ਚੰਡੀਗੜ੍ਹ: ਫ਼ਸਲਾਂ ਦੀ ਐਮਐਸਪੀ ਬਚਾਉਣ ਸਬੰਧੀ ਮੋਦੀ ਸਰਕਾਰ ਵਿਰੁੱਧ ਸੰਘਰਸ਼ ਕਰਨ ਦੀਆਂ ਗੱਲਾਂ ਸੁਖਬੀਰ ਸਿੰਘ ਬਾਦਲ ਦੇ ਮੂੰਹੋਂ ਸੁਣਕੇ ਸਾਰਾ ਪੰਜਾਬ ਹੱਸ ਰਿਹਾ ਹੈ। ਕਿਉਂਕਿ ਹਰ ਕੋਈ ਜਾਣਦਾ ਹੈ ਕਿ ਇਸ ਸਮੇਂ ਬਾਦਲ ਪਰਿਵਾਰ ਸਿਰਫ਼ ਅਤੇ ਸਿਰਫ਼ ਹਰਸਿਮਰਤ ਕੌਰ ਬਾਦਲ ਦੀ ਕੁਰਸੀ ਬਚਾਉਣ ਲਈ ਹੀ ਸੰਘਰਸ਼ ਕਰ ਰਿਹਾ ਹੈ।
ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇਹ ਵਿਅੰਗਮਈ ਟਿੱਪਣੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਉਸ ਤਾਜ਼ਾ ਬਿਆਨ ‘ਤੇ ਕੀਤੀ ਹੈ। ਜਿਸ ਰਾਹੀਂ ਸੁਖਬੀਰ ਸਿੰਘ ਬਾਦਲ ਨੇ ਫ਼ਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਨਾਲ ਕਿਸੇ ਕਿਸਮ ਦੀ ਛੇੜਛਾੜ ਹੋਣ ਦੀ ਸੂਰਤ ‘ਚ ਕੇਂਦਰ ਸਰਕਾਰ ਵਿਰੁੱਧ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ ਹੈ।
ਚੀਮਾ ਨੇ ਕਿਹਾ ਕਿ ਮੋਦੀ ਸਰਕਾਰ ਦੇ ਇਨ੍ਹਾਂ ਤਿੰਨ ਆਰਡੀਨੈਂਸਾਂ ਕਿਸਾਨੀ ਉਪਜ ਵਪਾਰ ਅਤੇ ਵਣਜ (ਪ੍ਰੋਤਸਾਹਨ ਅਤੇ ਸਹਾਇਕ) ਆਰਡੀਨੈਂਸ-2020, ਕੀਮਤ ਗਰੰਟੀ ਅਤੇ ਖੇਤੀ ਸੇਵਾਵਾਂ ਸੰਬੰਧੀ ਕਿਸਾਨ (ਸ਼ਕਤੀਕਰਨ ਅਤੇ ਸੁਰੱਖਿਆ) ਆਰਡੀਨੈਂਸ-2020 ਅਤੇ ਜ਼ਰੂਰੀ ਵਸਤਾਂ (ਸੋਧ) ਆਰਡੀਨੈਂਸ-2020 ਰਾਹੀਂ ਸੰਘੀ ਢਾਂਚੇ ਦੀ ਸਿੱਧੇ ਰੂਪ ‘ਚ ਸੰਘੀ ਘੁੱਟੀ ਹੈ। ਸੂਬੇ ਅਤੇ ਕਿਸਾਨਾਂ ਦੇ ਹਿੱਤਾਂ ‘ਤੇ ਸਿੱਧਾ ਹਮਲਾ ਕੀਤਾ ਹੈ। ਪੰਜਾਬ ਅਤੇ ਹਰਿਆਣਾ ਦੇ ਮੌਜੂਦਾ ਮੰਡੀਕਰਨ ਨੂੰ ਢਹਿ ਢੇਰੀ ਕਰਨ ਅਤੇ ਕਣਕ ਅਤੇ ਝੋਨੇ ਦੀ ਫ਼ਸਲ ਲਈ ਤੈਅ ਹੁੰਦੇ ਘੱਟੋ ਘੱਟ ਸਮਰਥਨ ਮੁੱਲ ਨੂੰ ਖ਼ਤਮ ਕਰਨ ਦਾ ਸਿਧਾਂਤਕ ਫ਼ੈਸਲਾ ਲੈ ਲਿਆ ਹੈ। ਖੇਤੀ ਲਾਗਤ ਅਤੇ ਕੀਮਤਾਂ ਕਮਿਸ਼ਨ ਦੀਆਂ ਤਾਜ਼ਾ ਸਿਫ਼ਾਰਿਸ਼ਾਂ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਤਾਜ਼ਾ ਬਿਆਨ ਨੇ ਇਸ ਦੀ ਸਪਸ਼ਟ ਰੂਪ ‘ਚ ਪੁਸ਼ਟੀ ਕਰਦੇ ਹਨ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਦੀ ਮੌਜੂਦਗੀ ‘ਚ ਮੋਦੀ ਕੈਬਿਨੇਟ ਨੇ ਪੰਜਾਬ ਦੀ ਖ਼ੁਦਮੁਖ਼ਤਿਆਰੀ ਅਤੇ ਖੇਤੀ ਖੇਤਰ ਲਈ ਘਾਤਕ ਤਿੰਨ ਤਾਨਾਸ਼ਾਹੀ ਆਰਡੀਨੈਂਸ ਪਾਸ ਕਰ ਦਿੱਤੇ। ਪਰ ਹਰਸਿਮਰਤ ਕੌਰ ਬਾਦਲ ਦੇ ਮੂੰਹੋਂ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਇੱਕ ਸ਼ਬਦ ਨਹੀਂ ਨਿਕਲਿਆ।
ਹਰਸਿਮਰਤ ਕੌਰ ਬਾਦਲ ਦੀ ਇੱਕ ਵਜ਼ੀਰੀ ਬਚਾਉਣ ਖ਼ਾਤਰ ‘ਸੰਘਰਸ਼ਸ਼ੀਲ’ ਬਾਦਲ ਪਰਿਵਾਰ ਕਿਸ ਸੰਘਰਸ਼ ਦੀਆਂ ਗੱਲਾਂ ਕਰ ਰਿਹਾ ਹੈ? ਹਰਪਾਲ ਸਿੰਘ ਚੀਮਾ ਨੇ ਸੁਖਬੀਰ ਸਿੰਘ ਬਾਦਲ ਨੂੰ ਪੁੱਛਿਆ ਕਿ ਖੇਤੀ ਵਿਰੁੱਧ ਆਰਡੀਨੈਂਸ ਆ ਗਏ ਹਨ। ਸੀਏਸੀਪੀ ਨੇ ਸ਼ਾਂਤਾ ਕੁਮਾਰ ਕਮੇਟੀ ਦੀਆਂ ਸਿਫ਼ਾਰਿਸ਼ਾਂ ਦੀ ਵਕਾਲਤ ਕਰਦੇ ਹੋਏ ਪੰਜਾਬ ਅਤੇ ਹਰਿਆਣਾ ‘ਚੋਂ ਕਣਕ ਅਤੇ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰਨ ਦੀਆਂ ਸਿਫ਼ਾਰਿਸ਼ਾਂ ਕਰ ਦਿੱਤੀਆਂ ਹਨ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਐਮ.ਐਸ.ਪੀ ਨੂੰ ਦੇਸ਼ ਦੀ ਆਰਥਿਕਤਾ ਲਈ ਖ਼ਤਰਾ ਦੱਸ ਕੇ ਪੰਜਾਬ ਅਤੇ ਹਰਿਆਣਾ ‘ਚੋਂ ਕਣਕ-ਝੋਨੇ ਦੀ ਸਰਕਾਰੀ ਖ਼ਰੀਦ ਅਤੇ ਐਮ.ਐਸ.ਪੀ ਬੰਦ ਕੀਤੇ ਜਾਣ ਦਾ ਫ਼ਰਮਾਨ ਸੁਣਾ ਦਿੱਤਾ ਹੈ, ਫਿਰ ਸੁਖਬੀਰ ਸਿੰਘ ਬਾਦਲ ਫ਼ਸਲਾਂ ਦੇ ਸਮਰਥਨ ਮੁੱਲ ਨਾਲ ਹੋਰ ਕਿਹੜੀ ਛੇੜਛਾੜ ਦੀ ਉਡੀਕ ਕਰ ਰਹੇ ਹਨ?