ ਦੀ ਸਭ ਤੋਂ ਵੱਡੀ ਦੋਸ਼ੀ ਕਾਂਗਰਸ ਨੂੰ ਦੱਸਦਿਆ ਬਾਦਲ ਨੇ ਕਿਹਾ ਸੀ ਕਿ ਉਨ੍ਹਾਂ ਰਾਜਸਥਾਨ, ਹਰਿਆਣਾ ਤੇ ਦਿੱਲੀ ਨੂੰ ਪਾਣੀ ਦਿੱਤਾ।
ਸੁਖਬੀਰ ਬਾਦਲ ਦਾ ਕਹਿਣਾ ਰਿਹਾ ਕਿ ਪੰਜਾਬ ਦੀ ਆਪ ਲੀਡਰਸ਼ਿਪ ਅਰਵਿੰਦ ਕੇਜਰੀਵਾਲ ਦੇ ਹੁਕਮ ਤੋਂ ਬਾਹਰ ਨਹੀਂ ਜਾ ਸਕਦੇ, ਜਿਸ ਦੇ ਚੱਲਦੇ ਹਰਿਆਣਾ ਨੂੰ ਪਾਣੀ ਦੇਣ ਦੀ ਗੱਲ ਕੀਤੀ ਜਾ ਰਹੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ ਕਿ ਅਸੀਂ ਐਸਵਾਈਐਲ ਦਾ ਪਾਣੀ ਦੇਣਾ ਚਾਹੁੰਦੇ ਹਾਂ ਪਰ ਵਿਰੋਧੀ ਪਾਰਟੀਆਂ ਨਹੀਂ ਮੰਨ ਰਹੀਆਂ।