ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥
ਅਰਥ: ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2। 19। 47।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਇਹ ਵੀ ਪੜੋ: 3 May Press Freedom Day: ਸਰਕਾਰੀ ਇਸ਼ਤਿਹਾਰਬਾਜ਼ੀ ਖੁੱਸਣ ਦੇ ਡਰੋਂ ਮੀਡੀਆ ਦੀ ਅਜ਼ਾਦੀ 'ਤੇ ਲੱਗੀ ਲਗਾਮ ! ਖ਼ਾਸ ਰਿਪੋਰਟ