ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਦੇ ਸਰਕਾਰੀ ਹਸਪਤਾਲ ਸਿਰਫ ਦਿੱਲੀ ਦੇ ਵਸਨੀਕਾਂ ਲਈ ਸੀਮਤ ਕਰਨ ਦੇ ਫੈਸਲੇ ਨੂੰ ਦੇਸ਼ ਦੇ ਲੋਕਾਂ ਨਾਲ ਵਿਤਕਰਾ ਤੇ ਅਣਮਨੁੱਖੀ ਫੈਸਲਾ ਕਰਾਰ ਦਿੱਤਾ ਤੇ ਮੰਗ ਕੀਤੀ ਕਿ ਇਹ ਫੈਸਲਾ ਤੁਰੰਤ ਵਾਪਸ ਲਿਆ ਜਾਵੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਇਕ ਮੁੱਖ ਮੰਤਰੀ ਨੇ ਦੇਸ਼ ਦੇ ਲੋਕਾਂ ਨਾਲ ਇਹ ਐਲਾਨ ਕਰਕੇ ਵਿਤਕਰਾ ਕਰਨ ਦੀ ਕੋਸ਼ਿਸ਼ ਕੀਤੀ ਹੈ ਕਿ ਸਰਕਾਰੀ ਹਸਪਤਾਲਾਂ ਵਿਚ ਉਨ੍ਹਾਂ ਦਾ ਇਲਾਜ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੀ ਆਪ ਲੀਡਰਸ਼ਿਪ ਨੂੰ ਪੁੱਛਣਾ ਚਾਹੁੰਦੇ ਹਨ ਕਿ ਜੇਕਰ ਪੰਜਾਬ ਦਾ ਕੋਈ ਵਸਨੀਕ ਦਿੱਲੀ ਦੌਰੇ ਸਮੇਂ ਬਿਮਾਰ ਹੋ ਜਾਂਦਾ ਹੈ ਤਾਂ ਕੀ ਉਹ ਉਸਨੂੰ ਵਾਪਸ ਪੰਜਾਬ ਲਿਆ ਕੇ ਇੱਥੇ ਹਸਪਤਾਲ ਵਿੱਚ ਦਾਖਲ ਕਰਵਾਉਣਗੇ ?
ਫੈਸਲਾ ਨੂੰ ਲੋਕ ਵਿਰੋਧੀ ਕਰਾਰ ਦਿੰਦਿਆਂ ਡਾ. ਚੀਮਾ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੋਇਆ ਜਦੋਂ ਕੇਜਰੀਵਾਲ ਨੇ ਅਜਿਹੇ ਬੇਰਹਿਮੀ ਭਰੇ ਸਖ਼ਤ ਫੈਸਲੇ ਲਏ ਹੋਣ। ਉਨ੍ਹਾਂ ਕਿਹਾ ਕਿ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਰਾਸ਼ਨ ਨਾ ਦੇ ਕੇ ਉਨ੍ਹਾਂ ਨੂੰ ਦਿੱਲੀ ਤੋਂ ਭੱਜਣ ਲਈ ਮਜਬੂਰ ਕੀਤਾ ਸੀ। ਹੁਣ ਉਹ ਉਨ੍ਹਾਂ ਲੱਖਾਂ ਲੋਕਾਂ ਨੂੰ ਇਲਾਜ ਦੀ ਸਹੂਲਤ ਦੇਣ ਤੋਂ ਇਨਕਾਰ ਕਰ ਰਹੇ ਹਨ ਜਿਨ੍ਹਾਂ ਕੋਲ ਦਿੱਲੀ ਦੇ ਵਸਨੀਕ ਹੋਣ ਦਾ ਦਸਤਾਵੇਜ਼ੀ ਸਬੂਤ ਤਾਂ ਨਹੀਂ ਹੈ ਪਰ ਉਹ ਕੰਮਕਾਜ ਕਾਰਨ ਦਿੱਲੀ ਵਿਚ ਹੀ ਰਹਿੰਦੇ ਹਨ।
ਇਹੀ ਵੀ ਪੜੋ: ਆਨਲਾਈਨ ਕਲਾਸਾਂ ਨਾਲ ਬੱਚਿਆਂ ਦੀਆਂ ਅੱਖਾਂ 'ਤੇ ਪੈ ਰਿਹੈ ਮਾੜਾ ਪ੍ਰਭਾਵ
ਉਨ੍ਹਾਂ ਨੇ ਕੇਜਰੀਵਾਲ ਨੂੰ ਇਹ ਫੈਸਲਾ ਤੁਰੰਤ ਵਾਪਸ ਲੈਣ ਲਈ ਆਖਿਆ ਤੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਕੇਂਦਰ ਸਰਕਾਰ ਕੋਲੋਂ ਜਾਂ ਹੋਰ ਸੂਬਾ ਸਰਕਾਰਾਂ ਕੋਲ ਮਦਦ ਮੰਗ ਸਕਦੇ ਹਨ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਮਹਾਂਮਾਰੀ ਦੌਰਾਨ ਕਿਸੇ ਨੂੰ ਵੀ ਤੁਰੰਤ ਇਲਾਜ ਤੋਂ ਇਨਕਾਰ ਨਾ ਕੀਤਾ ਜਾਵੇ।